ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕੜਾ ਬਿੱਲ ਪੇਸ਼, ਉਮਰ ਕੈਦ ਤੇ 25 ਲੱਖ ਜੁਰਮਾਨੇ ਦਾ ਪ੍ਰਸਤਾਵ
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026” ਵਿਧਾਨ ਸਭਾ ਵਿੱਚ ਪੇਸ਼ ਕੀਤਾ। ਇਸ ਬਿੱਲ ਅਨੁਸਾਰ ਦੋਸ਼ੀਆਂ ਲਈ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਜੁਰਮਾਨੇ ਦੀ ਤਜਵੀਜ਼ ਰੱਖੀ ਗਈ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ, ਜਿਸ ਦਾ ਮੁੱਖ ਮਕਸਦ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਈ ਸਖ਼ਤ ਕਾਨੂੰਨ ਤਿਆਰ ਕਰਨਾ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026” ਵਿਧਾਨ ਸਭਾ ਵਿੱਚ ਪੇਸ਼ ਕੀਤਾ। ਇਸ ਬਿੱਲ ਅਨੁਸਾਰ ਦੋਸ਼ੀਆਂ ਲਈ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਜੁਰਮਾਨੇ ਦੀ ਤਜਵੀਜ਼ ਰੱਖੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਇਜਲਾਸ ਖਾਸ ਤੌਰ ‘ਤੇ ਇਸ ਸੰਵੇਦਨਸ਼ੀਲ ਮਾਮਲੇ ‘ਤੇ ਵਿਚਾਰ ਕਰਨ ਲਈ ਸੱਦਿਆ ਗਿਆ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਸਭ ਤੋਂ ਉੱਚੀ ਤਰਜੀਹ ਹੋਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਰਾਜਨੀਤਿਕ ਅੰਤਰਾਂ ਨੂੰ ਪਾਸੇ ਰੱਖ ਕੇ ਇਸ ਮਾਮਲੇ ‘ਚ ਸਹਿਯੋਗ ਦਿੱਤਾ ਜਾਵੇ।
ਬਿੱਲ ‘ਤੇ ਚਰਚਾ ਦੀ ਸ਼ੁਰੂਆਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਅਤੇ ਮਰਯਾਦਾ ਦੀ ਰੱਖਿਆ ਲਈ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਬੇਅਦਬੀ ਦੀ ਵਿਸਤ੍ਰਿਤ ਵਿਆਖਿਆ ਕੀਤੀ ਗਈ ਹੈ ਅਤੇ ਜਾਂਚ ਸਿਰਫ਼ ਡੀਐਸਪੀ ਜਾਂ ਇਸ ਤੋਂ ਉੱਚੇ ਅਧਿਕਾਰੀ ਵੱਲੋਂ ਹੀ ਕੀਤੀ ਜਾਵੇਗੀ।
ਬਿੱਲ ਵਿੱਚ ਇਹ ਵੀ ਪ੍ਰਬੰਧ ਕੀਤਾ ਗਿਆ ਹੈ ਕਿ ਅਜਿਹੇ ਮਾਮਲਿਆਂ ਵਿੱਚ ਜ਼ਮਾਨਤ ਨਹੀਂ ਮਿਲੇਗੀ ਅਤੇ ਕਿਸੇ ਤਰ੍ਹਾਂ ਦਾ ਸਮਝੌਤਾ ਵੀ ਮਨਜ਼ੂਰ ਨਹੀਂ ਹੋਵੇਗਾ। ਇਸ ਤੋਂ ਇਲਾਵਾ, ਜੋ ਵੀ ਵਿਅਕਤੀ ਇਸ ਤਰ੍ਹਾਂ ਦੀ ਘਟਨਾ ਵਿੱਚ ਸ਼ਾਮਲ ਪਾਇਆ ਜਾਵੇਗਾ, ਉਸ ਨੂੰ ਇੱਕੋ ਜਿਹੀ ਸਜ਼ਾ ਦੇਣ ਦੀ ਵਿਵਸਥਾ ਕੀਤੀ ਗਈ ਹੈ।
ਮੰਤਰੀ ਬੈਂਸ ਨੇ ਕਿਹਾ ਕਿ ਇਹ ਬਿੱਲ ਸਿਰਫ਼ ਸਿੱਖ ਭਾਈਚਾਰੇ ਹੀ ਨਹੀਂ, ਸਗੋਂ ਸਾਰੇ ਧਰਮਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਵੱਲ ਇੱਕ ਅਹਿਮ ਕਦਮ ਹੈ, ਜਿਸ ਨਾਲ ਲੋਕਾਂ ਵਿੱਚ ਵਿਸ਼ਵਾਸ ਵਧੇਗਾ ਅਤੇ ਅਜਿਹੀਆਂ ਘਟਨਾਵਾਂ ‘ਤੇ ਕਾਬੂ ਪਾਇਆ ਜਾ ਸਕੇਗਾ।
