ਐਸਜੀਪੀਸੀ ਮੈਂਬਰਾਂ ਦਾ ਵਫ਼ਦ ਅਕਾਲ ਤਖ਼ਤ ਸਾਹਿਬ ਪਹੁੰਚਿਆ, ਸੁਖਬੀਰ ਬਾਦਲ ਨੂੰ ਦੁਬਾਰਾ ਤਲਬ ਕਰਨ ਦੀ ਮੰਗ

ਐਸਜੀਪੀਸੀ ਮੈਂਬਰਾਂ ਦਾ ਵਫ਼ਦ ਅਕਾਲ ਤਖ਼ਤ ਸਾਹਿਬ ਪਹੁੰਚਿਆ, ਸੁਖਬੀਰ ਬਾਦਲ ਨੂੰ ਦੁਬਾਰਾ ਤਲਬ ਕਰਨ ਦੀ ਮੰਗ

ਵਫ਼ਦ ਵੱਲੋਂ ਮੰਗ ਕੀਤੀ ਗਈ ਕਿ ਬਾਦਲ ਦੇ ਹਾਲੀਆ ਬਿਆਨਾਂ ਨੂੰ ਗੰਭੀਰਤਾ ਨਾਲ ਵੇਖਦਿਆਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਸ੍ਰੀ ਅਮ੍ਰਿਤਸਰ ਸਾਹਿਬ

ਬਿਊਰੋ ਰਿਪੋਰਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰਾਂ ਦਾ ਇੱਕ ਵਫ਼ਦ ਮਾਸਟਰ ਮਿੱਠੂ ਸਿੰਘ ਕਾਨਕੇ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਿਆ, ਜਿੱਥੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤਲਬ ਕਰਨ ਲਈ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਸੌਂਪਿਆ। ਵਫ਼ਦ ਵੱਲੋਂ ਮੰਗ ਕੀਤੀ ਗਈ ਕਿ ਬਾਦਲ ਦੇ ਹਾਲੀਆ ਬਿਆਨਾਂ ਨੂੰ ਗੰਭੀਰਤਾ ਨਾਲ ਵੇਖਦਿਆਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੈਂਬਰਾਂ ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਵੱਡੀਆਂ ਤੋਂ ਵੱਡੀਆਂ ਸ਼ਖਸੀਅਤਾਂ ਨੇ ਅਕਾਲ ਤਖ਼ਤ ਸਾਹਿਬ ਅੱਗੇ ਨਿਮਰਤਾ ਨਾਲ ਹਾਜ਼ਰ ਹੋ ਕੇ ਆਪਣੀਆਂ ਗਲਤੀਆਂ ਲਈ ਮਾਫ਼ੀ ਮੰਗੀ ਹੈ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ, ਗਿਆਨੀ ਜੈਲ ਸਿੰਘ ਅਤੇ ਸੁਰਜੀਤ ਸਿੰਘ ਬਰਨਾਲਾ ਵਰਗੇ ਆਗੂਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਰਿਵਾਇਤ ਸਿੱਖ ਪੰਥ ਦੀ ਮਰਿਆਦਾ ਨੂੰ ਦਰਸਾਉਂਦੀ ਹੈ। ਪਰ ਮੌਜੂਦਾ ਮਾਮਲੇ ਵਿੱਚ ਹੁਕਮਨਾਮੇ ਨੂੰ ਮੰਨਣ ਤੋਂ ਬਾਅਦ ਉਸਨੂੰ “ਸਾਜ਼ਿਸ਼” ਕਰਾਰ ਦੇਣਾ ਬਹੁਤ ਹੀ ਗੰਭੀਰ ਮਾਮਲਾ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਇਹ ਬਿਆਨ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਢੀਲਾ ਕਰਦਾ ਹੈ ਅਤੇ ਪੰਥਕ ਰਿਵਾਇਤਾਂ ਦੇ ਉਲਟ ਹੈ। ਵਫ਼ਦ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਤਲਬ ਕਰਕੇ “ਤਨਖਾਹੀਆ” ਘੋਸ਼ਿਤ ਕੀਤਾ ਜਾਵੇ ਅਤੇ ਕੜੀ ਤੋਂ ਕੜੀ ਸਜ਼ਾ ਦਿੱਤੀ ਜਾਵੇ, ਤਾਂ ਜੋ ਆਗੇ ਲਈ ਕੋਈ ਵੀ ਵਿਅਕਤੀ ਅਕਾਲ ਤਖ਼ਤ ਦੇ ਹੁਕਮਾਂ ਨੂੰ ਚੁਣੌਤੀ ਦੇਣ ਦੀ ਹਿੰਮਤ ਨਾ ਕਰੇ।

ਇਸ ਦੇ ਨਾਲ ਹੀ ਮੈਂਬਰਾਂ ਨੇ ਐਸਜੀਪੀਸੀ ਪ੍ਰਧਾਨ ਦੀ ਭੂਮਿਕਾ ‘ਤੇ ਵੀ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ 2 ਦਸੰਬਰ 2024 ਨੂੰ ਜਾਰੀ ਕੀਤੇ ਗਏ ਹੁਕਮਨਾਮਿਆਂ ਦੀ ਪਾਲਣਾ ਕਰਵਾਉਣ ਦੀ ਜ਼ਿੰਮੇਵਾਰੀ ਪ੍ਰਧਾਨ ਦੀ ਸੀ, ਪਰ ਇਸ ਮਾਮਲੇ ਵਿੱਚ ਉਹ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੇ। ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਨੂੰ ਵੀ ਅਕਾਲ ਤਖ਼ਤ ਸਾਹਿਬ ਅੱਗੇ ਤਲਬ ਕਰਕੇ ਪੁੱਛਗਿੱਛ ਕੀਤੀ ਜਾਵੇ।

ਵਫ਼ਦ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਨਾ ਹੋਈ ਤਾਂ ਇਹ ਗਲਤ ਮਿਸਾਲ ਬਣੇਗੀ ਅਤੇ ਭਵਿੱਖ ਵਿੱਚ ਅਕਾਲ ਤਖ਼ਤ ਦੇ ਹੁਕਮਾਂ ਦੀ ਅਣਦੇਖੀ ਵਧ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਥਕ ਮਰਿਆਦਾ ਅਤੇ ਅਨੁਸ਼ਾਸਨ ਨੂੰ ਕਾਇਮ ਰੱਖਣ ਲਈ ਇਹ ਕਦਮ ਲੈਣਾ ਬਹੁਤ ਜ਼ਰੂਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *