CM ਮਾਨ ਸਬੂਤ ਦੇਣ ਜਾਂ ਮੁਆਫੀ ਮੰਗਣ! ਤਰੁਣ ਚੁੱਘ ਵੱਲੋਂ ਕਾਨੂੰਨੀ ਨੋਟਿਸ, 7 ਦਿਨਾਂ ਦਾ ਅਲਟੀਮੇਟਮ

CM ਮਾਨ ਸਬੂਤ ਦੇਣ ਜਾਂ ਮੁਆਫੀ ਮੰਗਣ! ਤਰੁਣ ਚੁੱਘ ਵੱਲੋਂ ਕਾਨੂੰਨੀ ਨੋਟਿਸ, 7 ਦਿਨਾਂ ਦਾ ਅਲਟੀਮੇਟਮ

ਤਰੁਣ ਚੁੱਘ ਨੇ ਮੁੱਖ ਮੰਤਰੀ ਨੂੰ ਹਾਲ ਹੀ ਵਿੱਚ ਪੰਜਾਬ ਵਿੱਚ ਹੋਏ ਧਮਾਕਿਆਂ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਣ ਸਬੰਧੀ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ Tarun Chugh ਨੇ ਪੰਜਾਬ ਦੇ ਮੁੱਖ ਮੰਤਰੀ Bhagwant Mann ਵੱਲੋਂ ਭਾਜਪਾ ‘ਤੇ ਲਗਾਏ ਗਏ ਇਲਜ਼ਾਮਾਂ ਨੂੰ ਬੇਬੁਨਿਆਦ ਅਤੇ ਗੁੰਮਰਾਹਕੁੰਨ ਕਰਾਰ ਦਿੰਦਿਆਂ ਉਨ੍ਹਾਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਤਰੁਣ ਚੁੱਘ ਨੇ ਮੁੱਖ ਮੰਤਰੀ ਨੂੰ ਹਾਲ ਹੀ ਵਿੱਚ ਪੰਜਾਬ ਵਿੱਚ ਹੋਏ ਧਮਾਕਿਆਂ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਣ ਸਬੰਧੀ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ।

ਚੁੱਘ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਸੰਵਿਧਾਨਕ ਅਹੁਦੇ ਦੀ ਮਰਯਾਦਾ ਨੂੰ ਨਜ਼ਰਅੰਦਾਜ਼ ਕਰਦਿਆਂ ਬਿਨਾਂ ਕਿਸੇ ਸਬੂਤ ਦੇ ਦੇਸ਼ ਦੀ ਸਭ ਤੋਂ ਵੱਡੀ ਲੋਕਤੰਤਰੀ ਪਾਰਟੀ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਬਿਆਨ ਮੁੱਖ ਮੰਤਰੀ ਦੀ ਸਿਆਸੀ ਨਿਰਾਸ਼ਾ ਅਤੇ ਗੈਰ-ਜ਼ਿੰਮੇਵਾਰਾਨਾ ਸੋਚ ਨੂੰ ਦਰਸਾਉਂਦਾ ਹੈ।

ਤਰੁਣ ਚੁੱਘ ਨੇ ਸਵਾਲ ਉਠਾਇਆ ਕਿ ਜਦੋਂ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਧਮਾਕਿਆਂ ਪਿੱਛੇ ISI ਅਤੇ ਵਿਦੇਸ਼ੀ ਨੈੱਟਵਰਕ ਦੀ ਭੂਮਿਕਾ ਦੀ ਗੱਲ ਕੀਤੀ ਜਾ ਰਹੀ ਹੈ ਤਾਂ ਫਿਰ ਮੁੱਖ ਮੰਤਰੀ ਕਿਸ ਆਧਾਰ ‘ਤੇ ਭਾਜਪਾ ਨੂੰ ਨਿਸ਼ਾਨਾ ਬਣਾ ਰਹੇ ਹਨ? ਉਨ੍ਹਾਂ ਕਿਹਾ ਕਿ ਕੀ ਭਗਵੰਤ ਮਾਨ ਸਿਆਸੀ ਲਾਭ ਲਈ ਦੇਸ਼ ਵਿਰੋਧੀ ਤਾਕਤਾਂ ਨੂੰ ਅਪਰੋਕਸ਼ ਤੌਰ ‘ਤੇ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ?

ਚੁੱਘ ਨੇ ਕਿਹਾ ਕਿ ਜਦੋਂ ਪੂਰਾ ਦੇਸ਼ ‘ਆਪ੍ਰੇਸ਼ਨ ਸਿੰਦੂਰ’ ਦੀ ਵਰ੍ਹੇਗੰਢ ਮੌਕੇ ਭਾਰਤੀ ਫੌਜ ਦੇ ਜਜ਼ਬੇ ਅਤੇ ਸ਼ੌਰਿਆ ਨੂੰ ਨਮਨ ਕਰ ਰਿਹਾ ਹੈ, ਉਸ ਸਮੇਂ ਮੁੱਖ ਮੰਤਰੀ ਵੱਲੋਂ ਲਗਾਏ ਗਏ ਇਹ ਇਲਜ਼ਾਮ ਦੇਸ਼ਵਾਸੀਆਂ ਦੀ ਭਾਵਨਾ ਅਤੇ ਵਿਸ਼ਵਾਸ ਦਾ ਅਪਮਾਨ ਹਨ।

ਭਾਜਪਾ ਨੇ ਸਾਫ ਕੀਤਾ ਹੈ ਕਿ ਭਗਵੰਤ ਮਾਨ ਨੂੰ ਆਪਣੇ ਦੋਸ਼ਾਂ ਦੇ ਸਬੂਤ ਜਨਤਕ ਕਰਨੇ ਪੈਣਗੇ। ਜੇਕਰ ਉਹ 7 ਦਿਨਾਂ ਅੰਦਰ ਆਪਣਾ ਬਿਆਨ ਵਾਪਸ ਲੈ ਕੇ ਜਨਤਕ ਤੌਰ ‘ਤੇ ਮੁਆਫੀ ਨਹੀਂ ਮੰਗਦੇ ਤਾਂ ਉਨ੍ਹਾਂ ਖਿਲਾਫ ਅਪਰਾਧਿਕ ਮਾਣਹਾਨੀ ਅਤੇ ਜਨਤਕ ਅਸ਼ਾਂਤੀ ਭੜਕਾਉਣ ਦੇ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਇਸ ਵੇਲੇ ਨਸ਼ਿਆਂ, ਗੈਂਗਸਟਰ ਕਲਚਰ ਅਤੇ ਆਰਥਿਕ ਸੰਕਟ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਪਣੀ ਪ੍ਰਸ਼ਾਸਨਿਕ ਨਾਕਾਮੀ ਨੂੰ ਲੁਕਾਉਣ ਲਈ ਮੁੱਖ ਮੰਤਰੀ ਸਿਰਫ਼ ਸਿਆਸੀ ਡਰਾਮੇਬਾਜ਼ੀ ਕਰ ਰਹੇ ਹਨ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਨੂੰ ਡਰਾਮਿਆਂ ਦੀ ਨਹੀਂ, ਸਗੋਂ ਜ਼ਿੰਮੇਵਾਰ ਅਤੇ ਪਾਰਦਰਸ਼ੀ ਸ਼ਾਸਨ ਦੀ ਲੋੜ ਹੈ। ਰਾਸ਼ਟਰੀ ਸੁਰੱਖਿਆ ਵਰਗੇ ਸੰਵੇਦਨਸ਼ੀਲ ਮਸਲਿਆਂ ‘ਤੇ ਸਿਆਸੀ ਲਾਭ ਲਈ ਬਿਆਨਬਾਜ਼ੀ ਕਰਨਾ ਪੰਜਾਬ ਦੀ ਅਮਨ-ਸ਼ਾਂਤੀ ਲਈ ਖਤਰਨਾਕ ਸਾਬਤ ਹੋ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *