ਪੰਜਾਬ ਦੇ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਮਹਿੰਗਾਈ ਭੱਤੇ ਮਾਮਲੇ ’ਚ ਸਰਕਾਰ ਨੂੰ ਝਟਕਾ
ਅਦਾਲਤ ਨੇ ਪੰਜਾਬ ਸਰਕਾਰ ਦੀ ਉਸ ਅਰਜ਼ੀ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਉੱਚ ਪ੍ਰਸ਼ਾਸਨਿਕ ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ ਜਾਰੀ ਕਰਨ ਸਬੰਧੀ ਇਕੱਲੇ ਜੱਜ ਦੇ ਫ਼ੈਸਲੇ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਇੱਕ ਮਹੱਤਵਪੂਰਨ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਪੰਜਾਬ ਸਰਕਾਰ ਦੀ ਉਸ ਅਰਜ਼ੀ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਉੱਚ ਪ੍ਰਸ਼ਾਸਨਿਕ ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ ਜਾਰੀ ਕਰਨ ਸਬੰਧੀ ਇਕੱਲੇ ਜੱਜ ਦੇ ਫ਼ੈਸਲੇ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।
ਹਾਈ ਕੋਰਟ ਨੇ ਕਿਹਾ ਕਿ ਅਦਾਲਤ ਸਿਰਫ਼ ਇੰਨਾ ਕਰ ਸਕਦੀ ਹੈ ਕਿ ਇਕੱਲੇ ਜੱਜ ਵੱਲੋਂ ਮਹਿੰਗਾਈ ਭੱਤੇ ਦੇ ਬਕਾਏ ਜਾਰੀ ਕਰਨ ਲਈ ਨਿਰਧਾਰਤ 30 ਜੂਨ ਦੀ ਮਿਆਦ ਵਿੱਚ ਵਾਧਾ ਕੀਤਾ ਜਾਵੇ। ਪਰ ਇਸ ਲਈ ਵੀ ਪੰਜਾਬ ਸਰਕਾਰ ਨੂੰ ਇਹ ਸਪਸ਼ਟ ਕਰਨਾ ਹੋਵੇਗਾ ਕਿ ਬਕਾਇਆ ਰਕਮ ਕਦੋਂ ਅਤੇ ਕਿਹੜੇ ਤਰੀਕੇ ਨਾਲ ਜਾਰੀ ਕੀਤੀ ਜਾਵੇਗੀ।
ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਸਰਕਾਰ ਮਹਿੰਗਾਈ ਭੱਤੇ ਦੇ ਬਕਾਏ ਦੇਣ ਲਈ ਤਿਆਰ ਹੈ, ਪਰ ਇਸ ਸਮੇਂ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੀ ਹੈ। ਇਸ ਉੱਤੇ ਹਾਈ ਕੋਰਟ ਨੇ ਤਿੱਖੀ ਟਿੱਪਣੀ ਕਰਦਿਆਂ ਪੁੱਛਿਆ ਕਿ ਜੇਕਰ ਸਰਕਾਰ ਹਰ ਵਾਰ ਵਿੱਤੀ ਸੰਕਟ ਦੀ ਗੱਲ ਕਰਦੀ ਹੈ ਤਾਂ ਪੰਜਾਬ ਵਿੱਚ ਵਿੱਤੀ ਐਮਰਜੈਂਸੀ ਲਾਗੂ ਕਿਉਂ ਨਹੀਂ ਕਰਦੀ।
ਇਸ ਮਾਮਲੇ ਸਬੰਧੀ Arshdeep Singh Kaler ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੇ ਬਣਦੇ ਮਹਿੰਗਾਈ ਭੱਤੇ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਅਰਜ਼ੀ ’ਤੇ ਹਾਈ ਕੋਰਟ ਵੱਲੋਂ ਰੋਕ ਨਾ ਲਗਾਉਣਾ ਮੁਲਾਜ਼ਮ ਵਰਗ ਅਤੇ ਸੱਚਾਈ ਦੀ ਵੱਡੀ ਜਿੱਤ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਕਾਨੂੰਨੀ ਹੱਕਾਂ ਨੂੰ ਰੋਕ ਕੇ ਉਨ੍ਹਾਂ ਨਾਲ ਅਨਿਆਂ ਕਰਨ ਦੀ ਕੋਸ਼ਿਸ਼ ਕੀਤੀ ਹੈ। ਪਾਰਟੀ ਦੇ ਅਨੁਸਾਰ ਇਹ ਰਵੱਈਆ ਨਾ ਕੇਵਲ ਮੁਲਾਜ਼ਮ ਵਿਰੋਧੀ ਹੈ, ਸਗੋਂ ਉਹਨਾਂ ਪਰਿਵਾਰਾਂ ਨਾਲ ਵੀ ਨਾਇਨਸਾਫ਼ੀ ਹੈ ਜੋ ਮਹਿੰਗਾਈ ਦੇ ਦੌਰ ਵਿੱਚ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਇੱਕ ਸਪਸ਼ਟ ਸੰਦੇਸ਼ ਵਜੋਂ ਵੇਖਿਆ ਜਾ ਰਿਹਾ ਹੈ ਕਿ ਕਿਸੇ ਵੀ ਸਰਕਾਰ ਨੂੰ ਮੁਲਾਜ਼ਮਾਂ ਦੇ ਹੱਕਾਂ ਨੂੰ ਦਬਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਸ਼੍ਰੋਮਣੀ ਅਕਾਲੀ ਦਲ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਨੂੰ ਤੁਰੰਤ ਮਹਿੰਗਾਈ ਭੱਤਾ ਜਾਰੀ ਕਰਨ ਅਤੇ ਮੁਲਾਜ਼ਮਾਂ ਨਾਲ ਹੋ ਰਹੀ ਨਾਇਨਸਾਫ਼ੀ ਖਤਮ ਕਰਨ ਦੀ ਅਪੀਲ ਕੀਤੀ ਹੈ।
