ਪੰਜਾਬੀ ਗਾਇਕਾ ਇੰਦਰ ਕੌਰ ਕਤਲ ਮਾਮਲੇ ਵਿੱਚ ਵੱਡਾ ਮੋੜ, ਮੁੱਖ ਦੋਸ਼ੀ ਖਿਲਾਫ਼ ਵਿਦੇਸ਼ ਭੱਜਣ ਰੋਕਣ ਲਈ ਹੁਕਮ ਜਾਰੀ
ਜਾਣਕਾਰੀ ਮੁਤਾਬਕ ਇਸ ਮਾਮਲੇ ਦੇ ਮੁੱਖ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਖਿਲਾਫ਼ ਵਿਦੇਸ਼ ਭੱਜਣ ਤੋਂ ਰੋਕਣ ਲਈ ਵਿਸ਼ੇਸ਼ ਨਿਗਰਾਨੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਚੰਡੀਗੜ੍ਹ
ਬਿਊਰੋ ਰਿਪੋਰਟ
ਮਸ਼ਹੂਰ ਪੰਜਾਬੀ ਗਾਇਕਾ ਯਸ਼ਿੰਦਰ ਕੌਰ ਉਰਫ਼ ਇੰਦਰ ਕੌਰ ਦੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ਦੇ ਮੁੱਖ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਖਿਲਾਫ਼ ਵਿਦੇਸ਼ ਭੱਜਣ ਤੋਂ ਰੋਕਣ ਲਈ ਵਿਸ਼ੇਸ਼ ਨਿਗਰਾਨੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਕਤਲ ਦੀ ਘਟਨਾ ਤੋਂ ਬਾਅਦ ਨੇਪਾਲ ਦੇ ਰਸਤੇ ਕੈਨੇਡਾ ਭੱਜ ਗਿਆ ਸੀ। ਗਾਇਕਾ ਇੰਦਰ ਕੌਰ ਅਤੇ ਸੁਖਵਿੰਦਰ ਸਿੰਘ ਪਿਛਲੇ ਛੇ ਸਾਲਾਂ ਤੋਂ ਇੱਕ ਦੂਜੇ ਨੂੰ ਜਾਣਦੇ ਸਨ। ਗਾਇਕਾ ਦੀ ਲਾਸ਼ 19 ਮਈ ਨੂੰ ਸਮਰਾਲਾ ਦੀ ਨੀਲੋਂ ਨਹਿਰ ਵਿੱਚੋਂ ਬਰਾਮਦ ਕੀਤੀ ਗਈ ਸੀ, ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਸੀ।
ਪੁਲਿਸ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁੱਖ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਗਾਇਕਾ ਨਾਲ ਜ਼ਬਰਦਸਤੀ ਵਿਆਹ ਕਰਨਾ ਚਾਹੁੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸਦਾ ਪਿਤਾ ਪ੍ਰੀਤਮ ਸਿੰਘ ਵੀ ਇਸ ਗੱਲ ਲਈ ਰਾਜ਼ੀ ਸੀ। ਪਰ ਇੰਦਰ ਕੌਰ ਨੇ ਉਸ ਨਾਲ ਵਿਆਹ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਇਹ ਵਿਵਾਦ ਵਧਦਾ ਗਿਆ।
ਮੁੱਖ ਦੋਸ਼ੀ ਦੇ ਪਿਤਾ ਸਮੇਤ ਤਿੰਨ ਲੋਕ ਗ੍ਰਿਫ਼ਤਾਰ
ਇਸ ਮਾਮਲੇ ਵਿੱਚ ਪੁਲਿਸ ਪਹਿਲਾਂ ਹੀ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਸੁਖਵਿੰਦਰ ਸਿੰਘ ਦਾ ਪਿਤਾ ਅਤੇ ਉਸਦੇ ਦੋ ਕਰੀਬੀ ਸਾਥੀ ਸ਼ਾਮਲ ਹਨ। ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਜਾਰੀ ਹੈ।
ਗਾਇਕਾ ਨੂੰ ਕੀਤਾ ਗਿਆ ਸੀ ਅਗਵਾ
ਜ਼ਿਕਰਯੋਗ ਹੈ ਕਿ ਗਾਇਕਾ ਇੰਦਰ ਕੌਰ ਪਿਛਲੇ ਛੇ ਦਿਨਾਂ ਤੋਂ ਲਾਪਤਾ ਸੀ। ਬਾਅਦ ਵਿੱਚ ਉਸਦੀ ਲਾਸ਼ ਨੀਲੋਂ ਨਹਿਰ ਵਿੱਚੋਂ ਮਿਲੀ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਕਤਲ ਅਤੇ ਅਗਵਾ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਨਾਲ ਜੁੜੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁੱਖ ਦੋਸ਼ੀ ਨੂੰ ਜਲਦ ਕਾਬੂ ਕਰਨ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
