ਪੰਜਾਬ ਦੀਆਂ 4 ਨਗਰ ਕੌਂਸਲਾਂ ਲਈ ਚੋਣ ਪ੍ਰੋਗਰਾਮ ਜਾਰੀ, 10 ਜੂਨ ਨੂੰ ਆਉਣਗੇ ਨਤੀਜੇ
ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਇਹ ਚੋਣ ਪ੍ਰਕਿਰਿਆ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਮਿਉਂਸਪਲ ਐਕਟ 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਚੋਣ ਕਮਿਸ਼ਨ ਵੱਲੋਂ ਸੂਬੇ ਦੀਆਂ ਰਹਿੰਦੀਆਂ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੁਰਾਸੀ ਨਗਰ ਕੌਂਸਲਾਂ ਲਈ ਵੋਟਿੰਗ ਅਤੇ ਗਿਣਤੀ ਦੀ ਪ੍ਰਕਿਰਿਆ 10 ਜੂਨ ਨੂੰ ਪੂਰੀ ਕੀਤੀ ਜਾਵੇਗੀ।
ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਇਹ ਚੋਣ ਪ੍ਰਕਿਰਿਆ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਮਿਉਂਸਪਲ ਐਕਟ 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਹੈ।
28 ਮਈ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ
ਚੋਣ ਸ਼ਡਿਊਲ ਮੁਤਾਬਕ ਉਮੀਦਵਾਰ 28 ਮਈ 2026 ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 1 ਜੂਨ 2026 ਨਿਰਧਾਰਤ ਕੀਤੀ ਗਈ ਹੈ।
ਨਾਮਜ਼ਦਗੀ ਪੱਤਰਾਂ ਦੀ ਜਾਂਚ 2 ਜੂਨ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 3 ਜੂਨ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ।
10 ਜੂਨ ਨੂੰ ਹੋਵੇਗੀ ਵੋਟਿੰਗ ਅਤੇ ਗਿਣਤੀ
ਚੋਣ ਕਮਿਸ਼ਨ ਅਨੁਸਾਰ 10 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਕਰਵਾਈ ਜਾਵੇਗੀ। ਵੋਟਾਂ ਦੀ ਗਿਣਤੀ ਵੀ ਉਸੇ ਦਿਨ ਪੋਲਿੰਗ ਸਮਾਪਤ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਕੀਤੀ ਜਾਵੇਗੀ।
ਰਾਜ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸਦੇ ਨਾਲ ਹੀ ਚੋਣ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ ਸਬੰਧਤ ਨਗਰ ਕੌਂਸਲ ਖੇਤਰਾਂ ਵਿੱਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ, ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ।
