ਮਜੀਠੀਆ ਮਾਮਲੇ ਦੀ ਸੁਣਵਾਈ ਕੱਲ੍ਹ ਮੁੜ ਹੋਵੇਗੀ, ਪੰਜਾਬ ਸਰਕਾਰ ਨੇ ਮੰਗਿਆ ਹੋਰ ਸਮਾਂ
ਇਸ ਤੋਂ ਪਹਿਲਾਂ ਅਦਾਲਤ ਵੱਲੋਂ ਅਕਾਲੀ ਦਲ ਦੀ ਪਟੀਸ਼ਨ ’ਤੇ ਪੰਜਾਬ ਦੇ ਪੁਲਿਸ ਮੁਖੀ, ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਅਤੇ ਮਜੀਠਾ ਥਾਣੇ ਦੇ ਮੁਖੀ ਨੂੰ ਨੋਟਿਸ ਜਾਰੀ ਕੀਤੇ ਗਏ ਸਨ।

ਚੰਡੀਗੜ੍ਹ
ਬਿਊਰੋ ਰਿਪੋਰਟ
ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਮਜੀਠਾ ਥਾਣੇ ਵਿੱਚ ਦਰਜ ਮਾਮਲੇ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕਰਨ ਲਈ ਇੱਕ ਦਿਨ ਦਾ ਹੋਰ ਸਮਾਂ ਮੰਗਿਆ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਲਈ ਨਿਰਧਾਰਤ ਕਰ ਦਿੱਤੀ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਅਕਾਲੀ ਦਲ ਦੀ ਪਟੀਸ਼ਨ ’ਤੇ ਪੰਜਾਬ ਦੇ ਪੁਲਿਸ ਮੁਖੀ, ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਅਤੇ ਮਜੀਠਾ ਥਾਣੇ ਦੇ ਮੁਖੀ ਨੂੰ ਨੋਟਿਸ ਜਾਰੀ ਕੀਤੇ ਗਏ ਸਨ।
ਪੁਲਿਸ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ ਬਿਕਰਮ ਸਿੰਘ ਮਜੀਠੀਆ ਐਤਵਾਰ ਨੂੰ ਮਜੀਠਾ ਥਾਣੇ ਵਿੱਚ ਦਾਖ਼ਲ ਹੋਏ ਅਤੇ ਇੱਕ ਮੁਲਜ਼ਮ ਜੋਬਨਜੀਤ ਸਿੰਘ ਨੂੰ ਛੁਡਵਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ’ਤੇ ਪੁਲਿਸ ਅਧਿਕਾਰੀਆਂ ਦੇ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵੀ ਲਗਾਏ ਗਏ ਹਨ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਸੋਮਵਾਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਉਨ੍ਹਾਂ ਨਾਲ ਸਬੰਧਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਮਜੀਠੀਆ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਲੁੱਕਆਊਟ ਸਰਕੂਲਰ ਵੀ ਜਾਰੀ ਕਰ ਦਿੱਤਾ ਹੈ ਤਾਂ ਜੋ ਉਹ ਦੇਸ਼ ਤੋਂ ਬਾਹਰ ਨਾ ਜਾ ਸਕਣ। ਇਸੇ ਦੌਰਾਨ ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਸੋਹੇਲ ਕਾਸਿਮ ਮੀਰ ਦਾ ਤਬਾਦਲਾ ਵੀ ਕਰ ਦਿੱਤਾ ਗਿਆ।
ਪੁਲਿਸ ਵੱਲੋਂ ਦਰਜ ਮਾਮਲੇ ਵਿੱਚ ਕੀਤੇ ਗਏ ਦਾਅਵੇ
ਪੁਲਿਸ ਦੇ ਅਨੁਸਾਰ ਮਜੀਠਾ ਥਾਣੇ ਵਿੱਚ ਦਰਜ ਮਾਮਲਾ ਨੰਬਰ 90 ਵਿੱਚ ਨਾਮਜ਼ਦ ਜੋਬਨਪ੍ਰੀਤ ਸਿੰਘ ਨੂੰ 30 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਗਲੇ ਦਿਨ ਥਾਣੇ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਅਤੇ ਪੁਲਿਸ ਕਰਮਚਾਰੀਆਂ ਨੂੰ ਧੱਕਾ ਦੇ ਕੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ’ਤੇ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ।
ਦੋਸ਼ ਹੈ ਕਿ ਉਹ ਥਾਣੇ ਦੇ ਅੰਦਰ ਗਏ ਅਤੇ ਸਰਕਾਰੀ ਰਿਕਾਰਡ, ਕੇਸ ਨਾਲ ਸਬੰਧਤ ਦਸਤਾਵੇਜ਼ਾਂ ਨਾਲ ਛੇੜਛਾੜ ਕੀਤੀ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਜੋਬਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਕਾਨੂੰਨੀ ਤਰੀਕੇ ਨਾਲ ਕੀਤੀ ਗਈ ਹੈ, ਪਰ ਇਸ ਦੇ ਬਾਵਜੂਦ ਉਸ ਨੂੰ ਬਾਹਰ ਲਿਜਾਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਦਾ ਇਹ ਵੀ ਦਾਅਵਾ ਹੈ ਕਿ ਥਾਣਾ ਮੁਖੀ ਦਾ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਬਾਅਦ ਵਿੱਚ ਜੋਬਨਪ੍ਰੀਤ ਸਿੰਘ ਨੂੰ ਮੁੜ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ।
ਦੂਜੇ ਪਾਸੇ ਮਜੀਠੀਆ ਦੀ ਭਾਲ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਅੰਮ੍ਰਿਤਸਰ ਪੁਲਿਸ ਨੇ ਉਨ੍ਹਾਂ ਦੀ ਤਲਾਸ਼ ਲਈ 12 ਟੀਮਾਂ ਦਾ ਗਠਨ ਕੀਤਾ ਹੈ। ਸੋਮਵਾਰ ਨੂੰ ਅੰਮ੍ਰਿਤਸਰ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਉਨ੍ਹਾਂ ਦੀ ਭਾਲ ਲਈ ਤਲਾਸ਼ੀ ਕਾਰਵਾਈ ਕੀਤੀ ਗਈ।
