ਰਵਨੀਤ ਬਿੱਟੂ ਨੂੰ ਐਸਸੀ ਕਮਿਸ਼ਨ ਦਾ ਫਿਰ ਨੋਟਿਸ, ਬਾਜਵਾ ਤੇ ਰਾਜਾ ਵੜਿੰਗ ਨੂੰ ਵੀ 15 ਜੂਨ ਲਈ ਬੁਲਾਵਾ

ਰਵਨੀਤ ਬਿੱਟੂ ਨੂੰ ਐਸਸੀ ਕਮਿਸ਼ਨ ਦਾ ਫਿਰ ਨੋਟਿਸ, ਬਾਜਵਾ ਤੇ ਰਾਜਾ ਵੜਿੰਗ ਨੂੰ ਵੀ 15 ਜੂਨ ਲਈ ਬੁਲਾਵਾ

ਇਸ ਦੌਰਾਨ ਕਮਿਸ਼ਨ ਦੇ ਚੇਅਰਮੈਨ ਅਤੇ ਬਿੱਟੂ ਵਿਚਾਲੇ ਟੈਲੀਫ਼ੋਨ ਰਾਹੀਂ ਗੱਲਬਾਤ ਵੀ ਹੋਈ। ਬਿੱਟੂ ਨੇ ਆਪਣੇ ਰੁਝੇਵਿਆਂ ਦਾ ਹਵਾਲਾ ਦਿੱਤਾ, ਜਿਸ ਤੋਂ ਬਾਅਦ ਕਮਿਸ਼ਨ ਨੇ ਉਨ੍ਹਾਂ ਨੂੰ ਨਵੀਂ ਤਾਰੀਖ਼ ਦੇ ਦਿੱਤੀ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੱਖ-ਵੱਖ ਮਾਮਲਿਆਂ ਦੇ ਸਬੰਧ ਵਿੱਚ 15 ਜੂਨ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤੇ ਹਨ। ਕਮਿਸ਼ਨ ਨੇ ਤਿੰਨਾਂ ਆਗੂਆਂ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਹਾਜ਼ਰ ਹੋਣ ਲਈ ਕਿਹਾ ਹੈ।

ਜਾਣਕਾਰੀ ਅਨੁਸਾਰ ਰਵਨੀਤ ਸਿੰਘ ਬਿੱਟੂ ਨੂੰ ਅੱਜ ਕਮਿਸ਼ਨ ਸਾਹਮਣੇ ਪੇਸ਼ ਹੋਣਾ ਸੀ, ਪਰ ਉਹ ਖੁਦ ਹਾਜ਼ਰ ਨਹੀਂ ਹੋਏ। ਉਨ੍ਹਾਂ ਦੀ ਥਾਂ ਉਨ੍ਹਾਂ ਦੇ ਕਾਨੂੰਨੀ ਨੁਮਾਇੰਦੇ ਨੇ ਕਮਿਸ਼ਨ ਅੱਗੇ ਪੇਸ਼ ਹੋ ਕੇ ਉਨ੍ਹਾਂ ਦਾ ਪੱਖ ਰੱਖਿਆ। ਇਸ ਦੌਰਾਨ ਕਮਿਸ਼ਨ ਦੇ ਚੇਅਰਮੈਨ ਅਤੇ ਬਿੱਟੂ ਵਿਚਾਲੇ ਟੈਲੀਫ਼ੋਨ ਰਾਹੀਂ ਗੱਲਬਾਤ ਵੀ ਹੋਈ। ਬਿੱਟੂ ਨੇ ਆਪਣੇ ਰੁਝੇਵਿਆਂ ਦਾ ਹਵਾਲਾ ਦਿੱਤਾ, ਜਿਸ ਤੋਂ ਬਾਅਦ ਕਮਿਸ਼ਨ ਨੇ ਉਨ੍ਹਾਂ ਨੂੰ ਨਵੀਂ ਤਾਰੀਖ਼ ਦੇ ਦਿੱਤੀ।

ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਿੱਟੂ ਨੇ ਪਹਿਲਾਂ ਵੀ ਆਪਣੀ ਵਿਅਸਤਤਾ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਰਾਜ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਉਨ੍ਹਾਂ ਨੂੰ ਖ਼ਾਸ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਗੜ੍ਹੀ ਮੁਤਾਬਕ ਬਿੱਟੂ ਪਹਿਲਾਂ ਵੀ ਕਈ ਵਾਰ ਪੇਸ਼ੀ ਲਈ ਸਮਾਂ ਵਧਾਉਣ ਦੀ ਬੇਨਤੀ ਕਰ ਚੁੱਕੇ ਹਨ, ਜਿਸ ਕਾਰਨ ਹੁਣ ਉਨ੍ਹਾਂ ਨੂੰ 15 ਜੂਨ ਸਵੇਰੇ ਗਿਆਰਾਂ ਵਜੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ।

ਇਹ ਮਾਮਲਾ ਧੂਰੀ ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਦੌਰਾਨ ਸਾਹਮਣੇ ਆਇਆ ਸੀ, ਜਦੋਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਤਿੱਖੀ ਬਹਿਸ ਹੋਈ ਸੀ। ਦੋਸ਼ ਲਗਾਇਆ ਗਿਆ ਸੀ ਕਿ ਇਸ ਦੌਰਾਨ ਉਨ੍ਹਾਂ ਵੱਲੋਂ ਜਾਤੀ ਨਾਲ ਸੰਬੰਧਤ ਟਿੱਪਣੀਆਂ ਕੀਤੀਆਂ ਗਈਆਂ। ਮਾਮਲਾ ਚਰਚਾ ਵਿੱਚ ਆਉਣ ਤੋਂ ਬਾਅਦ ਇਸ ਨੇ ਸਿਆਸੀ ਰੂਪ ਧਾਰ ਲਿਆ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਵੀ ਕੀਤੇ।

ਮਾਮਲੇ ਦਾ ਨੋਟਿਸ ਲੈਂਦਿਆਂ ਐਸਸੀ ਕਮਿਸ਼ਨ ਨੇ ਸੰਗਰੂਰ ਪੁਲਿਸ ਕੋਲੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਸੀ। ਬਾਅਦ ਵਿੱਚ ਸੰਗਰੂਰ ਦੇ ਪੁਲਿਸ ਅਧਿਕਾਰੀ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਆਪਣੇ ਬਿਆਨ ਦਰਜ ਕਰਵਾਏ। ਇਸ ਪ੍ਰਕਿਰਿਆ ਤੋਂ ਬਾਅਦ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਤਲਬ ਕਰਨ ਦਾ ਫ਼ੈਸਲਾ ਲਿਆ।

ਭਾਵੇਂ ਰਵਨੀਤ ਸਿੰਘ ਬਿੱਟੂ ਇਸ ਮਾਮਲੇ ਸਬੰਧੀ ਜਨਤਕ ਤੌਰ ‘ਤੇ ਆਪਣੀ ਟਿੱਪਣੀ ਲਈ ਮੁਆਫ਼ੀ ਮੰਗ ਚੁੱਕੇ ਹਨ, ਫਿਰ ਵੀ ਕਮਿਸ਼ਨ ਨੇ ਜਾਂਚ ਅਤੇ ਸੁਣਵਾਈ ਦੀ ਕਾਰਵਾਈ ਜਾਰੀ ਰੱਖੀ ਹੋਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 15 ਜੂਨ ਨੂੰ ਕੀਤੀ ਜਾਵੇਗੀ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *