ਲੁਧਿਆਣਾ ਤੋਂ 9 ਕੁੜੀਆਂ ਦੇ ਗਾਇਬ ਹੋਣ ਮਗਰੋਂ ਹਰਕਤ ਵਿੱਚ ਆਇਆ ਮਹਿਲਾ ਕਮਿਸ਼ਨ, ਪੁਲਿਸ ਤੋਂ ਮੰਗੀ ਰਿਪੋਰਟ
ਕਮਿਸ਼ਨ ਨੇ 8 ਜੂਨ ਤੱਕ ਮਾਮਲੇ ਸਬੰਧੀ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਲੁਧਿਆਣਾ ਵਿੱਚ ਨੌਂ ਕੁੜੀਆਂ ਦੇ ਰਹੱਸਮਈ ਢੰਗ ਨਾਲ ਲਾਪਤਾ ਹੋਣ ਦੇ ਮਾਮਲੇ ਨੇ ਗੰਭੀਰ ਰੂਪ ਧਾਰ ਲਿਆ ਹੈ। ਇਸ ਘਟਨਾ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਮਹਿਲਾ ਕਮਿਸ਼ਨ ਨੇ ਆਪਣੇ ਪੱਧਰ ‘ਤੇ ਨੋਟਿਸ ਲੈਂਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਕਮਿਸ਼ਨ ਨੇ 8 ਜੂਨ ਤੱਕ ਮਾਮਲੇ ਸਬੰਧੀ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਨਿਰਧਾਰਿਤ ਸਮੇਂ ਅੰਦਰ ਪੂਰੀ ਜਾਣਕਾਰੀ ਸਮੇਤ ਰਿਪੋਰਟ ਭੇਜੀ ਜਾਵੇ। ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮਾਮਲੇ ਦੀ ਜਾਂਚ ਕਿਸੇ ਸੀਨੀਅਰ ਅਧਿਕਾਰੀ ਤੋਂ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੁਲਿਸ ਕਮਿਸ਼ਨਰ ਨੂੰ ਭੇਜੇ ਪੱਤਰ ਵਿੱਚ ਲਿਖਿਆ ਹੈ ਕਿ ਇਹ ਮਾਮਲਾ ਬਹੁਤ ਹੀ ਗੰਭੀਰ ਅਤੇ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕੁੜੀਆਂ ਦੇ ਲਾਪਤਾ ਹੋਣ ਦੀਆਂ ਘਟਨਾਵਾਂ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਇਸ ਸਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 ਦੀ ਧਾਰਾ 12 ਤਹਿਤ ਨੋਟਿਸ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਰਾਜ ਲਾਲੀ ਗਿੱਲ ਵੱਲੋਂ ਲਾਪਤਾ ਹੋਈਆਂ ਕੁੜੀਆਂ ਦੀਆਂ ਤਸਵੀਰਾਂ ਵੀ ਜਨਤਕ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇੱਕੋ ਸ਼ਹਿਰ ਵਿੱਚ ਨੌਂ ਕੁੜੀਆਂ ਦਾ ਗਾਇਬ ਹੋ ਜਾਣਾ ਕਾਨੂੰਨ-ਵਿਵਸਥਾ ਅਤੇ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰਦਾ ਹੈ। ਜਾਣਕਾਰੀ ਮੁਤਾਬਕ ਇਹ ਸਾਰੀਆਂ ਕੁੜੀਆਂ ਅਪ੍ਰੈਲ ਅਤੇ ਮਈ ਮਹੀਨੇ ਦੌਰਾਨ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਤੋਂ ਲਾਪਤਾ ਹੋਈਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
