ਵਾਹਨ ਲੰਘਾਉਣ ਨੂੰ ਲੈ ਕੇ ਭਿੜੇ ਦੋ ਧੜੇ, ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ
ਮੁੱਢਲੀ ਜਾਣਕਾਰੀ ਅਨੁਸਾਰ ਇੱਕ ਵਾਹਨ ਨੂੰ ਰਸਤਾ ਦੇਣ ਅਤੇ ਅੱਗੇ ਕੱਢਣ ਦੇ ਮਾਮਲੇ ਨੂੰ ਲੈ ਕੇ ਦੋਵਾਂ ਪਾਸਿਆਂ ਵਿੱਚ ਤਕਰਾਰ ਹੋ ਗਈ ਸੀ।

ਬਟਾਲਾ
ਬਿਊਰੋ ਰਿਪੋਰਟ
ਪੰਜਾਬ ਵਿੱਚ ਹਿੰਸਕ ਘਟਨਾਵਾਂ ਅਤੇ ਗੋਲੀਬਾਰੀ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਰ੍ਹਾਂ ਦੀ ਇੱਕ ਗੰਭੀਰ ਘਟਨਾ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਸ਼ਹਿਰ ਤੋਂ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।
ਬਟਾਲਾ-ਗੁਰਦਾਸਪੁਰ ਸੜਕ ਉੱਤੇ ਸਥਿਤ ਸਿੰਬਲ ਚੌਕ ਨੇੜੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਦੋ ਗਰੁੱਪਾਂ ਵਿਚਾਲੇ ਤਾਬੜਤੋੜ ਗੋਲੀਬਾਰੀ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਵਾਪਰੀ।
ਮੁੱਢਲੀ ਜਾਣਕਾਰੀ ਅਨੁਸਾਰ ਇੱਕ ਵਾਹਨ ਨੂੰ ਰਸਤਾ ਦੇਣ ਅਤੇ ਅੱਗੇ ਕੱਢਣ ਦੇ ਮਾਮਲੇ ਨੂੰ ਲੈ ਕੇ ਦੋਵਾਂ ਪਾਸਿਆਂ ਵਿੱਚ ਤਕਰਾਰ ਹੋ ਗਈ ਸੀ। ਗੱਲਬਾਤ ਦੌਰਾਨ ਸ਼ੁਰੂ ਹੋਇਆ ਵਿਵਾਦ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਨੇ ਆਪਣੇ ਲਾਇਸੈਂਸੀ ਹਥਿਆਰਾਂ ਨਾਲ ਇੱਕ-ਦੂਜੇ ਉੱਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਇੱਕ ਨੌਜਵਾਨ ਦੀ ਜਾਨ ਚਲੀ ਗਈ।
ਮ੍ਰਿਤਕ ਨੌਜਵਾਨ ਦੀ ਪਛਾਣ ਦੀਪ ਇੰਦਰ ਸਿੰਘ ਵਜੋਂ ਹੋਈ ਹੈ। ਇਸ ਤੋਂ ਇਲਾਵਾ ਦੋ ਹੋਰ ਨੌਜਵਾਨ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਉਨ੍ਹਾਂ ਦੀ ਪਛਾਣ ਪਵਨਪ੍ਰੀਤ ਸਿੰਘ ਅਤੇ ਜਗਜੀਤ ਸਿੰਘ ਵਜੋਂ ਕੀਤੀ ਗਈ ਹੈ। ਦੋਵਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਵਧੀਆ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
