ਪੰਜਾਬ ਦੇ 9 ਜ਼ਿਲ੍ਹਿਆਂ ਲਈ ਅੱਜ ਲੂ ਦਾ ਯੈਲੋ ਅਲਰਟ, ਬਠਿੰਡਾ ‘ਚ ਪਾਰਾ 46 ਡਿਗਰੀ ਤੋਂ ਉੱਪਰ
ਮੌਸਮ ਵਿਭਾਗ ਅਨੁਸਾਰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਗਰਮ ਹਵਾਵਾਂ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਸੂਬੇ ਵਿੱਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਮੀਂਹ ਦੀ ਕੋਈ ਪੇਸ਼ੀਨਗੋਈ ਨਹੀਂ ਕੀਤੀ ਗਈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਲੂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਗਰਮ ਹਵਾਵਾਂ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਸੂਬੇ ਵਿੱਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਮੀਂਹ ਦੀ ਕੋਈ ਪੇਸ਼ੀਨਗੋਈ ਨਹੀਂ ਕੀਤੀ ਗਈ।
ਬੀਤੇ ਦਿਨ ਇੰਨਾ ਰਿਹਾ ਤਾਪਮਾਨ
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 3.8 ਡਿਗਰੀ ਸੈਲਸੀਅਸ ਵੱਧ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ‘ਤੇ 46.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 42.1 ਡਿਗਰੀ, ਅੰਮ੍ਰਿਤਸਰ 43.5 ਡਿਗਰੀ, ਲੁਧਿਆਣਾ 43.6 ਡਿਗਰੀ, ਪਟਿਆਲਾ 43.8 ਡਿਗਰੀ, ਪਠਾਨਕੋਟ 42.6 ਡਿਗਰੀ, ਬਠਿੰਡਾ 44.5 ਡਿਗਰੀ, ਫਰੀਦਕੋਟ 44.0 ਡਿਗਰੀ, ਗੁਰਦਾਸਪੁਰ 42.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 40.0 ਡਿਗਰੀ, ਫਾਜ਼ਿਲਕਾ (ਅਬੋਹਰ) 42.7 ਡਿਗਰੀ, ਫਿਰੋਜ਼ਪੁਰ 43.4 ਡਿਗਰੀ ਅਤੇ ਹੁਸ਼ਿਆਰਪੁਰ 40.6 ਡਿਗਰੀ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ ਮੁਹਾਲੀ ਦਾ ਵੱਧੋ-ਵੱਧ ਤਾਪਮਾਨ 40.6 ਡਿਗਰੀ, ਰੋਪੜ ਦਾ 40.0 ਡਿਗਰੀ ਅਤੇ ਭਾਖੜਾ ਡੈਮ (ਰੂਪਨਗਰ) ਦਾ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ
ਮੌਸਮ ਵਿਭਾਗ ਮੁਤਾਬਕ ਕੱਲ੍ਹ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਇਸ ਦੇ ਨਾਲ ਹੀ ਤਰਨਤਾਰਨ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕੁਝ ਹਿੱਸਿਆਂ ਵਿੱਚ ਗਰਜ-ਚਮਕ ਦੇ ਨਾਲ ਲੂ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਦੂਜੇ ਪਾਸੇ ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਦੇ ਕਈ ਇਲਾਕਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਲੂ ਅਤੇ ਗੜੇਮਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਕੱਲ੍ਹ ਕਿੱਥੇ ਹੋ ਸਕਦੀ ਹੈ ਬਾਰਿਸ਼
ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਜਦਕਿ ਪਠਾਨਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਦੇ ਦੂਰ-ਦੁਰਾਡੇ ਖੇਤਰਾਂ ਵਿੱਚ ਵੀ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
