ਪੰਜਾਬ ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਨੂੰ ਮਿਲੇਗਾ ਹੋਰ ਮਾਣ, ਜਲਦ ਪੰਜਾਬੀ ‘ਚ ਲੱਗਣਗੇ ਸਾਈਨ ਬੋਰਡ ਅਤੇ ਨੇਮ ਪਲੇਟਾਂ

ਪੰਜਾਬ ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਨੂੰ ਮਿਲੇਗਾ ਹੋਰ ਮਾਣ, ਜਲਦ ਪੰਜਾਬੀ ‘ਚ ਲੱਗਣਗੇ ਸਾਈਨ ਬੋਰਡ ਅਤੇ ਨੇਮ ਪਲੇਟਾਂ

ਇਹ ਹੁਕਮ GeM ਪੋਰਟਲ ਰਾਹੀਂ ਜਾਰੀ ਕੀਤੇ ਗਏ ਹਨ, ਜੋ ਉਪ ਰਾਸ਼ਟਰਪਤੀ ਦਫ਼ਤਰ ਤੋਂ ਪ੍ਰਾਪਤ ਪੱਤਰ ਤੋਂ ਬਾਅਦ ਕੀਤੀ ਗਈ ਕਾਰਵਾਈ ਦਾ ਹਿੱਸਾ ਹਨ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਮਾਂ ਬੋਲੀ ਪੰਜਾਬੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਇੱਕ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ। ਯੂਨੀਵਰਸਿਟੀ ਕੈਂਪਸ ਵਿੱਚ ਛੇਤੀ ਹੀ ਸਾਰੇ ਸਾਈਨ ਬੋਰਡ (ਸਾਈਨੇਜ) ਅਤੇ ਨੇਮ ਪਲੇਟਾਂ ਪੰਜਾਬੀ ਭਾਸ਼ਾ ਵਿੱਚ ਵੀ ਨਜ਼ਰ ਆਉਣਗੀਆਂ। ਇਸ ਸਬੰਧੀ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਰੇਨੂੰ ਵਿੱਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਇਹ ਹੁਕਮ GeM ਪੋਰਟਲ ਰਾਹੀਂ ਜਾਰੀ ਕੀਤੇ ਗਏ ਹਨ, ਜੋ ਉਪ ਰਾਸ਼ਟਰਪਤੀ ਦਫ਼ਤਰ ਤੋਂ ਪ੍ਰਾਪਤ ਪੱਤਰ ਤੋਂ ਬਾਅਦ ਕੀਤੀ ਗਈ ਕਾਰਵਾਈ ਦਾ ਹਿੱਸਾ ਹਨ।

ਜਾਣਕਾਰੀ ਅਨੁਸਾਰ ਇਹ ਫ਼ੈਸਲਾ ਉਸ ਸਮੇਂ ਲਿਆ ਗਿਆ, ਜਦੋਂ ਵਿਦਿਆਰਥੀ ਜਥੇਬੰਦੀ “ਸਾਥ” ਨੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਲਗਾਏ ਗਏ ਨਵੇਂ ਸਾਈਨ ਬੋਰਡਾਂ ਅਤੇ ਨੇਮ ਪਲੇਟਾਂ ਦਾ ਵਿਰੋਧ ਕੀਤਾ ਸੀ। ਇਨ੍ਹਾਂ ਬੋਰਡਾਂ ‘ਤੇ ਹਿੰਦੀ, ਅੰਗਰੇਜ਼ੀ ਅਤੇ ਬ੍ਰੇਲ ਲਿਪੀ ਵਿੱਚ ਜਾਣਕਾਰੀ ਦਿੱਤੀ ਗਈ ਸੀ, ਪਰ ਪੰਜਾਬੀ ਭਾਸ਼ਾ ਨੂੰ ਥਾਂ ਨਹੀਂ ਦਿੱਤੀ ਗਈ ਸੀ। ਇਸ ਦੇ ਵਿਰੋਧ ਵਿੱਚ ਕੁਝ ਵਿਦਿਆਰਥੀਆਂ ਨੇ ਕਈ ਸਾਈਨ ਬੋਰਡਾਂ ਨੂੰ ਨੁਕਸਾਨ ਵੀ ਪਹੁੰਚਾਇਆ ਸੀ।

ਇਸ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਦੇ ਰਾਜਪਾਲ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਨੂੰ ਪੱਤਰ ਲਿਖ ਕੇ ਸਾਈਨ ਬੋਰਡਾਂ ‘ਤੇ ਪੰਜਾਬੀ ਭਾਸ਼ਾ ਨੂੰ ਤੁਰੰਤ ਸ਼ਾਮਲ ਕਰਨ ਦੀ ਮੰਗ ਕੀਤੀ ਸੀ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਵੱਲੋਂ ਸੰਸਦ ਮੈਂਬਰ ਨੂੰ ਭੇਜੇ ਗਏ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਉਸਾਰੀ ਸ਼ਾਖਾ ਨੇ ਪੰਜਾਬੀ ਸਾਈਨ ਬੋਰਡਾਂ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। GeM ਪੋਰਟਲ ‘ਤੇ ਖਰੀਦ ਆਰਡਰ ਵੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਛੇਤੀ ਹੀ ਨਵੇਂ ਬੋਰਡ ਲਗਾ ਦਿੱਤੇ ਜਾਣਗੇ।

ਹਾਲਾਂਕਿ ਇਸ ਵਿਵਾਦ ਦੌਰਾਨ ਦਿਵਿਆਂਗ ਵਿਦਿਆਰਥੀਆਂ ਨੇ ਸਾਈਨ ਬੋਰਡਾਂ ਨੂੰ ਨੁਕਸਾਨ ਪਹੁੰਚਾਏ ਜਾਣ ‘ਤੇ ਨਾਰਾਜ਼ਗੀ ਜਤਾਈ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਨਾਲ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ, ਪਰ ਜਿਨ੍ਹਾਂ ਬੋਰਡਾਂ ‘ਤੇ ਬ੍ਰੇਲ ਲਿਪੀ ਵਿੱਚ ਜਾਣਕਾਰੀ ਵੀ ਦਰਜ ਹੈ, ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣਾ ਠੀਕ ਨਹੀਂ ਸੀ।

 

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *