ਫਰੀਦਕੋਟ ‘ਚ ਦਰਦਨਾਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ; ਪਿਤਾ ਤੇ ਦੋ ਮਾਸੂਮ ਬੱਚਿਆਂ ਦੀ ਮੌਤ
ਦੋਵਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਫਰੀਦਕੋਟ
ਬਿਊਰੋ ਰਿਪੋਰਟ
ਫਰੀਦਕੋਟ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਔਰਤ ਅਤੇ ਇੱਕ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਫਿਰੋਜ਼ਪੁਰ ਰੋਡ ‘ਤੇ ਫਿਰੋਜ਼ਪੁਰ ਵੱਲੋਂ ਆ ਰਹੇ ਇੱਕ ਮੋਟਰਸਾਈਕਲ ਨੂੰ ਫਰੀਦਕੋਟ ਵੱਲੋਂ ਆ ਰਹੀ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਅਤੇ ਉਸ ਦੇ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਔਰਤ ਅਤੇ ਇੱਕ ਹੋਰ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਰਾਹਗੀਰਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਮੈਡੀਕਲ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਘਟਨਾ ਦੇ ਪ੍ਰਤੱਖਦਰਸ਼ੀਆਂ ਅਤੇ ਸਥਾਨਕ ਲੋਕਾਂ ਨੇ ਦੱਸਿਆ ਕਿ ਕਾਰ ਬਹੁਤ ਤੇਜ਼ ਰਫ਼ਤਾਰ ਵਿੱਚ ਸੀ ਅਤੇ ਉਹ ਗਲਤ ਸਾਈਡ ‘ਤੇ ਆ ਕੇ ਮੋਟਰਸਾਈਕਲ ਨਾਲ ਟਕਰਾ ਗਈ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਹਾਦਸੇ ਤੋਂ ਬਾਅਦ ਐਂਬੂਲੈਂਸ ਵੀ ਕਾਫ਼ੀ ਦੇਰ ਨਾਲ ਮੌਕੇ ‘ਤੇ ਪਹੁੰਚੀ। ਲੋਕਾਂ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ।
ਮੌਕੇ ‘ਤੇ ਪਹੁੰਚੇ ਡੀਐਸਪੀ ਇਨਵੈਸਟੀਗੇਸ਼ਨ ਅਵਤਾਰ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਵੱਲੋਂ ਆ ਰਹੇ ਮੋਟਰਸਾਈਕਲ ਨੂੰ ਫਰੀਦਕੋਟ ਵੱਲੋਂ ਆ ਰਹੀ ਇੱਕ ਸਵਿਫਟ ਕਾਰ ਨੇ ਟੱਕਰ ਮਾਰੀ, ਜਿਸ ਕਾਰਨ ਪਿਤਾ ਅਤੇ ਉਸ ਦੇ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਅਤੇ ਇੱਕ ਬੱਚਾ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਹਾਦਸਾਗ੍ਰਸਤ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਕਾਰ ਚਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮੋਟਰਸਾਈਕਲ ਸਵਾਰ ਦੀ ਪਛਾਣ ਗੋਰੀ ਨਾਮ ਦੇ ਵਿਅਕਤੀ ਵਜੋਂ ਹੋਈ ਹੈ, ਜੋ ਪਿੰਡ ਚਹਿਲ ਦਾ ਵਸਨੀਕ ਸੀ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
