ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਕਰਾਰ, ਜਾਣੋ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀ ਕਿਹਾ
ਜਥੇਦਾਰ ਨੇ ਕਿਹਾ ਕਿ ਗੁਰੂ ਘਰਾਂ ਦੀ ਮਰਿਆਦਾ ਅਤੇ ਸਤਿਕਾਰ ਸਿੱਖ ਕੌਮ ਲਈ ਸਰਵਉੱਚ ਹਨ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀ ਹੈ।

ਸ੍ਰੀ ਅੰਮ੍ਰਿਤਸਰ ਸਾਹਿਬ
ਬਿਊਰੋ ਰਿਪੋਰਟ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੇ ਕੁਝ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ ਹੈ।
ਜਥੇਦਾਰ ਗੜਗੱਜ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਮਤਾ ਪਾਸ ਕਰਕੇ ਉਨ੍ਹਾਂ ਸਾਰੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਨੇ ਇਸ ਕਾਨੂੰਨ ਦੇ ਹੱਕ ਵਿੱਚ ਆਪਣੇ ਦਸਤਖ਼ਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੁਮਾਇੰਦਿਆਂ ਨੂੰ ਪੰਥ ਸਾਹਮਣੇ ਆਪਣਾ ਪੱਖ ਸਪੱਸ਼ਟ ਕਰਨਾ ਹੋਵੇਗਾ।
ਉਨ੍ਹਾਂ ਕਿਹਾ ਕਿ ਇਕੱਤਰਤਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਦੁਆਰਿਆਂ ਦੀਆਂ ਗੋਲਕਾਂ ਸਬੰਧੀ ਕੀਤੀਆਂ ਗਈਆਂ ਟਿੱਪਣੀਆਂ ‘ਤੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਹੈ। ਜਥੇਦਾਰ ਨੇ ਕਿਹਾ ਕਿ ਗੁਰੂ ਘਰਾਂ ਦੀ ਮਰਿਆਦਾ ਅਤੇ ਸਤਿਕਾਰ ਸਿੱਖ ਕੌਮ ਲਈ ਸਰਵਉੱਚ ਹਨ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀ ਹੈ।
ਉਨ੍ਹਾਂ ਇੱਕ ਕਥਿਤ ਵਿਵਾਦਤ ਵੀਡੀਓ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਵੀਡੀਓ ਏਆਈ (AI) ਤਕਨੀਕ ਰਾਹੀਂ ਤਿਆਰ ਕੀਤੀ ਗਈ ਹੈ। ਜਥੇਦਾਰ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 27 ਜਨਵਰੀ ਨੂੰ ਇਸ ਸਬੰਧੀ ਲਿਖਤੀ ਤੌਰ ‘ਤੇ ਜਾਣਕਾਰੀ ਅਤੇ ਮਾਨਤਾ ਪ੍ਰਾਪਤ ਫੋਰੈਂਸਿਕ ਲੈਬਾਂ ਦੇ ਵੇਰਵੇ ਮੰਗੇ ਗਏ ਸਨ, ਪਰ ਇਸ ਦਾ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।
ਜਥੇਦਾਰ ਗੜਗੱਜ ਨੇ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਪੱਧਰ ‘ਤੇ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ, ਜਿਸ ਦੀ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਕਿ ਵੀਡੀਓ ਨਾਲ ਕਿਸੇ ਕਿਸਮ ਦੀ ਛੇੜਛਾੜ ਨਹੀਂ ਕੀਤੀ ਗਈ ਅਤੇ ਨਾ ਹੀ ਇਸ ਵਿੱਚ ਏਆਈ ਤਕਨੀਕ ਦੀ ਵਰਤੋਂ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਇਸ ਪੂਰੇ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਤੋਂ ਬਾਅਦ ਇਹ ਰਾਏ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਜਾਣਕਾਰੀ ਦਿੱਤੀ ਗਈ। ਇਸ ਆਧਾਰ ‘ਤੇ ਇਕੱਤਰਤਾ ਵੱਲੋਂ ਮਤਾ ਪਾਸ ਕਰਕੇ ਮੁੱਖ ਮੰਤਰੀ ਨੂੰ “ਗੁਰੂ ਦੋਖੀ” ਅਤੇ “ਖਾਲਸਾ ਪੰਥ ਵਿਰੋਧੀ” ਕਰਾਰ ਦਿੱਤਾ ਗਿਆ ਅਤੇ ਸਿੱਖ ਸੰਗਤ ਨੂੰ ਉਨ੍ਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ।
ਜਥੇਦਾਰ ਗੜਗੱਜ ਨੇ ਅੰਤ ਵਿੱਚ ਕਿਹਾ ਕਿ ਸਿੱਖ ਪੰਥ ਨਾਲ ਸਬੰਧਤ ਮਾਮਲਿਆਂ ਵਿੱਚ ਪੰਥਕ ਮਰਿਆਦਾ ਅਤੇ ਧਾਰਮਿਕ ਸੰਸਥਾਵਾਂ ਦੀ ਸਰਬਉੱਚਤਾ ਨੂੰ ਬਰਕਰਾਰ ਰੱਖਣਾ ਹਰ ਸਿੱਖ ਦਾ ਫ਼ਰਜ਼ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
