ਏਪੀ ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਕਰਨ ਵਾਲੇ ਅਭਿਜੀਤ ਕਿੰਗਰਾ ਨੂੰ ਕੈਨੇਡਾ ਤੋਂ ਕੱਢਣ ਦੇ ਹੁਕਮ, IRB ਨੇ ਸੁਣਾਇਆ ਫੈਸਲਾ

ਏਪੀ ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਕਰਨ ਵਾਲੇ ਅਭਿਜੀਤ ਕਿੰਗਰਾ ਨੂੰ ਕੈਨੇਡਾ ਤੋਂ ਕੱਢਣ ਦੇ ਹੁਕਮ, IRB ਨੇ ਸੁਣਾਇਆ ਫੈਸਲਾ

ਵੱਖ-ਵੱਖ ਮਾਮਲਿਆਂ ਵਿੱਚ ਉਸ ਨੂੰ ਪਹਿਲਾਂ ਹੀ ਛੇ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। 15 ਜੂਨ ਨੂੰ ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਵੱਲੋਂ ਉਸ ਦੇ ਡਿਪੋਰਟੇਸ਼ਨ ਦਾ ਹੁਕਮ ਜਾਰੀ ਕੀਤਾ ਗਿਆ ਸੀ।

ਚੰਡੀਗੜ੍ਹ

ਬਿਊਰੋ ਰਿਪੋਰਟ

ਕੈਨੇਡਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਕਥਿਤ ਤੌਰ ‘ਤੇ ਸੰਬੰਧਤ ਅਭਿਜੀਤ ਕਿੰਗਰਾ ਖ਼ਿਲਾਫ਼ ਵੱਡਾ ਫੈਸਲਾ ਸੁਣਾਇਆ ਹੈ। ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਨਾਮਜ਼ਦ ਕਿੰਗਰਾ ਨੂੰ ਦੇਸ਼ ਨਿਕਾਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ (IRB) ਨੇ ਕਿਹਾ ਹੈ ਕਿ ਸੰਗਠਿਤ ਅਪਰਾਧ ਨਾਲ ਜੁੜੇ ਵਿਅਕਤੀਆਂ ਨੂੰ ਕੈਨੇਡਾ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਹਾਲਾਂਕਿ ਕਿੰਗਰਾ ਨੇ ਦਲੀਲ ਦਿੱਤੀ ਕਿ ਭਾਰਤ ਵਾਪਸੀ ਦੀ ਸੂਰਤ ਵਿੱਚ ਉਸ ਦੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ, ਪਰ ਬੋਰਡ ਨੇ ਉਸ ਦੀ ਦਲੀਲ ਨੂੰ ਸਵੀਕਾਰ ਨਹੀਂ ਕੀਤਾ।

ਹੋਰ ਅਪਰਾਧਿਕ ਮਾਮਲਿਆਂ ਵਿੱਚ ਵੀ ਸੀ ਨਾਮ ਸ਼ਾਮਲ

ਅਭਿਜੀਤ ਕਿੰਗਰਾ ਪਿਛਲੇ ਇੱਕ ਸਾਲ ਤੋਂ ਕੈਨੇਡਾ ਦੀ ਜੇਲ੍ਹ ਵਿੱਚ ਬੰਦ ਹੈ। ਜਾਂਚ ਏਜੰਸੀਆਂ ਮੁਤਾਬਕ ਏਪੀ ਢਿੱਲੋਂ ਦੇ ਘਰ ‘ਤੇ ਹਮਲੇ ਤੋਂ ਇਲਾਵਾ ਉਸ ਦਾ ਨਾਮ ਜਬਰੀ ਵਸੂਲੀ, ਧਮਕੀਆਂ ਅਤੇ ਹੋਰ ਅਪਰਾਧਿਕ ਮਾਮਲਿਆਂ ਵਿੱਚ ਵੀ ਸਾਹਮਣੇ ਆਇਆ ਸੀ। ਵੱਖ-ਵੱਖ ਮਾਮਲਿਆਂ ਵਿੱਚ ਉਸ ਨੂੰ ਪਹਿਲਾਂ ਹੀ ਛੇ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। 15 ਜੂਨ ਨੂੰ ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਵੱਲੋਂ ਉਸ ਦੇ ਡਿਪੋਰਟੇਸ਼ਨ ਦਾ ਹੁਕਮ ਜਾਰੀ ਕੀਤਾ ਗਿਆ ਸੀ।

ਸੁਣਵਾਈ ਦੌਰਾਨ ਕਿੰਗਰਾ ਨੇ ਗੋਲੀਬਾਰੀ ਦੀ ਘਟਨਾ ਸਬੰਧੀ ਅਹਿਮ ਜਾਣਕਾਰੀ ਵੀ ਦਿੱਤੀ। ਉਸ ਨੇ ਮੰਨਿਆ ਕਿ ਇੱਕ ਸਾਥੀ ਨੇ ਉਸ ਨੂੰ ਬ੍ਰਿਟਿਸ਼ ਕੋਲੰਬੀਆ ਜਾ ਕੇ ਹਮਲਾ ਕਰਨ ਦੇ ਬਦਲੇ 4,000 ਕੈਨੇਡੀਅਨ ਡਾਲਰ ਦੇਣ ਦੀ ਪੇਸ਼ਕਸ਼ ਕੀਤੀ ਸੀ।

ਸਤੰਬਰ 2024 ਵਿੱਚ ਵਾਪਰੀ ਸੀ ਗੋਲੀਬਾਰੀ ਦੀ ਘਟਨਾ

ਇਹ ਹਮਲਾ 2 ਸਤੰਬਰ 2024 ਨੂੰ ਬ੍ਰਿਟਿਸ਼ ਕੋਲੰਬੀਆ ਦੇ ਵੈਨਕੂਵਰ ਆਈਲੈਂਡ ਵਿੱਚ ਸਥਿਤ ਏਪੀ ਢਿੱਲੋਂ ਦੀ ਰਿਹਾਇਸ਼ ‘ਤੇ ਹੋਇਆ ਸੀ। ਜਾਂਚ ਅਧਿਕਾਰੀਆਂ ਦੇ ਅਨੁਸਾਰ ਦੋ ਹਮਲਾਵਰ ਦੇਰ ਰਾਤ ਜਾਇਦਾਦ ‘ਤੇ ਪਹੁੰਚੇ ਸਨ। ਕਿੰਗਰਾ ਨੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕਈ ਰਾਊਂਡ ਫਾਇਰ ਕੀਤੇ। ਪੁਲਿਸ ਦਾ ਕਹਿਣਾ ਹੈ ਕਿ ਮੌਕੇ ‘ਤੇ ਕੁੱਲ 14 ਗੋਲੀਆਂ ਚਲਾਈਆਂ ਗਈਆਂ ਸਨ। ਇਸੇ ਦੌਰਾਨ ਉਸ ਦੇ ਸਾਥੀ ਨੇ ਘਰ ਦੇ ਬਾਹਰ ਖੜ੍ਹੇ ਵਾਹਨਾਂ ‘ਤੇ ਜਲਣਸ਼ੀਲ ਪਦਾਰਥ ਛਿੜਕ ਕੇ ਅੱਗ ਲਗਾ ਦਿੱਤੀ ਅਤੇ ਦੋਵੇਂ ਮੌਕੇ ਤੋਂ ਫਰਾਰ ਹੋ ਗਏ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ ਹਮਲੇ ਦੀ ਵੀਡੀਓ

ਜਾਂਚ ਦੌਰਾਨ ਇੱਕ ਵੀਡੀਓ ਅਹਿਮ ਸਬੂਤ ਵਜੋਂ ਸਾਹਮਣੇ ਆਈ। ਕਿੰਗਰਾ ਨੇ ਮੰਨਿਆ ਕਿ ਉਸ ਨੇ ਆਪਣੇ ਮੋਬਾਈਲ ਫੋਨ ਨਾਲ ਗੋਲੀਬਾਰੀ ਦੀ ਰਿਕਾਰਡਿੰਗ ਕੀਤੀ ਸੀ। ਜਾਂਚਕਰਤਾਵਾਂ ਦੇ ਮੁਤਾਬਕ ਘਟਨਾ ਤੋਂ ਕੁਝ ਘੰਟਿਆਂ ਬਾਅਦ ਇਹ ਵੀਡੀਓ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਸੋਸ਼ਲ ਮੀਡੀਆ ਖਾਤਿਆਂ ‘ਤੇ ਅਪਲੋਡ ਕਰ ਦਿੱਤੀ ਗਈ ਸੀ। ਵੀਡੀਓ ਵਿੱਚ ਗੋਲੀਬਾਰੀ ਦੀ ਪੂਰੀ ਘਟਨਾ ਕੈਦ ਸੀ, ਜਿਸ ਤੋਂ ਬਾਅਦ ਇਹ ਫੁਟੇਜ ਤੇਜ਼ੀ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *