ਪੰਜਾਬ ਭਰ ਵਿੱਚ ਕੱਲ੍ਹ AAP ਦਾ ਅਕਾਲੀ ਦਲ ਵਿਰੁੱਧ ਰੋਸ ਪ੍ਰਦਰਸ਼ਨ, ਸੁਖਬੀਰ ਬਾਦਲ ਦੇ ਪੁਤਲੇ ਫੂਕੇ ਜਾਣਗੇ

ਪੰਜਾਬ ਭਰ ਵਿੱਚ ਕੱਲ੍ਹ AAP ਦਾ ਅਕਾਲੀ ਦਲ ਵਿਰੁੱਧ ਰੋਸ ਪ੍ਰਦਰਸ਼ਨ, ਸੁਖਬੀਰ ਬਾਦਲ ਦੇ ਪੁਤਲੇ ਫੂਕੇ ਜਾਣਗੇ

ਇਹ ਪ੍ਰਦਰਸ਼ਨ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਚੱਲ ਰਹੇ ਸਿਆਸੀ ਅਤੇ ਪੰਥਕ ਘਟਨਾਕ੍ਰਮ ਨਾਲ ਜੁੜਿਆ ਹੋਇਆ ਮੰਨਿਆ ਜਾ ਰਿਹਾ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਆਮ ਆਦਮੀ ਪਾਰਟੀ (AAP) ਨੇ ਕੱਲ੍ਹ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰਦਰਸ਼ਨ ਸ਼੍ਰੋਮਣੀ ਅਕਾਲੀ ਦਲ ਅਤੇ ਉਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਕੀਤਾ ਜਾਵੇਗਾ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ AAP ਵਰਕਰ ਅਕਾਲੀ ਦਲ ਦੇ ਜ਼ਿਲ੍ਹਾ ਦਫ਼ਤਰਾਂ ਦਾ ਘਿਰਾਓ ਕਰਨਗੇ ਅਤੇ ਸੁਖਬੀਰ ਬਾਦਲ ਦੇ ਪੁਤਲੇ ਵੀ ਸਾੜਣਗੇ। ਇਹ ਪ੍ਰਦਰਸ਼ਨ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਚੱਲ ਰਹੇ ਸਿਆਸੀ ਅਤੇ ਪੰਥਕ ਘਟਨਾਕ੍ਰਮ ਨਾਲ ਜੁੜਿਆ ਹੋਇਆ ਮੰਨਿਆ ਜਾ ਰਿਹਾ ਹੈ।

ਦਰਅਸਲ, ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੰਬੰਧਤ ਇੱਕ ਕਥਿਤ ਵੀਡੀਓ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਕਮਨਾਮਾ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਸੂਬੇ ਦੀ ਰਾਜਨੀਤੀ ਵਿੱਚ ਕਾਫ਼ੀ ਹਲਚਲ ਵੇਖਣ ਨੂੰ ਮਿਲੀ। ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਲਗਾਤਾਰ AAP ਅਤੇ ਮੁੱਖ ਮੰਤਰੀ ਮਾਨ ‘ਤੇ ਹਮਲੇ ਕਰ ਰਿਹਾ ਹੈ। ਉੱਥੇ ਹੀ AAP ਦਾ ਦੋਸ਼ ਹੈ ਕਿ ਅਕਾਲੀ ਦਲ ਧਾਰਮਿਕ ਮਸਲਿਆਂ ਨੂੰ ਸਿਆਸੀ ਫਾਇਦੇ ਲਈ ਵਰਤ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਵੀ ਇਲਜ਼ਾਮ ਲਗਾਇਆ ਕਿ ਧਰਮ ਅਤੇ ਜਥੇਦਾਰਾਂ ਨੂੰ ਰਾਜਨੀਤਿਕ ਮਕਸਦਾਂ ਲਈ ਵਰਤਿਆ ਜਾ ਰਿਹਾ ਹੈ।

ਲੋਕ ਮਿਲਣੀ ਦੌਰਾਨ CM ਮਾਨ ਨੇ ਅਕਾਲੀ ਦਲ ਨੂੰ ਘੇਰਿਆ

ਬੀਤੇ ਦਿਨ ਇੱਕ ਲੋਕ ਮਿਲਣੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖੇ ਨਿਸ਼ਾਨੇ ਸਾਧੇ ਸਨ। ਉਨ੍ਹਾਂ ਕਿਹਾ ਕਿ ਕੁਝ ਲੋਕ ਧਰਮ ਨੂੰ ਰਾਜਨੀਤੀ ਦਾ ਸਾਧਨ ਬਣਾ ਕੇ ਵਰਤ ਰਹੇ ਹਨ। ਉਨ੍ਹਾਂ ਤਨਜ਼ੀਆ ਅੰਦਾਜ਼ ਵਿੱਚ ਕਿਹਾ ਕਿ ਕਦੇ ਇੱਕ ਜੇਬ ਵਿੱਚੋਂ ਅਤੇ ਕਦੇ ਦੂਜੀ ਜੇਬ ਵਿੱਚੋਂ ਜਥੇਦਾਰ ਕੱਢ ਲਏ ਜਾਂਦੇ ਹਨ। ਸੀਐਮ ਮਾਨ ਨੇ ਕਿਹਾ ਕਿ ਖਾਲਸੇ ਦਾ ਅਰਥ ਸ਼ੁੱਧ ਅਤੇ ਅਸਲੀ ਹੁੰਦਾ ਹੈ, ਪਰ ਕੁਝ ਲੋਕਾਂ ਨੇ ਇਸ ਨੂੰ ਆਪਣੀ ਨਿੱਜੀ ਜਾਇਦਾਦ ਸਮਝ ਲਿਆ ਹੈ।

ਕਥਿਤ ਵੀਡੀਓ ਮਾਮਲੇ ਨੂੰ ਲੈ ਕੇ DGP ਕੋਲ ਪਹੁੰਚਿਆ AAP ਦਾ ਵਫ਼ਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵੀਡੀਓ ਦੇ ਮਾਮਲੇ ਸਬੰਧੀ AAP ਦਾ ਇੱਕ ਵਫ਼ਦ ਬੀਤੇ ਦਿਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮਿਲਣ ਗਿਆ ਸੀ। ਵਫ਼ਦ ਨੇ ਇਸ ਮਾਮਲੇ ਵਿੱਚ ਸਖ਼ਤ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਲੈਬ ਰਿਪੋਰਟਾਂ ਦੇ ਆਧਾਰ ‘ਤੇ ਇਸ ਵੀਡੀਓ ਨੂੰ ਜਾਅਲੀ ਦੱਸਿਆ ਸੀ।

ਇਹ ਵਫ਼ਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਡੀਜੀਪੀ ਨੂੰ ਮਿਲਿਆ, ਜਿਸ ਵਿੱਚ AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੋਂ ਇਲਾਵਾ ਕਈ ਸੀਨੀਅਰ ਆਗੂ, ਵਿਧਾਇਕ ਅਤੇ ਅਹੁਦੇਦਾਰ ਵੀ ਸ਼ਾਮਲ ਸਨ। ਵਫ਼ਦ ਨੇ ਮੁੱਖ ਮੰਤਰੀ ਮਾਨ ਦੀ ਕਥਿਤ ਫਰਜ਼ੀ ਵੀਡੀਓ ਬਣਾਉਣ ਅਤੇ ਉਸ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਨਾਲ ਹੀ ਫਰਜ਼ੀ ਵੀਡੀਓ ਸਬੰਧੀ ਪ੍ਰਾਪਤ ਹੋਈਆਂ ਰਿਪੋਰਟਾਂ ਵੀ ਡੀਜੀਪੀ ਨੂੰ ਸੌਂਪੀਆਂ ਗਈਆਂ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *