ਸਾਬਕਾ ਡੀਆਈਜੀ ਹਰਚਰਨ ਭੁੱਲਰ ਨੂੰ ਫਿਲਹਾਲ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 7 ਜੁਲਾਈ ਤੱਕ ਟਲੀ
ਹਾਲਾਂਕਿ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਕੋਈ ਅੰਤਿਮ ਹੁਕਮ ਜਾਰੀ ਨਹੀਂ ਕੀਤਾ ਅਤੇ ਸੁਣਵਾਈ ਨੂੰ 7 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਿਯਮਤ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਹਾਲਾਂਕਿ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਕੋਈ ਅੰਤਿਮ ਹੁਕਮ ਜਾਰੀ ਨਹੀਂ ਕੀਤਾ ਅਤੇ ਸੁਣਵਾਈ ਨੂੰ 7 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਅਤੇ ਬਾਅਦ ਵਿੱਚ ਸੁਪਰੀਮ ਕੋਰਟ ਵੀ ਭੁੱਲਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਚੁੱਕੀਆਂ ਹਨ। ਹਾਲਾਂਕਿ ਸੁਪਰੀਮ ਕੋਰਟ ਨੇ ਆਪਣੇ ਹੁਕਮ ਵਿੱਚ ਇਹ ਛੋਟ ਦਿੱਤੀ ਸੀ ਕਿ ਜੇਕਰ ਦੋ ਮਹੀਨਿਆਂ ਦੇ ਅੰਦਰ ਟਰਾਇਲ ਸ਼ੁਰੂ ਨਾ ਹੋਵੇ ਤਾਂ ਉਹ ਮੁੜ ਜ਼ਮਾਨਤ ਲਈ ਅਰਜ਼ੀ ਦੇ ਸਕਦੇ ਹਨ। ਭੁੱਲਰ ਨੇ ਆਪਣੀ ਨਵੀਂ ਪਟੀਸ਼ਨ ਵਿੱਚ ਇਸੇ ਹੁਕਮ ਨੂੰ ਆਧਾਰ ਬਣਾਇਆ ਹੈ।
ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਅਤੇ ਮੁਅੱਤਲ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਸੁਪਰੀਮ ਕੋਰਟ ਵੱਲੋਂ ਅਪ੍ਰੈਲ ਮਹੀਨੇ ਵਿੱਚ ਦਿੱਤੀ ਗਈ ਛੋਟ ਦਾ ਹਵਾਲਾ ਦਿੰਦਿਆਂ ਮੁੜ ਹਾਈ ਕੋਰਟ ਦਾ ਰੁਖ ਕੀਤਾ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਤੋਂ ਰਾਹਤ ਨਾ ਮਿਲਣ ਮਗਰੋਂ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਦੀ ਮੰਗ ਕੀਤੀ ਸੀ।
ਜਾਣਕਾਰੀ ਅਨੁਸਾਰ 10 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਭੁੱਲਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ, ਪਰ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਸੀ ਕਿ ਜੇਕਰ ਦੋ ਮਹੀਨਿਆਂ ਅੰਦਰ ਟਰਾਇਲ ਦੀ ਕਾਰਵਾਈ ਸ਼ੁਰੂ ਨਾ ਹੋਵੇ ਤਾਂ ਉਹ ਦੁਬਾਰਾ ਜ਼ਮਾਨਤ ਲਈ ਅਰਜ਼ੀ ਦੇ ਸਕਦੇ ਹਨ।
ਆਪਣੀ ਨਵੀਂ ਪਟੀਸ਼ਨ ਵਿੱਚ ਭੁੱਲਰ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਚਾਰਜਸ਼ੀਟ ਵੀ ਅਦਾਲਤ ਵਿੱਚ ਦਾਖਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਕੇਸ ਦੇ ਜ਼ਿਆਦਾਤਰ ਗਵਾਹ ਸਰਕਾਰੀ ਅਧਿਕਾਰੀ ਹਨ ਅਤੇ ਉਹ ਖੁਦ ਮੁਅੱਤਲ ਹਨ, ਇਸ ਲਈ ਗਵਾਹਾਂ ਨੂੰ ਪ੍ਰਭਾਵਿਤ ਕਰਨ ਜਾਂ ਸਬੂਤਾਂ ਨਾਲ ਛੇੜਛਾੜ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਆਧਾਰ ‘ਤੇ ਉਨ੍ਹਾਂ ਨੇ ਅਦਾਲਤ ਤੋਂ ਨਿਯਮਤ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
