ਸਿੱਖਾਂ ਨੂੰ 1984 ਵਰਗੀਆਂ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਐਕਸ਼ਨ, ਉੱਤਰਾਖੰਡ ਸਰਕਾਰ ਤੋਂ ਜਥੇਦਾਰ ਗੜਗੱਜ ਦੀ ਮੰਗ
ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਅਨਸਰਾਂ ਤੋਂ ਸੁਚੇਤ ਰਹਿਣ ਅਤੇ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਉਕਸਾਹਟ ਵਿੱਚ ਨਾ ਆਉਣ।

ਸ੍ਰੀ ਅਮ੍ਰਿਤਸਰ ਸਾਹਿਬ
ਬਿਊਰੋ ਰਿਪੋਰਟ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉੱਤਰਾਖੰਡ ਦੇ ਆਸ਼ੀਸ਼ ਨੇਗੀ ਨਾਮਕ ਵਿਅਕਤੀ ਵੱਲੋਂ ਸਿੱਖ ਭਾਈਚਾਰੇ ਨੂੰ ਜੂਨ 1984 ਵਰਗੀਆਂ ਘਟਨਾਵਾਂ ਦੁਹਰਾਉਣ ਦੀ ਧਮਕੀ ਦੇਣ ਦੇ ਮਾਮਲੇ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਉੱਤਰਾਖੰਡ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਦੇਸ਼ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਗੰਭੀਰ ਖ਼ਤਰਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਆਸ਼ੀਸ਼ ਨੇਗੀ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਕੌਮ ਦੀਆਂ ਬੇਮਿਸਾਲ ਕੁਰਬਾਨੀਆਂ ਕਾਰਨ ਹੀ ਦੇਸ਼ ਅੱਜ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ, ਪਰ ਉਹ ਉਸੇ ਕੌਮ ਨੂੰ ਖੁੱਲ੍ਹੇਆਮ ਧਮਕੀਆਂ ਦੇ ਰਿਹਾ ਹੈ, ਜਿਸ ਦੇ ਨਤੀਜੇ ਠੀਕ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਨੇਗੀ ਦੇ ਬਿਆਨ ਤੋਂ ਸਪੱਸ਼ਟ ਹੈ ਕਿ ਕੁਝ ਲੋਕਾਂ ਦੇ ਮਨਾਂ ਵਿੱਚ ਸਿੱਖਾਂ ਪ੍ਰਤੀ ਨਫ਼ਰਤ ਅਜੇ ਵੀ ਡੂੰਘਾਈ ਨਾਲ ਮੌਜੂਦ ਹੈ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਅਨਸਰਾਂ ਤੋਂ ਸੁਚੇਤ ਰਹਿਣ ਅਤੇ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਉਕਸਾਹਟ ਵਿੱਚ ਨਾ ਆਉਣ।
ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਅਪੀਲ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉੱਤਰਾਖੰਡ ਸਰਕਾਰ ਨੂੰ ਕਿਹਾ ਕਿ ਸਿੱਖਾਂ ਖ਼ਿਲਾਫ਼ ਨਫ਼ਰਤ ਫੈਲਾਉਣ ਵਾਲੇ ਅਜਿਹੇ ਤੱਤਾਂ ਨੂੰ ਸਖ਼ਤੀ ਨਾਲ ਕਾਬੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉੱਤਰਾਖੰਡ ਵਿੱਚ ਕੁਝ ਲੋਕ ਲਗਾਤਾਰ ਸਿੱਖਾਂ ਦੇ ਕਕਾਰਾਂ ਅਤੇ ਧਾਰਮਿਕ ਪਹਿਚਾਣ ‘ਤੇ ਸਵਾਲ ਖੜ੍ਹੇ ਕਰ ਰਹੇ ਹਨ, ਜਿਸ ਨੂੰ ਤੁਰੰਤ ਰੋਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਿੱਖ ਅਤੇ ਪੰਜਾਬੀ ਉੱਤਰਾਖੰਡ ਦੀ ਯਾਤਰਾ ‘ਤੇ ਜਾਂਦੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।
ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਕੀਤੀ ਜਾਵੇ ਸਖ਼ਤ ਕਾਰਵਾਈ
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਕਿ ਪਹਿਲਾਂ ਕੁਝ ਸਥਾਨਕ ਲੋਕਾਂ ਨੇ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਕਕਾਰਾਂ ਅਤੇ ਸਿੱਖੀ ਬਾਣੇ ਕਾਰਨ ਨਿਸ਼ਾਨਾ ਬਣਾਇਆ ਅਤੇ ਬਾਅਦ ਵਿੱਚ ਇਸ ਮਾਮਲੇ ਨੂੰ ਦੋ ਭਾਈਚਾਰਿਆਂ ਵਿਚਾਲੇ ਫਿਰਕੂ ਰੰਗ ਦੇਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਉੱਤਰਾਖੰਡ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਜੇਕਰ ਸਮੇਂ ਸਿਰ ਇਸ ਰੁਝਾਨ ਨੂੰ ਨਾ ਰੋਕਿਆ ਗਿਆ ਤਾਂ ਸਿੱਖ ਭਾਈਚਾਰੇ ਨੂੰ ਉੱਤਰਾਖੰਡ ਯਾਤਰਾ ਸਬੰਧੀ ਮਜ਼ਬੂਰਨ ਸਖ਼ਤ ਫ਼ੈਸਲਾ ਲੈਣਾ ਪੈ ਸਕਦਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸ਼ੀਸ਼ ਨੇਗੀ ਵੱਲੋਂ ਦਿੱਤੀਆਂ ਧਮਕੀਆਂ ਅਤੇ ਸਿੱਖ ਵਿਰੋਧੀ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਕੀਤੀ ਕਿ ਅੰਮ੍ਰਿਤਸਰ ਵਿੱਚ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਅਜਿਹੀਆਂ ਹਰਕਤਾਂ ਕਰਨ ਤੋਂ ਪਹਿਲਾਂ ਕਾਨੂੰਨ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
