ਲੈਕਚਰਾਰ ਦੀਆਂ 1013 ਅਸਾਮੀਆਂ ‘ਚ ਐੱਸਸੀ/ਬੀਸੀ ਰਾਖਵਾਂਕਰਨ ਨਾ ਦੇਣਾ ਨੀਤੀ ਦੀ ਉਲੰਘਣਾ, ਯੂਨੀਅਨ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ
ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕੀਤੇ ਜਾਣ ਦੇ ਦੋਸ਼ਾਂ ਕਾਰਨ ਐੱਸਸੀ/ਬੀਸੀ ਵਰਗ ਦੇ ਮੁਲਾਜ਼ਮਾਂ, ਵਿਦਿਆਰਥੀਆਂ, ਬੇਰੁਜ਼ਗਾਰ ਨੌਜਵਾਨਾਂ ਅਤੇ ਆਮ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਫਰੀਦਕੋਟ
ਬਿਊਰੋ ਰਿਪੋਰਟ
ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਕਰਿਸ਼ਨ ਸਿੰਘ ਦੁੱਗਾਂ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਈ। ਇਸ ਮੀਟਿੰਗ ਵਿੱਚ ਫਰੀਦਕੋਟ ਜ਼ਿਲ੍ਹੇ ਸਮੇਤ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਰਟੇਕ ਸਿੰਘ, ਗੁਰਮੀਤ ਸਿੰਘ, ਤਰਸੇਮ ਸਿੰਘ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨਾਲ ਜੁੜੇ ਮਸਲਿਆਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਿੱਧੀ ਭਰਤੀ ਅਤੇ ਤਰੱਕੀਆਂ ਵਿੱਚ ਰਾਖਵਾਂਕਰਨ ਨੀਤੀ ਦੀ ਉਲੰਘਣਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ 25 ਜੂਨ 2026 ਨੂੰ ਜਾਰੀ ਕੀਤੇ ਗਏ ਲੈਕਚਰਾਰ ਕੇਡਰ ਦੀਆਂ 1013 ਅਸਾਮੀਆਂ ਦੇ ਇਸ਼ਤਿਹਾਰ ਵਿੱਚ ਪੰਜਾਬੀ, ਅਰਥ ਸ਼ਾਸਤਰ, ਕਾਮਰਸ, ਫਿਜ਼ਿਕਸ, ਭੂਗੋਲ, ਬਾਇਓਲੋਜੀ, ਰਸਾਇਣ ਵਿਗਿਆਨ ਅਤੇ ਗਣਿਤ ਵਿਸ਼ਿਆਂ ਲਈ ਐੱਸਸੀ/ਬੀਸੀ ਵਰਗ ਦਾ ਰਾਖਵਾਂਕਰਨ ਸਿਫ਼ਰ ਕਰ ਦਿੱਤਾ ਗਿਆ ਹੈ, ਜੋ ਸਰਕਾਰ ਦੀ ਰਾਖਵਾਂਕਰਨ ਨੀਤੀ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੇ ਇਸ ਰਾਖਵਾਂਕਰਨ ਵਿਰੋਧੀ ਰਵੱਈਏ ਕਾਰਨ ਐੱਸਸੀ/ਬੀਸੀ ਵਰਗ ਦੇ ਮੁਲਾਜ਼ਮਾਂ, ਵਿਦਿਆਰਥੀਆਂ, ਆਮ ਲੋਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਵਿੱਚ ਭਾਰੀ ਨਾਰਾਜ਼ਗੀ ਹੈ।
ਯੂਨੀਅਨ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਅਤੇ ਸਰਕਾਰ ਦੀ ਇਸ ਕਥਿਤ ਸਾਜ਼ਿਸ਼ਪੂਰਨ ਨੀਤੀ ਨੂੰ ਕਿਸੇ ਵੀ ਕੀਮਤ ‘ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਅਤੇ ਭਲਾਈ ਮੰਤਰੀ ਦੇ ਢਿੱਲੇ ਰਵੱਈਏ ਦੀ ਵੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਆਪਣੇ ਸੰਵਿਧਾਨਕ ਹੱਕਾਂ ਦੀ ਰੱਖਿਆ ਲਈ 10 ਜੁਲਾਈ 2026 ਨੂੰ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਫੇਜ਼-3ਬੀ-1, ਮੋਹਾਲੀ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਭਲਾਈ ਮੰਤਰੀ, ਸਕੱਤਰ ਭਲਾਈ ਵਿਭਾਗ ਅਤੇ ਡਾਇਰੈਕਟਰ ਭਲਾਈ ਵਿਭਾਗ ਪੰਜਾਬ ਦੇ ਪੁਤਲੇ ਵੀ ਫੂਕੇ ਜਾਣਗੇ।
ਯੂਨੀਅਨ ਨੇ ਪੰਜਾਬ ਭਰ ਦੀਆਂ ਐੱਸਸੀ/ਬੀਸੀ ਭਾਈਚਾਰੇ ਨਾਲ ਜੁੜੀਆਂ ਸਮਾਜਿਕ ਸੰਸਥਾਵਾਂ, ਵਿਦਿਆਰਥੀ ਜਥੇਬੰਦੀਆਂ ਅਤੇ ਇਨਸਾਫ਼ਪਸੰਦ ਸੰਗਠਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖਿਆ ਵਿਭਾਗ ਅਤੇ ਸਰਕਾਰ ਦੀਆਂ ਨੀਤੀਆਂ ਦਾ ਡਟ ਕੇ ਵਿਰੋਧ ਕਰਨ ਅਤੇ ਆਪਣੇ ਸੰਵਿਧਾਨਕ ਹੱਕਾਂ ਦੀ ਰੱਖਿਆ ਲਈ ਇਸ ਸੰਘਰਸ਼ ਵਿੱਚ ਸਰਗਰਮ ਹਮਾਇਤ ਦੇਣ।
ਮੀਟਿੰਗ ਵਿੱਚ ਸੂਬਾ ਸਕੱਤਰ ਜਨਰਲ ਬਲਵਿੰਦਰ ਲਤਾਲਾ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਭਾਰਤੀ, ਵੀਰ ਸਿੰਘ, ਹਰਦੀਪ ਸਿੰਘ ਤੂਰ, ਸਕੱਤਰ ਸੁਪਿੰਦਰ ਸਿੰਘ, ਹਰਪਾਲ ਸਿੰਘ, ਬਲਬੀਰ ਸਿੰਘ, ਕੁਲਬੀਰ ਸਿੰਘ ਫਾਜ਼ਿਲਕਾ, ਲਛਮਣ ਸਿੰਘ ਨਬੀਪੁਰ, ਸੁਪਿੰਦਰ ਸਿੰਘ ਫਤਹਿਗੜ੍ਹ ਸਾਹਿਬ, ਹਰਬੰਸ ਲਾਲ ਪਰਜੀਆਂ, ਦੇਸ ਰਾਜ ਜਲੰਧਰ, ਬਲਜੀਤ ਸਿੰਘ ਸਲਾਣਾ, ਸ਼ਮਸ਼ੇਰ ਸਿੰਘ, ਸੁੱਖਵਿੰਦਰ ਸਿੰਘ ਨਾਰੀਕੇ, ਪਰਮਜੀਤ ਸਿੰਘ ਤਰਨਤਾਰਨ, ਗੁਰਮੀਤ ਸਿੰਘ, ਦਰਸ਼ਨ ਸਿੰਘ ਸੁਹਾਗਹੇੜੀ, ਤਰਸੇਮ ਸਿੰਘ, ਕਰਮਜੀਤ ਸਿੰਘ ਇੱਕਲਾਹੀ, ਗੁਰਮੇਜ ਆਹੀਰ, ਸੁਖਪਾਲ ਬਕਰਾਹਾ, ਜਗਤਾਰ ਜੱਗੀ, ਪ੍ਰੇਮ ਸਿੰਘ ਮੌਲਵੀਵਾਲਾ, ਰਛਪਾਲ ਸਿੰਘ ਭੁਮਬਲੀ, ਸਵਿੰਦਰ ਸਿੰਘ ਜੈਤੋ ਸਰਜਾ, ਰਣਜੀਤ ਸਿੰਘ, ਬਿਆਸ ਲਾਲ, ਇੰਦਰਜੀਤ ਸਿੰਘ ਰੋਪੜ, ਹਰਜਿੰਦਰ ਸਿੰਘ, ਦਲਬਾਰਾ ਸਿੰਘ, ਰਾਜਵਿੰਦਰ ਸਿੰਘ, ਜਗਜੀਤ ਸਿੰਘ ਲੱਡਾ, ਪਲਮਿੰਦਰ ਸਿੰਘ, ਹਰੀਕ੍ਰਿਸ਼ਨ, ਅਮ੍ਰਿਤਪਾਲ ਸਿੰਘ, ਭਰਤ ਪ੍ਰਤਾਪ ਅਤੇ ਹੋਰ ਕਈ ਆਗੂ ਤੇ ਮੈਂਬਰ ਹਾਜ਼ਰ ਰਹੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
