ਭਗਵੰਤ ਮਾਨ ਖ਼ਿਲਾਫ਼ FIR ਦੀ ਮੰਗ, ਸ਼੍ਰੋਮਣੀ ਕਮੇਟੀ ਨੇ ਡੀਜੀਪੀ ਪੰਜਾਬ ਨੂੰ ਦਿੱਤੀ ਲਿਖਤੀ ਸ਼ਿਕਾਇਤ

ਭਗਵੰਤ ਮਾਨ ਖ਼ਿਲਾਫ਼ FIR ਦੀ ਮੰਗ, ਸ਼੍ਰੋਮਣੀ ਕਮੇਟੀ ਨੇ ਡੀਜੀਪੀ ਪੰਜਾਬ ਨੂੰ ਦਿੱਤੀ ਲਿਖਤੀ ਸ਼ਿਕਾਇਤ

ਕਮੇਟੀ ਦਾ ਦੋਸ਼ ਹੈ ਕਿ ਇਸ ਵੀਡੀਓ ਵਿੱਚ ਕਥਿਤ ਤੌਰ ‘ਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਰਕਤਾਂ ਕੀਤੀਆਂ ਗਈਆਂ ਹਨ।

ਚੰਡੀਗੜ੍ਹ

ਬਿਊਰੋ ਰਿਪੋਰਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਇੱਕ ਵਾਇਰਲ ਵੀਡੀਓ ਨੂੰ ਲੈ ਕੇ ਡੀਜੀਪੀ ਪੰਜਾਬ ਨੂੰ ਲਿਖਤੀ ਸ਼ਿਕਾਇਤ ਸੌਂਪਦਿਆਂ ਐੱਫ.ਆਈ.ਆਰ. ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕਮੇਟੀ ਦਾ ਦੋਸ਼ ਹੈ ਕਿ ਇਸ ਵੀਡੀਓ ਵਿੱਚ ਕਥਿਤ ਤੌਰ ‘ਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਰਕਤਾਂ ਕੀਤੀਆਂ ਗਈਆਂ ਹਨ।

ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਅਮਰਬੀਰ ਸਿੰਘ ਰਾਏ ਨੂੰ ਇਹ ਸ਼ਿਕਾਇਤ ਸੌਂਪੀ। ਵਫ਼ਦ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਅਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਸਮੇਤ ਹੋਰ ਅਹੁਦੇਦਾਰ ਸ਼ਾਮਲ ਸਨ।

ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵਾਇਰਲ ਵੀਡੀਓ ਵਿੱਚ ਦਸ ਗੁਰੂ ਸਾਹਿਬਾਨ ਦੀਆਂ ਪ੍ਰਚਲਿਤ ਤਸਵੀਰਾਂ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਰੂਪ ਨਾਲ ਕਥਿਤ ਤੌਰ ‘ਤੇ ਅਜਿਹੀਆਂ ਹਰਕਤਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਕਮੇਟੀ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਨਿਰਪੱਖ ਜਾਂਚ ਕਰਵਾਈ ਜਾਵੇ।

ਐੱਸਜੀਪੀਸੀ ਨੇ ਆਪਣੀ ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਹੈ ਕਿ ਮਾਮਲੇ ਨੂੰ ਪ੍ਰਭਾਵਿਤ ਕਰਨ ਲਈ ਕਥਿਤ ਤੌਰ ‘ਤੇ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੀ ਸਾਜ਼ਿਸ਼ ਰਚੀ ਗਈ। ਕਮੇਟੀ ਨੇ ਕਿਹਾ ਕਿ ਇਸ ਸਬੰਧੀ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਡੀਐੱਲਐੱਫ ਥਾਣੇ ਵਿੱਚ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਐੱਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ।

ਡੀਜੀਪੀ ਦਫ਼ਤਰ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ 27 ਜੂਨ 2026 ਨੂੰ ਹੋਈ ਜਨਰਲ ਇਕੱਤਰਤਾ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਅੰਤ੍ਰਿੰਗ ਕਮੇਟੀ ਨੂੰ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਉਸੇ ਮਤੇ ਦੇ ਆਧਾਰ ‘ਤੇ ਇਹ ਸ਼ਿਕਾਇਤ ਡੀਜੀਪੀ ਪੰਜਾਬ ਨੂੰ ਸੌਂਪੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਸਿੱਧੇ ਤੌਰ ‘ਤੇ ਜੁੜਿਆ ਹੋਇਆ ਹੈ, ਇਸ ਲਈ ਕਾਨੂੰਨ ਅਨੁਸਾਰ ਨਿਰਪੱਖ ਜਾਂਚ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਭਾਵਨਾਵਾਂ ਨਾਲ ਜੁੜੇ ਅਜਿਹੇ ਮਾਮਲਿਆਂ ਵਿੱਚ ਕਾਨੂੰਨ ਦੀ ਪਾਲਣਾ ਹਰ ਹਾਲ ਵਿੱਚ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *