ਮਨੀ ਲਾਂਡਰਿੰਗ ਕੇਸ ‘ਚ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਝਟਕਾ, ਤੁਰੰਤ ਰਾਹਤ ਨਹੀਂ; ਈਡੀ ਤੋਂ ਮੰਗੀ ਸਟੇਟਸ ਰਿਪੋਰਟ
ਅਦਾਲਤ ਨੇ ਸਪੱਸ਼ਟ ਕੀਤਾ ਕਿ ਰਿਪੋਰਟ ਮਿਲਣ ਤੋਂ ਬਾਅਦ ਹੀ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਦੌਰਾਨ ਵਿਚਾਰ ਕੀਤਾ ਜਾਵੇਗਾ।

ਚੰਡੀਗੜ੍ਹ
ਬਿਊਰੋ ਰਿਪੋਰਟ
ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਮਾਮਲੇ ਦੀ ਹੁਣ ਤੱਕ ਦੀ ਜਾਂਚ ਸਬੰਧੀ ਵਿਸਥਾਰਪੂਰਵਕ ਸਟੇਟਸ ਰਿਪੋਰਟ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਰਿਪੋਰਟ ਮਿਲਣ ਤੋਂ ਬਾਅਦ ਹੀ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਦੌਰਾਨ ਵਿਚਾਰ ਕੀਤਾ ਜਾਵੇਗਾ।
ਸੰਜੀਵ ਅਰੋੜਾ ਨੇ ਨਿਯਮਤ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ ਉਸ ਸਮੇਂ ਕੀਤਾ, ਜਦੋਂ ਗੁਰੂਗ੍ਰਾਮ ਦੀ ਹੇਠਲੀ ਅਦਾਲਤ 15 ਜੂਨ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਚੁੱਕੀ ਸੀ। ਹੇਠਲੀ ਅਦਾਲਤ ਤੋਂ ਰਾਹਤ ਨਾ ਮਿਲਣ ਮਗਰੋਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਿਯਮਤ ਜ਼ਮਾਨਤ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ।
ਮਾਮਲੇ ਅਨੁਸਾਰ ਹਰਿਆਣਾ ਦੇ ਗੁਰੂਗ੍ਰਾਮ ਵਿੱਚ 18 ਮਾਰਚ ਨੂੰ ਦਰਜ ਹੋਈ ਇੱਕ ਐਫਆਈਆਰ ਦੇ ਆਧਾਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ (ਪੀਐਮਐਲਏ) ਤਹਿਤ ਜਾਂਚ ਸ਼ੁਰੂ ਕੀਤੀ ਸੀ। ਅਰੋੜਾ ਦਾ ਦਾਅਵਾ ਹੈ ਕਿ ਈਡੀ ਦੀ ਪੂਰੀ ਕਾਰਵਾਈ ਇਸੇ ਐਫਆਈਆਰ ‘ਤੇ ਆਧਾਰਿਤ ਹੈ ਅਤੇ ਇਸੇ ਦੇ ਆਧਾਰ ‘ਤੇ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਗਿਆ।
ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੰਜੀਵ ਅਰੋੜਾ 9 ਮਈ ਤੋਂ ਈਡੀ ਦੀ ਹਿਰਾਸਤ ਵਿੱਚ ਹਨ ਅਤੇ ਲਗਾਤਾਰ ਨਿਆਂਇਕ ਪ੍ਰਕਿਰਿਆ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਅਦਾਲਤ ਕੋਲ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਹੈ। ਸੁਣਵਾਈ ਦੌਰਾਨ ਹਾਈ ਕੋਰਟ ਨੇ ਤੁਰੰਤ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਈਡੀ ਨੂੰ ਨਿਰਦੇਸ਼ ਦਿੱਤਾ ਕਿ ਜਾਂਚ ਦੀ ਮੌਜੂਦਾ ਸਥਿਤੀ, ਹੁਣ ਤੱਕ ਹੋਈ ਪ੍ਰਗਤੀ ਅਤੇ ਮਾਮਲੇ ਨਾਲ ਸਬੰਧਤ ਹੋਰ ਅਹਿਮ ਤੱਥਾਂ ਦੀ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇ। ਇਸ ਤੋਂ ਬਾਅਦ ਹੀ ਅਦਾਲਤ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਅਗਲਾ ਫੈਸਲਾ ਕਰੇਗੀ। ਫਿਲਹਾਲ ਸੰਜੀਵ ਅਰੋੜਾ ਨੂੰ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਹੁਣ ਮਾਮਲੇ ਵਿੱਚ ਈਡੀ ਦੀ ਸਟੇਟਸ ਰਿਪੋਰਟ ਦਾਖਲ ਹੋਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਦਾ ਰਾਹ ਸਾਫ਼ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
