‘ਸਤਲੁਜ’ ਫ਼ਿਲਮ ਨੂੰ ਪੰਜਾਬ ਦੇ ਹਰ ਪਿੰਡ ਤੱਕ ਪਹੁੰਚਾਏਗਾ ਸ਼੍ਰੋਮਣੀ ਅਕਾਲੀ ਦਲ, ਸੁਖਬੀਰ ਬਾਦਲ ਨੇ ਕੀਤਾ ਐਲਾਨ
ਪਾਰਟੀ ਨੇ ਐਲਾਨ ਕੀਤਾ ਹੈ ਕਿ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ਅਤੇ ਹਰ ਕੋਨੇ ਤੱਕ ਪਹੁੰਚਾ ਕੇ ਲੋਕਾਂ ਨੂੰ ਦਿਖਾਇਆ ਜਾਵੇਗਾ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਵਿੱਚ ਇਨ੍ਹਾਂ ਦਿਨਾਂ ਦਿਲਜੀਤ ਦੁਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚਰਚਾਵਾਂ ਤੇਜ਼ ਹਨ। ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਇਸ ਫ਼ਿਲਮ ਨੂੰ ਓਟੀਟੀ ਪਲੇਟਫਾਰਮ ਜ਼ੀ5 ਤੋਂ ਹਟਾਏ ਜਾਣ ਮਗਰੋਂ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਗਾਤਾਰ ਫ਼ਿਲਮ ਨੂੰ ਓਟੀਟੀ ਤੋਂ ਹਟਾਉਣ ਦਾ ਵਿਰੋਧ ਕਰ ਰਹੇ ਹਨ। ਹੁਣ ਪਾਰਟੀ ਨੇ ਐਲਾਨ ਕੀਤਾ ਹੈ ਕਿ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ਅਤੇ ਹਰ ਕੋਨੇ ਤੱਕ ਪਹੁੰਚਾ ਕੇ ਲੋਕਾਂ ਨੂੰ ਦਿਖਾਇਆ ਜਾਵੇਗਾ।
ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਜਾਰੀ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਅਤੇ ਹੋਰ ਸਿੱਖ ਸ਼ਖ਼ਸੀਅਤਾਂ ਨਾਲ ਕਾਂਗਰਸ ਸਰਕਾਰ ਦੇ ਦੌਰ ਦੌਰਾਨ ਹੋਏ ਕਥਿਤ ਤਸ਼ੱਦਦ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਦਰਸਾਉਣ ਵਾਲੀ ਫ਼ਿਲਮ ‘ਸਤਲੁਜ’ ਪੰਜਾਬ ਦੇ ਹਰ ਪਿੰਡ ਵਿੱਚ ਦਿਖਾਏਗਾ, ਤਾਂ ਜੋ ਨੌਜਵਾਨ ਪੀੜ੍ਹੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਉਸ ਦੌਰ ਦੇ ਇਤਿਹਾਸ ਤੋਂ ਜਾਣੂ ਹੋ ਸਕਣ।

ਉਨ੍ਹਾਂ ਕਿਹਾ ਕਿ ਇਹ ਫ਼ਿਲਮ ਉਸ ਸਮੇਂ ਦੀਆਂ ਘਟਨਾਵਾਂ ਨੂੰ ਦਰਸਾਉਂਦੀ ਹੈ, ਜਿਸ ਵਿੱਚ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਈ ਫ਼ੌਜੀ ਕਾਰਵਾਈ ਅਤੇ ਉਸ ਤੋਂ ਬਾਅਦ ਦਿੱਲੀ ਤੇ ਹੋਰ ਸ਼ਹਿਰਾਂ ਵਿੱਚ ਸਿੱਖਾਂ ਖ਼ਿਲਾਫ਼ ਹੋਈ ਹਿੰਸਾ ਨੂੰ ਪੇਸ਼ ਕੀਤਾ ਗਿਆ ਹੈ।
ਸੁਖਬੀਰ ਬਾਦਲ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਪੰਜਾਬ ਵਿੱਚ ਰੋਸ ਪ੍ਰਗਟ ਕਰਨ ਵਾਲੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਕਥਿਤ ਤੌਰ ‘ਤੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਉਸ ਇਤਿਹਾਸ ਨੂੰ ਵੀ ਲੋਕਾਂ ਤੱਕ ਪਹੁੰਚਣ ਤੋਂ ਰੋਕਣ ਦੀ ਕੋਸ਼ਿਸ਼ ਹੋ ਰਹੀ ਹੈ, ਪਰ ਸ਼੍ਰੋਮਣੀ ਅਕਾਲੀ ਦਲ ਅਜਿਹਾ ਨਹੀਂ ਹੋਣ ਦੇਵੇਗਾ।
ਦੱਸਣਯੋਗ ਹੈ ਕਿ ਇਸ ਫ਼ਿਲਮ ਦਾ ਪਹਿਲਾਂ ਨਾਮ ‘ਪੰਜਾਬ 95’ ਰੱਖਿਆ ਗਿਆ ਸੀ, ਜਿਸ ਨੂੰ ਬਾਅਦ ਵਿੱਚ ਬਦਲ ਕੇ ‘ਸਤਲੁਜ’ ਕਰ ਦਿੱਤਾ ਗਿਆ। ਫ਼ਿਲਮ 3 ਜੁਲਾਈ ਨੂੰ ਜ਼ੀ5 ‘ਤੇ ਰਿਲੀਜ਼ ਹੋਈ ਸੀ, ਪਰ 5 ਜੁਲਾਈ ਨੂੰ ਇਸ ਨੂੰ ਭਾਰਤ ਵਿੱਚ ਪਲੇਟਫਾਰਮ ਤੋਂ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਫ਼ਿਲਮ ਨੂੰ ਲੈ ਕੇ ਲੋਕਾਂ ਵਿੱਚ ਉਤਸੁਕਤਾ ਅਤੇ ਚਰਚਾ ਹੋਰ ਵੀ ਵੱਧ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
