‘ਸਤਲੁਜ’ ਫ਼ਿਲਮ ‘ਤੇ ਲੱਗੀ ਪਾਬੰਦੀ ਖ਼ਿਲਾਫ਼ SGPC ਅਤੇ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਪ੍ਰਦਰਸ਼ਨ, ਰਾਜਪਾਲ ਦੇ ਨਾਮ ਸੌਂਪਿਆ ਮੰਗ ਪੱਤਰ
ਮਾਰਚ ਦੀ ਸਮਾਪਤੀ ਉਪਰੰਤ ਐੱਸਡੀਐੱਮ ਸ੍ਰੀ ਆਨੰਦਪੁਰ ਸਾਹਿਬ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।

ਸ੍ਰੀ ਆਨੰਦਪੁਰ ਸਾਹਿਬ
ਬਿਊਰੋ ਰਿਪੋਰਟ
ਦਿਲਜੀਤ ਦੁਸਾਂਝ ਦੀ ਫ਼ਿਲਮ ‘ਸਤਲੁਜ’ ‘ਤੇ ਲਗਾਈ ਗਈ ਪਾਬੰਦੀ ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਸ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂ, ਵਰਕਰ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਅਤੇ ਸਿੱਖ ਸੰਗਤਾਂ ਨੇ ਹਿੱਸਾ ਲਿਆ। ਰੋਸ ਮਾਰਚ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮਾਰਚ ਦੀ ਸਮਾਪਤੀ ਉਪਰੰਤ ਐੱਸਡੀਐੱਮ ਸ੍ਰੀ ਆਨੰਦਪੁਰ ਸਾਹਿਬ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।
ਰੋਸ ਮਾਰਚ ਦੀ ਅਗਵਾਈ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਇਤਿਹਾਸਕ ਯੋਗਦਾਨ ਪਾਇਆ ਸੀ। ਉਨ੍ਹਾਂ ਨੇ ਪੰਜਾਬ ਵਿੱਚ ਕਥਿਤ ਜਾਅਲੀ ਪੁਲਿਸ ਮੁਕਾਬਲਿਆਂ ਅਤੇ ਲਾਪਤਾ ਹੋਏ ਨੌਜਵਾਨਾਂ ਦੇ ਮਾਮਲੇ ਸੰਸਾਰ ਦੇ ਸਾਹਮਣੇ ਰੱਖੇ, ਜਿਸ ਲਈ ਉਨ੍ਹਾਂ ਨੂੰ ਆਪਣੀ ਜਾਨ ਕੁਰਬਾਨ ਕਰਨੀ ਪਈ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਬਿਨਾਂ ਕਿਸੇ ਵਾਜਬ ਕਾਰਨ ਰਿਲੀਜ਼ ਤੋਂ ਰੋਕਣਾ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਖ਼ਿਲਾਫ਼ ਕਦਮ ਹੈ।
ਇਸ ਮੌਕੇ ਮੰਗ ਕੀਤੀ ਗਈ ਕਿ ਫ਼ਿਲਮ ‘ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਈ ਜਾਵੇ ਅਤੇ ਇਸ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਨਾਲ ਹੀ ਮੰਗ ਕੀਤੀ ਗਈ ਕਿ ਇਸ ਮਾਮਲੇ ਨਾਲ ਸਬੰਧਤ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਰਿਹਾਈ ਰੱਦ ਕਰਕੇ ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਦਿੱਤੇ ਗਏ ਸਾਰੇ ਸਨਮਾਨ ਅਤੇ ਮੈਡਲ ਵੀ ਵਾਪਸ ਲਏ ਜਾਣ।
ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ ਕਿ ਮਨੁੱਖੀ ਅਧਿਕਾਰਾਂ ਲਈ ਆਪਣਾ ਸਰਵਉੱਚ ਬਲਿਦਾਨ ਦੇਣ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਐਲਾਨਿਆ ਜਾਵੇ। ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਭਾਈ ਖਾਲੜਾ ਦੀ ਕੁਰਬਾਨੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਉਨ੍ਹਾਂ ਨੂੰ ਬਣਦਾ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਫ਼ਿਲਮ ‘ਤੇ ਪਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਸਖ਼ਤ ਰੋਸ ਪ੍ਰਗਟ ਕੀਤਾ ਗਿਆ, ਜਦਕਿ ਪੰਜਾਬ ਸਰਕਾਰ ‘ਤੇ ਇਸ ਮਾਮਲੇ ‘ਚ ਚੁੱਪੀ ਧਾਰਨ ਕਰਨ ਦੇ ਦੋਸ਼ ਵੀ ਲਗਾਏ ਗਏ। ਭਾਈ ਚਾਵਲਾ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਵੀ ਤਿੱਖੇ ਸ਼ਬਦਾਂ ਵਿੱਚ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਥਕ ਮਾਮਲਿਆਂ ਵਿੱਚ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਇਸ ਮੁੱਦੇ ‘ਤੇ ਸਿਆਸਤ ਨਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਸੁਰਿੰਦਰ ਸਿੰਘ ਮਟੌਰ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਨੰਬਰਦਾਰ ਸੰਦੀਪ ਕਲੋਤਾ, ਭੁਪਿੰਦਰ ਸਿੰਘ ਬੀਕਾਪੁਰ, ਦਵਿੰਦਰ ਸਿੰਘ ਢਿੱਲੋਂ, ਜਥੇਦਾਰ ਰਾਮ ਸਿੰਘ, ਕਮਲ ਸਿੰਘ ਬੇਲਾ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਮਲਹੋਤਰਾ, ਆਤਮਾ ਸਿੰਘ ਘਟੀਵਲ, ਮਨਜੀਤ ਸਿੰਘ ਰਿੰਕਾ, ਦਿਲਬਾਗ ਸਿੰਘ, ਕਮਲ ਸਿੰਘ ਮਜਾਰੀ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ, ਵਰਕਰ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
