ਮੁਕੇਰੀਆਂ ਤੋਂ ਸੀਐਮ ਮਾਨ ਦਾ ਵਿਰੋਧੀਆਂ ‘ਤੇ ਤਿੱਖਾ ਹਮਲਾ, ਹਾਜੀਪੁਰ ਤੇ ਮੁਕੇਰੀਆਂ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ

ਮੁਕੇਰੀਆਂ ਤੋਂ ਸੀਐਮ ਮਾਨ ਦਾ ਵਿਰੋਧੀਆਂ ‘ਤੇ ਤਿੱਖਾ ਹਮਲਾ, ਹਾਜੀਪੁਰ ਤੇ ਮੁਕੇਰੀਆਂ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ

ਮਾਨ ਨੇ ਕਿਹਾ ਕਿ ਅੱਜ ਅਕਾਲੀ ਦਲ ਇਸ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ, ਪਰ ਪਹਿਲਾਂ ਇਹ ਦੱਸੇ ਕਿ ਸਾਲਾਂ ਤੱਕ ਸੱਤਾ ਵਿੱਚ ਰਹਿਣ ਦੇ ਬਾਵਜੂਦ ਉਸ ਨੇ ਅਜਿਹਾ ਕਾਨੂੰਨ ਕਿਉਂ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵੀ ਆਪਣੇ ਸ਼ਾਸਨ ਦੌਰਾਨ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ।

ਮੁਕੇਰੀਆਂ

ਬਿਊਰੋ ਰਿਪੋਰਟ

ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਮੁਕੇਰੀਆਂ ਪਹੁੰਚੇ, ਜਿੱਥੇ ਉਨ੍ਹਾਂ ਨੇ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਬੇਅਦਬੀ ਵਿਰੋਧੀ ਕਾਨੂੰਨ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ ਅੱਜ ਅਕਾਲੀ ਦਲ ਇਸ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ, ਪਰ ਪਹਿਲਾਂ ਇਹ ਦੱਸੇ ਕਿ ਸਾਲਾਂ ਤੱਕ ਸੱਤਾ ਵਿੱਚ ਰਹਿਣ ਦੇ ਬਾਵਜੂਦ ਉਸ ਨੇ ਅਜਿਹਾ ਕਾਨੂੰਨ ਕਿਉਂ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵੀ ਆਪਣੇ ਸ਼ਾਸਨ ਦੌਰਾਨ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ।

ਮਾਨ ਨੇ ਕਿਹਾ ਕਿ ਪਹਿਲਾਂ ਕਾਨੂੰਨ ਨਾ ਹੋਣ ਕਾਰਨ ਦੋਸ਼ੀ ਸਖ਼ਤ ਸਜ਼ਾ ਤੋਂ ਬਚ ਜਾਂਦੇ ਸਨ, ਜਦਕਿ ਹੁਣ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਤਹਿਤ ਬੇਅਦਬੀ ਦੇ ਮਾਮਲਿਆਂ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜੇਕਰ ਕਾਂਗਰਸ, ਭਾਜਪਾ ਜਾਂ ਅਕਾਲੀ ਦਲ ਮੁੜ ਸੱਤਾ ਵਿੱਚ ਆਉਂਦੇ ਹਨ ਤਾਂ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਬੰਦ ਹੋ ਸਕਦੀਆਂ ਹਨ। ਨਾਲ ਹੀ ਉਨ੍ਹਾਂ ਵਿਰੋਧੀ ਧਿਰ ਨੂੰ ਪਹਿਲਾਂ ਬਹੁਮਤ ਹਾਸਲ ਕਰਨ ਦੀ ਚੁਣੌਤੀ ਵੀ ਦਿੱਤੀ।

ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ‘ਤੇ ਵੀ ਕੱਸਿਆ ਤਨਜ਼

ਮੁੱਖ ਮੰਤਰੀ ਨੇ ਕਾਂਗਰਸ ਦੀ ਅੰਦਰੂਨੀ ਸਥਿਤੀ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਪਾਰਟੀ ਦੇ ਆਗੂ ਆਪਸ ਵਿੱਚ ਹੀ ਇਕਮਤ ਨਹੀਂ ਹਨ। ਉਨ੍ਹਾਂ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਬੱਸ ਯਾਤਰਾ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ ਦਾ ਹਵਾਲਾ ਦਿੰਦਿਆਂ ਤਨਜ਼ ਕੀਤਾ ਕਿ ਉਹ ਇਕੱਠੇ ਤਾਂ ਚੜ੍ਹ ਜਾਣਗੇ, ਪਰ ਹੇਠਾਂ ਉਤਰਦੇ ਸਮੇਂ ਹਾਲਾਤ ਵੱਖਰੇ ਹੋ ਸਕਦੇ ਹਨ।

1 ਅਗਸਤ ਨੂੰ ਆਵੇਗੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ

ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ 1 ਅਗਸਤ ਨੂੰ ਲਾਭਪਾਤਰੀ ਮਹਿਲਾਵਾਂ ਦੇ ਖਾਤਿਆਂ ਵਿੱਚ ਮੁੜ ਤਿੰਨ ਮਹੀਨਿਆਂ ਦੀ ਕਿਸ਼ਤ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਵੀ 32 ਲੱਖ ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਰਕਮ ਜਮ੍ਹਾਂ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਰਹੇਗੀ, ਇਹ ਯੋਜਨਾ ਲਗਾਤਾਰ ਜਾਰੀ ਰਹੇਗੀ।

ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ‘ਤੇ ਵੀ ਬੋਲੇ ਮਾਨ

ਮੁੱਖ ਮੰਤਰੀ ਨੇ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਬੇਅਦਬੀ ਨਾਲ ਜੁੜੇ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਅੱਗੇ ਵਧੇਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲੀਆਂ ਸਰਕਾਰਾਂ ਦੌਰਾਨ ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਪ੍ਰਭਾਵਿਤ ਹੋਈ, ਪਰ ਮੌਜੂਦਾ ਸਰਕਾਰ ਇਨਸਾਫ਼ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੁਕੇਰੀਆਂ ਲਈ ਕਾਲਜ ਅਤੇ ਹਸਪਤਾਲਾਂ ਦੇ ਵਿਕਾਸ ਦਾ ਐਲਾਨ

ਮੁਕੇਰੀਆਂ ਦੇ ਵਿਕਾਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਲੋੜੀਂਦੀ ਜ਼ਮੀਨ ਉਪਲਬਧ ਕਰਵਾਈ ਜਾਂਦੀ ਹੈ ਤਾਂ ਇੱਥੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਸਰਕਾਰੀ ਕਾਲਜ ਸਥਾਪਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਹਾਜੀਪੁਰ ਅਤੇ ਮੁਕੇਰੀਆਂ ਦੇ ਸਰਕਾਰੀ ਹਸਪਤਾਲਾਂ ਨੂੰ ਵੀ ਅਪਗ੍ਰੇਡ ਕਰਕੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *