ਕੇਂਦਰ ਸਰਕਾਰ ਨੂੰ CJP ਦੀ ਦੋ ਟੁੱਕ ਚੇਤਾਵਨੀ, ‘ਸਮਝੌਤਾ ਤੋੜਿਆ ਤਾਂ ਮੁੜ ਛਿੜੇਗਾ ਅੰਦੋਲਨ’
ਪਾਰਟੀ ਦਾ ਕਹਿਣਾ ਹੈ ਕਿ ਜੇਕਰ ਪ੍ਰਦਰਸ਼ਨਕਾਰੀਆਂ ਅਤੇ ਵਿਦਿਆਰਥੀਆਂ ਖ਼ਿਲਾਫ਼ ਪੁਲਿਸ ਕਾਰਵਾਈ ਨਹੀਂ ਰੁਕੀ ਤਾਂ ਉਹ ਦੁਬਾਰਾ ਸੜਕਾਂ ‘ਤੇ ਉਤਰਣ ਲਈ ਮਜਬੂਰ ਹੋਣਗੇ।

ਨਵੀਂ ਦਿੱਲੀ
ਬਿਊਰੋ ਰਿਪੋਰਟ
ਕਾਕਰੋਚ ਜਨਤਾ ਪਾਰਟੀ (CJP) ਨੇ ਕੇਂਦਰ ਸਰਕਾਰ ‘ਤੇ ਪਹਿਲਾਂ ਹੋਏ ਸਮਝੌਤੇ ਦੀ ਪਾਲਣਾ ਨਾ ਕਰਨ ਦੇ ਦੋਸ਼ ਲਗਾਉਂਦਿਆਂ ਮੁੜ ਅੰਦੋਲਨ ਸ਼ੁਰੂ ਕਰਨ ਦੀ ਚੇਤਾਵਨੀ ਦਿੱਤੀ ਹੈ। ਪਾਰਟੀ ਦਾ ਕਹਿਣਾ ਹੈ ਕਿ ਜੇਕਰ ਪ੍ਰਦਰਸ਼ਨਕਾਰੀਆਂ ਅਤੇ ਵਿਦਿਆਰਥੀਆਂ ਖ਼ਿਲਾਫ਼ ਪੁਲਿਸ ਕਾਰਵਾਈ ਨਹੀਂ ਰੁਕੀ ਤਾਂ ਉਹ ਦੁਬਾਰਾ ਸੜਕਾਂ ‘ਤੇ ਉਤਰਣ ਲਈ ਮਜਬੂਰ ਹੋਣਗੇ।
CJP ਦੇ ਕੌਮੀ ਬੁਲਾਰੇ ਆਸ਼ੂਤੋਸ਼ ਰੰਕਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਕੇਂਦਰੀ ਮੰਤਰੀ ਜੇਪੀ ਨੱਡਾ ਅਤੇ ਡਾ. ਜਿਤੇਂਦਰ ਸਿੰਘ ਨੂੰ ਸੰਬੋਧਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਮੌਜੂਦਾ ਹਾਲਾਤ ਉਸ ਦੇ ਉਲਟ ਨਜ਼ਰ ਆ ਰਹੇ ਹਨ।
ਰੰਕਾ ਨੇ ਦੋਸ਼ ਲਗਾਇਆ ਕਿ ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਸਮੇਤ ਕਈ ਹੋਰ ਰਾਜਾਂ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੇ ਵਲੰਟੀਅਰਾਂ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਨੂੰ ਸਰਕਾਰ ਵੱਲੋਂ ਕੀਤੇ ਗਏ ਭਰੋਸੇ ਦੀ ਉਲੰਘਣਾ ਕਰਾਰ ਦਿੱਤਾ।
ਪਾਰਟੀ ਦਾ ਇਹ ਵੀ ਦਾਅਵਾ ਹੈ ਕਿ ਪ੍ਰਦਰਸ਼ਨ ਦੌਰਾਨ ਰਾਹਤ ਅਤੇ ਲੌਜਿਸਟਿਕ ਸਹਾਇਤਾ ਦੇਣ ਵਾਲੇ ਕਈ ਵਲੰਟੀਅਰਾਂ ਨੂੰ ਵੀ ਪੁਲਿਸ ਨਿਸ਼ਾਨਾ ਬਣਾ ਰਹੀ ਹੈ। CJP ਦੇ ਅਨੁਸਾਰ ਇਹ ਲੋਕ ਸਿਰਫ਼ ਸੇਵਾ ਕਾਰਜਾਂ ਵਿੱਚ ਸ਼ਾਮਲ ਸਨ, ਫਿਰ ਵੀ ਉਨ੍ਹਾਂ ਨਾਲ ਸਖ਼ਤੀ ਕੀਤੀ ਜਾ ਰਹੀ ਹੈ।
ਇਸ ਮੌਕੇ CJP ਨੇ ਆਪਣੀਆਂ ਮੰਗਾਂ ਵੀ ਦੁਹਰਾਈਆਂ। ਪਾਰਟੀ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਸਾਰੀਆਂ ਐਫਆਈਆਰ ਵਾਪਸ ਲਈਆਂ ਜਾਣ, ਬਿਹਾਰ, ਪੱਛਮੀ ਬੰਗਾਲ ਅਤੇ ਹੋਰ ਰਾਜਾਂ ਵਿੱਚ ਗ੍ਰਿਫ਼ਤਾਰ ਵਿਦਿਆਰਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਭਵਿੱਖ ਵਿੱਚ ਅਜਿਹੇ ਮਾਮਲਿਆਂ ਵਿੱਚ ਕੋਈ ਨਵਾਂ ਕੇਸ ਦਰਜ ਨਾ ਕੀਤਾ ਜਾਵੇ।
ਆਸ਼ੂਤੋਸ਼ ਰੰਕਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ‘ਤੇ ਜਲਦੀ ਕਾਰਵਾਈ ਨਾ ਕੀਤੀ ਤਾਂ CJP ਮੁੜ ਦੇਸ਼-ਵਿਆਪੀ ਧਰਨੇ ਅਤੇ ਪ੍ਰਦਰਸ਼ਨ ਸ਼ੁਰੂ ਕਰੇਗੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਾਨੂੰਨੀ ਮਾਮਲਿਆਂ ਸਬੰਧੀ ਇੱਕ ਲਿਖਤੀ ਸਮਝੌਤਾ ਜਲਦ ਸਾਂਝਾ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਤਰ੍ਹਾਂ ਦਾ ਵਿਵਾਦ ਪੈਦਾ ਨਾ ਹੋਵੇ।
ਇਸ ਤੋਂ ਪਹਿਲਾਂ CJP ਦੇ ਮੁੱਖ ਬੁਲਾਰੇ ਸੌਰਵ ਦਾਸ ਨੇ ਵੀ ਕਿਹਾ ਸੀ ਕਿ ਪਾਰਟੀ ਨੇ ਕੇਂਦਰ ਸਰਕਾਰ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਹੀ ਆਪਣਾ ਦੇਸ਼-ਵਿਆਪੀ ਅੰਦੋਲਨ ਵਾਪਸ ਲਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਅਤੇ ਐਨਡੀਏ ਸ਼ਾਸਿਤ ਰਾਜਾਂ ਵਿੱਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਜਾਰੀ ਰਹਿੰਦੀ ਹੈ ਤਾਂ ਇਸ ਨਾਲ ਸਰਕਾਰ ਦੇ ਭਰੋਸੇ ਅਤੇ ਲੱਖਾਂ ਨੌਜਵਾਨਾਂ ਦੇ ਵਿਸ਼ਵਾਸ ਨੂੰ ਝਟਕਾ ਲੱਗੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/
