ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ ਕੂਚ: ਬੈਰੀਕੇਡ ਤੋੜ ਕੇ CM ਮਾਨ ਦੀ ਰਿਹਾਇਸ਼ ਵੱਲ ਵਧੇ ਪ੍ਰਦਰਸ਼ਨਕਾਰੀ, ਵਾਟਰ ਕੈਨਨ ‘ਤੇ ਚੜ੍ਹੇ ਨੌਜਵਾਨ
ਅੱਜ ਵਾਰਿਸ ਪੰਜਾਬ ਦੇ ਨਾਲ ਜੁੜੇ ਵੱਡੀ ਗਿਣਤੀ ਵਿੱਚ ਕਾਰਕੁਨਾਂ ਨੇ ਚੰਡੀਗੜ੍ਹ ਵੱਲ ਕੂਚ ਕੀਤਾ। ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਜਗਤਾਰ ਸਿੰਘ ਹਵਾਰਾ ਅਤੇ ਹੋਰ ਬੰਦੀ ਸਿੰਘਾਂ ਦੀਆਂ ਤਸਵੀਰਾਂ ਵੀ ਸਨ।

ਮੁਹਾਲੀ
ਬਿਊਰੋ ਰਿਪੋਰਟ
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੇ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਮੁਹਾਲੀ-ਚੰਡੀਗੜ੍ਹ ਸਰਹੱਦ ‘ਤੇ ਲੰਬੇ ਸਮੇਂ ਤੋਂ ਪੱਕਾ ਮੋਰਚਾ ਜਾਰੀ ਹੈ।
ਅੱਜ ਵਾਰਿਸ ਪੰਜਾਬ ਦੇ ਨਾਲ ਜੁੜੇ ਵੱਡੀ ਗਿਣਤੀ ਵਿੱਚ ਕਾਰਕੁਨਾਂ ਨੇ ਚੰਡੀਗੜ੍ਹ ਵੱਲ ਕੂਚ ਕੀਤਾ। ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਜਗਤਾਰ ਸਿੰਘ ਹਵਾਰਾ ਅਤੇ ਹੋਰ ਬੰਦੀ ਸਿੰਘਾਂ ਦੀਆਂ ਤਸਵੀਰਾਂ ਵੀ ਸਨ।

ਯੂਟੀ ਪੁਲਿਸ ਨੇ ਸੈਕਟਰ-45 ਨੇੜੇ ਭਾਰੀ ਬੈਰੀਕੇਡਿੰਗ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਦੌਰਾਨ ਪੁਲਿਸ ਅਤੇ ਵਾਰਿਸ ਪੰਜਾਬ ਦੇ ਕਾਰਕੁਨਾਂ ਵਿਚਾਲੇ ਕਾਫ਼ੀ ਧੱਕਾ-ਮੁੱਕੀ ਅਤੇ ਖਿੱਚੋਤਾਣ ਹੋਈ, ਪਰ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਵੱਲ ਨਹੀਂ ਜਾਣ ਦਿੱਤਾ।
ਜਾਣਕਾਰੀ ਮੁਤਾਬਕ ਵਾਰਿਸ ਪੰਜਾਬ ਦੇ ਕਾਰਕੁਨ ਸਵੇਰੇ ਕਰੀਬ 10 ਵਜੇ ਤੋਂ ਹੀ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ, ਫੇਜ਼-8 ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਦੁਪਹਿਰ 12 ਵਜੇ ਤੱਕ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਨਾਲ ਜੁੜੇ ਹੋਰ ਅਹਿਮ ਮੁੱਦਿਆਂ ‘ਤੇ ਵਿਚਾਰ ਕਰਨ ਤੋਂ ਬਾਅਦ ਚੰਡੀਗੜ੍ਹ ਵੱਲ ਰਵਾਨਗੀ ਕੀਤੀ।

ਵਾਰਿਸ ਪੰਜਾਬ ਦੇ ਕਾਰਕੁਨਾਂ ਨੇ ਯੂਟੀ ਪੁਲਿਸ ਵੱਲੋਂ ਲਗਾਏ ਬੈਰੀਕੇਡ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਵਧਣ ਦੀ ਕੋਸ਼ਿਸ਼ ਕੀਤੀ। ਇਸ ‘ਤੇ ਪੁਲਿਸ ਨੇ ਭੀੜ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ। ਕਾਰਕੁਨਾਂ ਦਾ ਦੋਸ਼ ਸੀ ਕਿ ਸਿੱਖ ਭਾਈਚਾਰੇ ਨਾਲ ਵੱਖਰੇ ਮਾਪਦੰਡਾਂ ਅਧੀਨ ਵਿਵਹਾਰ ਕੀਤਾ ਜਾ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਨਾਲ ਹੀ ਉਨ੍ਹਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚ ਰੱਖਣ ਅਤੇ ਮੌਨਸੂਨ ਸੈਸ਼ਨ ਦੌਰਾਨ ਸੰਸਦ ਵਿੱਚ ਆਪਣਾ ਪੱਖ ਰੱਖਣ ਦਾ ਮੌਕਾ ਨਾ ਦੇਣ ਨੂੰ ਸੰਵਿਧਾਨ ਅਤੇ ਕਾਨੂੰਨ ਦੀ ਭਾਵਨਾ ਦੇ ਉਲਟ ਕਰਾਰ ਦਿੱਤਾ। ਇਸ ਦੌਰਾਨ ਬੁਲਾਰਿਆਂ ਨੇ ਪੇਪਰ ਲੀਕ, ਕਾਨੂੰਨ-ਵਿਵਸਥਾ ਅਤੇ ਪੰਜਾਬ ਨਾਲ ਜੁੜੇ ਹੋਰ ਭਖ਼ਦੇ ਮੁੱਦਿਆਂ ਦਾ ਵੀ ਜ਼ਿਕਰ ਕੀਤਾ।
ਇਸ ਦੌਰਾਨ ਕੁਝ ਨੌਜਵਾਨ ਪੁਲਿਸ ਦੀਆਂ ਰੋਕਾਂ ਦੇ ਬਾਵਜੂਦ ਵਾਟਰ ਕੈਨਨ ਵਾਹਨ ਉੱਤੇ ਚੜ੍ਹ ਗਏ ਅਤੇ ਜਲ ਤੋਪਾਂ ਦਾ ਰੁਖ਼ ਦੂਜੇ ਪਾਸੇ ਮੋੜ ਦਿੱਤਾ। ਹਾਲਾਂਕਿ ਇਸ ਖਿੱਚੋਤਾਣ ਵਿੱਚ ਕਈ ਕਾਰਕੁਨ ਜ਼ਖ਼ਮੀ ਹੋਏ ਅਤੇ ਕਈਆਂ ਦੀਆਂ ਪੱਗਾਂ ਵੀ ਲੱਥ ਗਈਆਂ, ਪਰ ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਦਾ ਜੋਸ਼ ਅਤੇ ਹੌਸਲਾ ਕਾਇਮ ਰਿਹਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
