ਬੇਅਦਬੀ ਕਾਨੂੰਨ ਸੋਧ ਮਾਮਲਾ: ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਨਵਾਂ ਖਰੜਾ, ਪੰਜ ਸਿੰਘ ਸਾਹਿਬਾਨ ਕਰਨਗੇ ਵਿਚਾਰ
ਇਹ ਦਸਤਾਵੇਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਸਕੱਤਰੇਤ ਦੇ ਇੰਚਾਰਜ ਨੂੰ ਭੇਟ ਕੀਤੇ ਗਏ।

ਸ੍ਰੀ ਅਮ੍ਰਿਤਸਰ ਸਾਹਿਬ
ਬਿਊਰੋ ਰਿਪੋਰਟ
ਬੇਅਦਬੀ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਚੱਲ ਰਹੀ ਚਰਚਾ ਦਰਮਿਆਨ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ 25 ਪੰਨਿਆਂ ਦਾ ਸੋਧਿਆ ਹੋਇਆ ਖਰੜਾ ਅਤੇ ਉਠਾਏ ਗਏ ਇਤਰਾਜ਼ਾਂ ਸਬੰਧੀ ਆਪਣਾ ਜਵਾਬ ਅਧਿਕਾਰਤ ਤੌਰ ’ਤੇ ਸੌਂਪ ਦਿੱਤਾ। ਇਹ ਦਸਤਾਵੇਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਸਕੱਤਰੇਤ ਦੇ ਇੰਚਾਰਜ ਨੂੰ ਭੇਟ ਕੀਤੇ ਗਏ।
ਗੌਰਤਲਬ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੇਅਦਬੀ ਕਾਨੂੰਨ ਵਿੱਚ ਦਰਜ ਇਤਰਾਜ਼ਯੋਗ ਧਾਰਾਵਾਂ ਅਤੇ ਸ਼ਬਦਾਵਲੀ ਸਬੰਧੀ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਸੀ। ਅੱਜ ਇਸ ਮਿਆਦ ਦਾ ਆਖਰੀ ਦਿਨ ਸੀ ਅਤੇ ਇਸ ਤੋਂ ਪਹਿਲਾਂ ਹੀ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਸੋਧਿਆ ਹੋਇਆ ਖਰੜਾ ਜਮ੍ਹਾਂ ਕਰਵਾ ਦਿੱਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਸੀ ਕਿ ਸੋਧਿਆ ਹੋਇਆ ਖਰੜਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚਾਇਆ ਜਾਵੇ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਸਿੱਖ ਕੌਮ ਵੱਲੋਂ ਉਠਾਏ ਗਏ ਸਾਰੇ ਇਤਰਾਜ਼ਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣਾ ਪੱਖ ਅਧਿਕਾਰਤ ਤੌਰ ’ਤੇ ਪੇਸ਼ ਕਰ ਦਿੱਤਾ ਹੈ ਅਤੇ ਹੁਣ ਅਗਲਾ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਰਨਾ ਹੈ।
ਖਰੜੇ ਦੀ ਬਾਰੀਕੀ ਨਾਲ ਹੋਵੇਗੀ ਪੜਤਾਲ
ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੁਮਾਇੰਦੇ ਜਸਕਰਨ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਭੇਜੇ ਗਏ ਖਰੜੇ ਦਾ ਵਿਸਥਾਰ ਨਾਲ ਅਧਿਐਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਪੂਰੇ ਖ਼ਾਲਸਾ ਪੰਥ ਨਾਲ ਜੁੜਿਆ ਹੋਇਆ ਹੈ, ਇਸ ਲਈ ਪੰਜ ਸਿੰਘ ਸਾਹਿਬਾਨ ਦੀ ਆਉਣ ਵਾਲੀ ਮੀਟਿੰਗ ਵਿੱਚ ਇਸ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਇਸ ਤੋਂ ਬਾਅਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਅਧਿਕਾਰਤ ਰਾਏ ਪੰਜਾਬ ਸਰਕਾਰ ਨੂੰ ਭੇਜੇਗਾ।
ਜਸਕਰਨ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਖਰੜਾ ਤਿਆਰ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧਾ ਸੰਪਰਕ ਕਰਕੇ ਵਿਦਵਾਨਾਂ ਅਤੇ ਨੁਮਾਇੰਦਿਆਂ ਦੀ ਸਾਂਝੀ ਕਮੇਟੀ ਬਣਾਉਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਆਪਸੀ ਸਹਿਮਤੀ ਨਾਲ ਤਿਆਰ ਕੀਤਾ ਗਿਆ ਕਾਨੂੰਨ ਹੀ ਸਿੱਖ ਭਾਵਨਾਵਾਂ ਦੇ ਅਨੁਕੂਲ ਅਤੇ ਸਾਰਿਆਂ ਲਈ ਪ੍ਰਵਾਨਯੋਗ ਸਾਬਤ ਹੋ ਸਕਦਾ ਹੈ।
ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਮੀਖਿਆ ਦੀ ਮੰਗ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ 3 ਅਗਸਤ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਸੋਧੇ ਹੋਏ ਬੇਅਦਬੀ ਬਿੱਲ ਨੂੰ ਉਸ ਸਮੇਂ ਤੱਕ ਸਦਨ ਵਿੱਚ ਪੇਸ਼ ਨਾ ਕੀਤਾ ਜਾਵੇ, ਜਦੋਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਖਰੜੇ ਦੀ ਸਮੀਖਿਆ ਕਰਕੇ ਆਪਣੀ ਅਧਿਕਾਰਤ ਰਾਏ ਨਹੀਂ ਦੇ ਦਿੰਦਾ। ਹੁਣ ਇਸ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਆਉਣ ਵਾਲੇ ਫ਼ੈਸਲੇ ਉੱਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
