ਬੇਅਦਬੀ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਦਿੱਤਾ ਦੋ ਮਹੀਨਿਆਂ ਦਾ ਅਲਟੀਮੇਟਮ, ਭੇਜੀ ਰਿਪੋਰਟ ‘ਤੇ ਜਤਾਈ ਨਾਰਾਜ਼ਗੀ

ਬੇਅਦਬੀ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਦਿੱਤਾ ਦੋ ਮਹੀਨਿਆਂ ਦਾ ਅਲਟੀਮੇਟਮ, ਭੇਜੀ ਰਿਪੋਰਟ ‘ਤੇ ਜਤਾਈ ਨਾਰਾਜ਼ਗੀ

ਉਨ੍ਹਾਂ ਦੱਸਿਆ ਕਿ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਗਈ ਰਿਪੋਰਟ ਵਿੱਚ ਕੇਵਲ 10 ਫ਼ੀਸਦੀ ਦੇ ਕਰੀਬ ਹੀ ਸੋਧਾਂ ਕੀਤੀਆਂ ਗਈਆਂ ਹਨ।

ਸ੍ਰੀ ਅੰਮ੍ਰਿਤਸਰ ਸਾਹਿਬ

ਬਿਊਰੋ ਰਿਪੋਰਟ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੇਅਦਬੀ ਨਾਲ ਸਬੰਧਤ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਉਮੀਦਾਂ ਅਨੁਸਾਰ ਕਦਮ ਨਹੀਂ ਚੁੱਕੇ। ਉਨ੍ਹਾਂ ਦੱਸਿਆ ਕਿ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਗਈ ਰਿਪੋਰਟ ਵਿੱਚ ਕੇਵਲ 10 ਫ਼ੀਸਦੀ ਦੇ ਕਰੀਬ ਹੀ ਸੋਧਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 29 ਜੂਨ ਨੂੰ ਮੰਤਰੀਆਂ ਅਤੇ ਵਿਧਾਇਕਾਂ ਨਾਲ ਹੋਈ ਚਰਚਾ ਦੌਰਾਨ ਜਿਨ੍ਹਾਂ ਸੁਝਾਵਾਂ ‘ਤੇ ਸਹਿਮਤੀ ਬਣੀ ਸੀ, ਉਨ੍ਹਾਂ ਵਿੱਚੋਂ ਕਰੀਬ 90 ਫ਼ੀਸਦੀ ਨੂੰ ਸਰਕਾਰ ਨੇ ਅਜੇ ਤੱਕ ਲਾਗੂ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਸਮੀਖਿਆ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਜੇਕਰ ਸਰਕਾਰ ਕਾਨੂੰਨ ਵਿੱਚ ਹੋਰ ਸੋਧਾਂ ਕਰਨਾ ਚਾਹੁੰਦੀ ਹੈ ਤਾਂ ਉਹ ਇਸ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰ ਸਕਦੀ ਹੈ। ਕਮੇਟੀ ਵਿੱਚ ਜਸਟਿਸ ਰੁਪਿੰਦਰ ਸਿੰਘ ਸੋਢੀ, ਜਸਟਿਸ ਮੁਹਿੰਦਰ ਮੋਹਨ ਸਿੰਘ ਬੇਦੀ, ਐਡਵੋਕੇਟ ਪੂਰਨ ਸਿੰਘ ਹੁੰਦਲ, ਡਾ. ਕੇਹਰ ਸਿੰਘ ਪਟਿਆਲਾ ਅਤੇ ਪ੍ਰੋਫੈਸਰ ਜਗਮੋਹਨ ਸਿੰਘ ਟੋਨੀ (ਲੁਧਿਆਣਾ) ਨੂੰ ਮੈਂਬਰ ਬਣਾਇਆ ਗਿਆ ਹੈ।

ਜਥੇਦਾਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਕੱਤਰ ਲਖਬੀਰ ਸਿੰਘ ਨੂੰ ਇਸ ਕਮੇਟੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਜਾ ਰਿਹਾ ਹੈ ਅਤੇ ਜੇਕਰ ਇਸ ਦੌਰਾਨ ਇਤਰਾਜ਼ਯੋਗ ਧਾਰਾਵਾਂ ਨੂੰ ਨਹੀਂ ਹਟਾਇਆ ਗਿਆ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਵੀ ਅਪੀਲ ਕੀਤੀ ਕਿ 3 ਅਗਸਤ ਨੂੰ ਹੋਣ ਵਾਲੇ ਵਿਧਾਨ ਸਭਾ ਇਜਲਾਸ ਵਿੱਚ ਇਸ ਕਾਨੂੰਨ ਸਬੰਧੀ ਕੋਈ ਕਾਰਵਾਈ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦ ਤੱਕ ਕਮੇਟੀ ਆਪਣੀ ਰਿਪੋਰਟ ਪੇਸ਼ ਨਹੀਂ ਕਰਦੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੰਤਿਮ ਫ਼ੈਸਲਾ ਨਹੀਂ ਸੁਣਾਇਆ ਜਾਂਦਾ, ਉਦੋਂ ਤੱਕ ਇਸ ਕਾਨੂੰਨ ਨੂੰ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *