ਪੰਜਾਬ ਪੁਲਿਸ ਦਾ ਹਾਈ ਕੋਰਟ ਵਿੱਚ ਦਾਅਵਾ, ਪੁਰਾਣੀਆਂ ਲੰਬਿਤ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ; ਲੋਕਾਂ ਲਈ ‘ਸੰਵਾਦ ਕੈਂਪ’ ਵੀ ਲਗਣਗੇ
ਪੰਜਾਬ ਪੁਲਿਸ ਨੇ ਸੂਬੇ ਵਿੱਚ ਲੰਬੇ ਸਮੇਂ ਤੋਂ ਲੰਬਿਤ ਪਈਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਹਲਫ਼ਨਾਮਾ ਦੇ ਕੇ ਜਾਣਕਾਰੀ ਦਿੱਤੀ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਪੁਲਿਸ ਨੇ ਸੂਬੇ ਵਿੱਚ ਲੰਬੇ ਸਮੇਂ ਤੋਂ ਲੰਬਿਤ ਪਈਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਹਲਫ਼ਨਾਮਾ ਦੇ ਕੇ ਜਾਣਕਾਰੀ ਦਿੱਤੀ ਹੈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਵੱਲੋਂ ਦਾਇਰ ਕੀਤੇ ਹਲਫ਼ਨਾਮੇ ਵਿੱਚ ਕਿਹਾ ਗਿਆ ਕਿ ਪੈਂਡਿੰਗ ਸ਼ਿਕਾਇਤਾਂ ਅਤੇ ਜਾਂਚਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦੇ ਨਤੀਜੇ ਵਜੋਂ 13 ਜੁਲਾਈ 2026 ਤੱਕ ਪ੍ਰਾਪਤ ਹੋਈਆਂ ਸਾਰੀਆਂ ਸ਼ਿਕਾਇਤਾਂ ਦਾ 27 ਜੁਲਾਈ 2026 ਤੱਕ ਨਿਪਟਾਰਾ ਕਰ ਦਿੱਤਾ ਗਿਆ। ਇਸ ਭਰੋਸੇ ਤੋਂ ਸੰਤੁਸ਼ਟ ਹੋ ਕੇ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਅਤੇ ਹੋਰ ਕੋਈ ਹੁਕਮ ਜਾਰੀ ਕਰਨ ਦੀ ਲੋੜ ਨਹੀਂ ਸਮਝੀ।
ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਸਾਹਮਣੇ ਸੁਣਵਾਈ ਦੌਰਾਨ ਸੂਬਾ ਸਰਕਾਰ ਵੱਲੋਂ ਪੇਸ਼ ਵਧੀਕ ਐਡਵੋਕੇਟ ਜਨਰਲ ਨੇ ਦੱਸਿਆ ਕਿ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਵਿਵਸਥਾ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿੱਚ ਲੰਬਿਤ ਸ਼ਿਕਾਇਤਾਂ ਅਤੇ ਜਾਂਚਾਂ ਦੇ ਸਮੇਂ ਸਿਰ ਨਿਪਟਾਰੇ ਲਈ ਖ਼ਾਸ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪੁਰਾਣੇ ਮਾਮਲਿਆਂ ਦੀ ਲਗਾਤਾਰ ਸਮੀਖਿਆ ਕੀਤੀ ਗਈ ਅਤੇ ਉਨ੍ਹਾਂ ਦੇ ਨਿਪਟਾਰੇ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਗਿਆ।
ਸਰਕਾਰ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਡੀਜੀਪੀ ਪੰਜਾਬ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸ਼ਿਕਾਇਤਾਂ ਦੀ ਜਾਂਚ ਕਰਦੇ ਸਮੇਂ ਕਾਨੂੰਨੀ ਪ੍ਰਕਿਰਿਆ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ। ਜਾਂਚ ਨਿਰਪੱਖ, ਪਾਰਦਰਸ਼ੀ ਅਤੇ ਕਾਨੂੰਨ ਅਨੁਸਾਰ ਹੋਵੇ ਤਾਂ ਜੋ ਸ਼ਿਕਾਇਤਕਰਤਾਵਾਂ ਦਾ ਭਰੋਸਾ ਬਣਿਆ ਰਹੇ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਖਾਮੀ ਦੀ ਗੁੰਜਾਇਸ਼ ਨਾ ਰਹੇ।
ਅਦਾਲਤ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪੰਜਾਬ ਪੁਲਿਸ ਵੱਲੋਂ “ਪਬਲਿਕ ਸ਼ਿਕਾਇਤ ਨਿਵਾਰਨ ਪੋਰਟਲ” ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਲੋਕ ਇੱਕੋ ਥਾਂ ‘ਤੇ ਸ਼ਿਕਾਇਤ ਦਰਜ ਕਰਵਾ ਸਕਣਗੇ ਅਤੇ ਉਸ ਦੀ ਪ੍ਰਗਤੀ ਬਾਰੇ ਜਾਣਕਾਰੀ ਵੀ ਹਾਸਲ ਕਰ ਸਕਣਗੇ। ਇਸ ਤੋਂ ਇਲਾਵਾ ਸੂਬੇ ਭਰ ਵਿੱਚ “ਸੰਵਾਦ ਕੈਂਪ” ਲਗਾਏ ਜਾਣਗੇ, ਜਿੱਥੇ ਲੋਕ ਆਪਣੀਆਂ ਸ਼ਿਕਾਇਤਾਂ ਸਿੱਧੇ ਅਧਿਕਾਰੀਆਂ ਅੱਗੇ ਰੱਖ ਸਕਣਗੇ ਅਤੇ ਮੌਕੇ ‘ਤੇ ਹੀ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਡੀਜੀਪੀ ਪੰਜਾਬ ਦੇ ਹਲਫ਼ਨਾਮੇ ਅਤੇ ਸੂਬਾ ਸਰਕਾਰ ਵੱਲੋਂ ਦਿੱਤੇ ਭਰੋਸੇ ਨੂੰ ਰਿਕਾਰਡ ‘ਤੇ ਲੈਂਦਿਆਂ ਜਸਟਿਸ ਐਨ.ਐਸ. ਸ਼ੇਖਾਵਤ ਨੇ ਕਿਹਾ ਕਿ ਹੁਣ ਇਸ ਮਾਮਲੇ ਵਿੱਚ ਹੋਰ ਕਿਸੇ ਦਖ਼ਲ ਜਾਂ ਹੁਕਮ ਦੀ ਲੋੜ ਨਹੀਂ ਰਹਿ ਗਈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
