‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਫਤਿਹਗੜ੍ਹ ਸਾਹਿਬ ਤੋਂ ਆਗਾਜ਼, ਰਾਜਾ ਵੜਿੰਗ ਨੇ ਧੜੇਬੰਦੀ ਨੂੰ ਮੰਨਿਆ

‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਫਤਿਹਗੜ੍ਹ ਸਾਹਿਬ ਤੋਂ ਆਗਾਜ਼, ਰਾਜਾ ਵੜਿੰਗ ਨੇ ਧੜੇਬੰਦੀ ਨੂੰ ਮੰਨਿਆ

ਕਾਂਗਰਸ ਪਾਰਟੀ ਨੇ ਸ਼ੁੱਕਰਵਾਰ ਨੂੰ ਫਤਿਹਗੜ੍ਹ ਸਾਹਿਬ ਤੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਫਤਿਹਗੜ੍ਹ ਸਾਹਿਬ

ਬਿਊਰੋ ਰਿਪੋਰਰਟ

 ਕਾਂਗਰਸ ਪਾਰਟੀ ਨੇ ਸ਼ੁੱਕਰਵਾਰ ਨੂੰ ਫਤਿਹਗੜ੍ਹ ਸਾਹਿਬ ਤੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਦੋਵਾਂ ਆਗੂਆਂ ਨੇ ਬੂਥ ਪੱਧਰ ‘ਤੇ ਪਾਰਟੀ ਸੰਗਠਨ ਨੂੰ ਮਜ਼ਬੂਤ ਬਣਾਉਣ ਦਾ ਸੁਨੇਹਾ ਦਿੱਤਾ। ਇਸ ਦੌਰਾਨ ਰਾਜਾ ਵੜਿੰਗ ਨੇ ਪਾਰਟੀ ਅੰਦਰ ਧੜੇਬੰਦੀ ਦੀ ਮੌਜੂਦਗੀ ਨੂੰ ਵੀ ਖੁੱਲ੍ਹੇ ਤੌਰ ‘ਤੇ ਸਵੀਕਾਰ ਕੀਤਾ। ਮੀਟਿੰਗ ਵਿੱਚ ਦੋਵਾਂ ਨੇ ਸੂਬਾ ਅਤੇ ਕੇਂਦਰ ਸਰਕਾਰ ‘ਤੇ ਸਿਆਸੀ ਹਮਲੇ ਕਰਦਿਆਂ ਆਮ ਆਦਮੀ ਪਾਰਟੀ ਨੂੰ ਭਾਜਪਾ ਦੀ ‘ਬੀ ਟੀਮ’ ਕਰਾਰ ਦਿੱਤਾ।

ਮੁਹਿੰਮ ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮ ਵਿੱਚ ਜ਼ਿਲ੍ਹਾ, ਬਲਾਕ ਅਤੇ ਬੂਥ ਪੱਧਰ ਦੇ ਵਰਕਰਾਂ ਤੋਂ ਇਲਾਵਾ ਪਾਰਟੀ ਦੀਆਂ ਵੱਖ-ਵੱਖ ਇਕਾਈਆਂ ਦੇ ਨੁਮਾਇੰਦੇ, ਕੌਂਸਲਰ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰ, ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਸ਼ਾਮਲ ਹੋਏ। ਇਸ ਮੌਕੇ ਏਆਈਸੀਸੀ ਸਕੱਤਰ ਹਿਨਾ ਕਾਵਰੇ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਰਾਜ ਕੁਮਾਰ ਵੇਰਕਾ ਅਤੇ ਕੁਲਬੀਰ ਸਿੰਘ ਜ਼ੀਰਾ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਸਾਬਕਾ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ ਅਤੇ ਹੋਰ ਕਈ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।

ਆਪਣੇ ਸੰਬੋਧਨ ਵਿੱਚ ਰਾਜਾ ਵੜਿੰਗ ਨੇ ਕਿਹਾ ਕਿ ਬੂਥ ਪੱਧਰ ‘ਤੇ ਸੰਗਠਨ ਦੀ ਕਮਜ਼ੋਰੀ ਕਾਰਨ ਪਾਰਟੀ ਨੂੰ ਚੋਣਾਂ ਵਿੱਚ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਹਰ ਤੀਹ ਵੋਟਰਾਂ ਲਈ ਇੱਕ ਸਰਗਰਮ ਵਰਕਰ ਤਿਆਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਜਿੱਤ ਦੀ ਉਮੀਦ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਕਿਹਾ ਕਿ ਚੋਣਾਂ ਸਿਰਫ਼ ਲਹਿਰ ਨਾਲ ਨਹੀਂ ਜਿੱਤੀਆਂ ਜਾਂਦੀਆਂ, ਸਗੋਂ ਮਜ਼ਬੂਤ ਸੰਗਠਨ ਹੀ ਸਭ ਤੋਂ ਵੱਡੀ ਤਾਕਤ ਹੁੰਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਨਿੱਜੀ ਇੱਛਾ ਕੋਈ ਅਹੁਦਾ ਨਹੀਂ, ਸਗੋਂ ਕਾਂਗਰਸ ਦੀ ਜਿੱਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਰਾਹੁਲ ਗਾਂਧੀ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਹਟਾ ਦੇਣ ਜਾਂ ਟਿਕਟ ਨਾ ਦੇਣ, ਫਿਰ ਵੀ ਉਹ ਜੀਵਨ ਭਰ ਕਾਂਗਰਸ ਨਾਲ ਜੁੜੇ ਰਹਿਣਗੇ।

ਰਾਜਾ ਵੜਿੰਗ ਨੇ ਆਪਣੇ ਭਾਸ਼ਣ ਦੌਰਾਨ ਪਾਰਟੀ ਵਿੱਚ ਧੜੇਬੰਦੀ ਦੇ ਮੁੱਦੇ ‘ਤੇ ਵੀ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਅਤੇ ਦਰਬਾਰਾ ਸਿੰਘ ਦੇ ਸਮੇਂ ਦੌਰਾਨ ਵੀ ਧੜੇਬੰਦੀ ਰਹੀ ਸੀ। ਉਨ੍ਹਾਂ ਮੰਨਿਆ ਕਿ ਪਾਰਟੀ ਅੰਦਰ ਕੁਝ ਮਤਭੇਦ ਹਨ, ਜਿਨ੍ਹਾਂ ਵਿੱਚੋਂ ਕਈ ਸੁਲਝ ਚੁੱਕੇ ਹਨ ਅਤੇ ਬਾਕੀਆਂ ਨੂੰ ਵੀ ਆਪਸੀ ਗੱਲਬਾਤ ਰਾਹੀਂ ਦੂਰ ਕਰ ਲਿਆ ਜਾਵੇਗਾ। ਉਨ੍ਹਾਂ ਵਿਰੋਧੀ ਧਿਰ ‘ਤੇ ਤਨਜ਼ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਬਣਾਏਗੀ, ਹਾਲਾਂਕਿ ਮੁੱਖ ਮੰਤਰੀ ਕੌਣ ਹੋਵੇਗਾ, ਇਸ ਬਾਰੇ ਇਸ ਵੇਲੇ ਕੁਝ ਨਹੀਂ ਕਿਹਾ ਜਾ ਸਕਦਾ।

ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਾਰਟੀ ਦੀ ਸਫ਼ਲਤਾ ਦਾ ਸਭ ਤੋਂ ਵੱਡਾ ਆਧਾਰ ਵਰਕਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਸਿਰਫ਼ ਸਿੱਧਾ ਜਾਂ ਤਿਕੋਣਾ ਨਹੀਂ, ਸਗੋਂ ਬਹੁ-ਕੋਣੀ ਮੁਕਾਬਲਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਵੀ ਉਠਾਉਂਦਿਆਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਨਸ਼ਿਆਂ ਦੀ ਤਸਕਰੀ ਲਈ ਸੂਬਾ ਅਤੇ ਕੇਂਦਰ ਦੋਵੇਂ ਸਰਕਾਰਾਂ ਜ਼ਿੰਮੇਵਾਰ ਹਨ। ਬਘੇਲ ਨੇ ਵਰਕਰਾਂ ਨੂੰ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਕਰਨ ਅਤੇ ਭਰਮਕ ਪ੍ਰਚਾਰ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਕਾਂਗਰਸ ਦੀ ਜਿੱਤ ਦੀ ਸ਼ੁਰੂਆਤ ਪੰਜਾਬ ਤੋਂ ਹੋਵੇਗੀ ਅਤੇ ਇਹੀ ਪਾਰਟੀ ਦੀ ਦੇਸ਼ ਪੱਧਰ ‘ਤੇ ਮੁੜ ਮਜ਼ਬੂਤ ਵਾਪਸੀ ਦਾ ਆਧਾਰ ਬਣੇਗੀ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *