ਮੌਨਸੂਨ ਸੈਸ਼ਨ ਦੇ ਤੀਜੇ ਦਿਨ ਵਿਧਾਨ ਸਭਾ ‘ਚ ਹੰਗਾਮਾ, ਕਾਂਗਰਸ ਦੇ ਪ੍ਰਦਰਸ਼ਨ ਵਿਚਾਲੇ ਪਠਾਣਮਾਜਰਾ ਦੇ ਬਿਆਨ ਬਣੇ ਚਰਚਾ ਦਾ ਕੇਂਦਰ
ਵਰਨਣਯੋਗ ਹੈ ਕਿ ਬੀਤੇ ਦਿਨ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਸਬੰਧੀ ਹਾਈ ਕੋਰਟ ਵਿੱਚ ਚੱਲ ਰਹੇ ਮਾਮਲੇ ਵਿੱਚ ਸਰਕਾਰ ਵੱਲੋਂ ਵਾਰ-ਵਾਰ ਸਮਾਂ ਮੰਗਣ ਦਾ ਮੁੱਦਾ ਉਠਾਇਆ ਸੀ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦਾ ਤੀਜਾ ਦਿਨ ਵੀ ਤਿੱਖੀ ਸਿਆਸੀ ਗਰਮਾਹਟ ਨਾਲ ਸ਼ੁਰੂ ਹੋਇਆ। ਕਾਂਗਰਸ ਦੇ ਵਿਧਾਇਕ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸਦਨ ਵਿੱਚ ਦਾਖ਼ਲ ਹੋਏ। ਪਹਿਲਾਂ ਵਾਂਗ ਹੀ ਵਿਰੋਧੀ ਧਿਰ ਦੇ ਮੈਂਬਰ ਗਲਾਂ ਵਿੱਚ ਕਾਲੀਆਂ ਪੱਟੀਆਂ ਬੰਨ੍ਹ ਕੇ ਪਹੁੰਚੇ ਅਤੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਉਨ੍ਹਾਂ ਨਾਲ ਧੱਕਾ-ਮੁੱਕੀ ਅਤੇ ਬਦਸਲੂਕੀ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਨੇ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ।
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਦਨ ਹਰ ਵਿਧਾਇਕ ਦੇ ਮਾਣ-ਸਨਮਾਨ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਜੇਕਰ ਕਿਸੇ ਮੈਂਬਰ ਨਾਲ ਗਲਤ ਵਿਵਹਾਰ ਹੋਇਆ ਹੈ ਤਾਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕਿਹਾ ਕਿ ਜੇਕਰ ਕਿਸੇ ਵਿਧਾਇਕ ਦੇ ਸਨਮਾਨ ਨੂੰ ਠੇਸ ਪਹੁੰਚੀ ਹੈ ਤਾਂ ਸਰਕਾਰ ਜਾਂਚ ਲਈ ਪੂਰੀ ਤਰ੍ਹਾਂ ਤਿਆਰ ਹੈ।
ਬੁੱਧਵਾਰ ਨੂੰ ਸੈਸ਼ਨ ਦੌਰਾਨ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਕਾਂਗਰਸ ਦੇ ਵਿਧਾਇਕਾਂ ਨੇ ਸਦਨ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਬਿਕਰਮਜੀਤ ਸਿੰਘ ਚੌਧਰੀ, ਸੁਖਵਿੰਦਰ ਸਿੰਘ ਕੋਟਲੀ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਦੋਸ਼ ਲਾਇਆ ਕਿ ਵਿਧਾਨ ਸਭਾ ਦੇ ਬਾਹਰ ਤੈਨਾਤ ਪੁਲਿਸ ਮੁਲਾਜ਼ਮਾਂ ਅਤੇ ਮਾਰਸ਼ਲਾਂ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਅਤੇ ਉਨ੍ਹਾਂ ਦੇ ਹੱਥੋਂ ਤਖ਼ਤੀਆਂ ਖੋਹ ਲਈਆਂ। ਪ੍ਰਤਾਪ ਸਿੰਘ ਬਾਜਵਾ ਨੇ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਮਾਮਲੇ ‘ਤੇ ਚਰਚਾ ਦੀ ਮੰਗ ਕੀਤੀ, ਜਦਕਿ ਸਪੀਕਰ ਨੇ ਪ੍ਰਸ਼ਨ ਕਾਲ ਤੋਂ ਬਾਅਦ ਇਸ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਵਿਧਾਇਕਾਂ ਦੇ ਸਨਮਾਨ ਨੂੰ ਅਹਿਮ ਦੱਸਿਆ। ਹਾਲਾਂਕਿ ਸਪੀਕਰ ਵੱਲੋਂ ਪ੍ਰਤਾਪ ਸਿੰਘ ਬਾਜਵਾ ਅਤੇ ਬਿਕਰਮਜੀਤ ਸਿੰਘ ਚੌਧਰੀ ਦੇ ਕੰਮ ਰੋਕੂ ਮਤੇ ਨੂੰ ਰੱਦ ਕਰਨ ਤੋਂ ਬਾਅਦ ਕਾਂਗਰਸੀ ਮੈਂਬਰ ਹੋਰ ਤਿੱਖੇ ਹੋ ਗਏ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਜਾਰੀ ਰੱਖੀ।
‘ਤਾਰੀਖ ‘ਤੇ ਤਾਰੀਖ’ ਵਾਲੇ ਬਿਆਨ ਨੇ ਬਟੋਰੀਆਂ ਸੁਰਖੀਆਂ
ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੇ ਪ੍ਰਸ਼ਨਕਾਲ ਦੌਰਾਨ ਆਪਣੇ ਹਲਕੇ ਵਿੱਚ ਬਣਨ ਵਾਲੀਆਂ ਦੋ ਮਾਰਕੀਟ ਕਮੇਟੀਆਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ‘ਤੇ ਵਾਰ-ਵਾਰ ਇਤਰਾਜ਼ ਲਗਾਏ ਜਾ ਰਹੇ ਹਨ। ਉਨ੍ਹਾਂ ਮੰਤਰੀ ਨੂੰ ਅਪੀਲ ਕੀਤੀ ਕਿ ਵੱਖ-ਵੱਖ ਪੜਾਵਾਂ ਵਿੱਚ ਇਤਰਾਜ਼ ਲਗਾਉਣ ਦੀ ਥਾਂ ਇੱਕੋ ਵਾਰ ਸਾਰੇ ਇਤਰਾਜ਼ ਦੱਸੇ ਜਾਣ ਤਾਂ ਜੋ ਉਨ੍ਹਾਂ ਦਾ ਇਕੱਠੇ ਨਿਪਟਾਰਾ ਕੀਤਾ ਜਾ ਸਕੇ।
ਮੰਤਰੀ ਦੇ ਜਵਾਬ ਤੋਂ ਪਹਿਲਾਂ ਹੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, “ਤਾਰੀਖ ‘ਤੇ ਤਾਰੀਖ ਨਹੀਂ ਚੱਲੇਗੀ, ਮੰਤਰੀ ਸਾਹਿਬ ਇੱਕੋ ਵਾਰ ਸਾਰੇ ਇਤਰਾਜ਼ ਲਗਾਓ।” ਸਪੀਕਰ ਦੀ ਇਸ ਟਿੱਪਣੀ ਤੋਂ ਬਾਅਦ ਸਦਨ ਦਾ ਮਾਹੌਲ ਕੁਝ ਸਮੇਂ ਲਈ ਹਲਕਾ ਹੋ ਗਿਆ।
ਵਰਨਣਯੋਗ ਹੈ ਕਿ ਬੀਤੇ ਦਿਨ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਸਬੰਧੀ ਹਾਈ ਕੋਰਟ ਵਿੱਚ ਚੱਲ ਰਹੇ ਮਾਮਲੇ ਵਿੱਚ ਸਰਕਾਰ ਵੱਲੋਂ ਵਾਰ-ਵਾਰ ਸਮਾਂ ਮੰਗਣ ਦਾ ਮੁੱਦਾ ਉਠਾਇਆ ਸੀ। ਉਸ ਵੇਲੇ ਸਪੀਕਰ ਅਤੇ ਸੱਤਾ ਧਿਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਸੀ, ਪਰ ਅੱਜ ਹੁਕਮਰਾਨ ਧਿਰ ਦੇ ਵਿਧਾਇਕ ਵੱਲੋਂ ਇਹ ਮਸਲਾ ਉਠਾਉਂਦੇ ਹੀ ਸਪੀਕਰ ਨੇ ਤੁਰੰਤ ਮੰਤਰੀ ਨੂੰ ਹਦਾਇਤ ਕਰ ਦਿੱਤੀ।
ਪਠਾਣਮਾਜਰਾ ਦੀ ਟਿੱਪਣੀ ‘ਤੇ ਸਦਨ ਵਿੱਚ ਗੂੰਜੇ ਠਹਾਕੇ
ਹੁਕਮਰਾਨ ਧਿਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਪੁੱਛੇ ਗਏ ਇੱਕ ਸਵਾਲ ਨੇ ਸਦਨ ਵਿੱਚ ਹਾਸੇ ਦਾ ਮਾਹੌਲ ਬਣਾ ਦਿੱਤਾ। ਉਨ੍ਹਾਂ ਬਠਿੰਡਾ ਜੇਲ੍ਹ ਵਿੱਚ ਵਾਟਰ ਕੂਲਰਾਂ ਦੀ ਘਾਟ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਜੇਲ੍ਹ ਵਿੱਚ ਸਿਰਫ਼ ਇੱਕ ਵਾਟਰ ਕੂਲਰ ਹੈ, ਜਦਕਿ ਉੱਥੇ ਦੋ ਹਜ਼ਾਰ ਤੋਂ ਵੱਧ ਕੈਦੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਰਹਿਣ ਦਾ ਤਜਰਬਾ ਹੈ, ਪਰ ਹੁਣ ਤਾਂ ਕਈ ਹੋਰ ਵੀ ਜੇਲ੍ਹ ਜਾ ਚੁੱਕੇ ਹਨ ਅਤੇ ਇਹ ਵੀ ਨਹੀਂ ਪਤਾ ਕਿ ਕਦੋਂ ਕਿਸੇ ਨੂੰ ਜੇਲ੍ਹ ਜਾਣਾ ਪੈ ਜਾਵੇ। ਉਨ੍ਹਾਂ ਦੀ ਇਸ ਗੱਲ ‘ਤੇ ਸਦਨ ਵਿੱਚ ਜ਼ੋਰਦਾਰ ਠਹਾਕੇ ਲੱਗੇ।
ਇਸ ਦੇ ਜਵਾਬ ਵਿੱਚ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਨਵੇਂ ਵਾਟਰ ਕੂਲਰ ਲਗਾਉਣ ਜਾ ਰਹੀ ਹੈ ਅਤੇ ਇਸ ਲਈ ਟੈਂਡਰ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਮੰਨਿਆ ਕਿ ਕਈ ਜੇਲ੍ਹਾਂ ਵਿੱਚ ਸਮਰੱਥਾ ਤੋਂ ਵੱਧ ਕੈਦੀ ਰਹਿ ਰਹੇ ਹਨ।
ਸਰਕਾਰੀ ਸਕੂਲਾਂ ਵਿੱਚ ਬਿਜਲੀ ਦੀ ਘਾਟ ਦਾ ਮਸਲਾ ਵੀ ਉਠਿਆ
ਹਰਮੀਤ ਸਿੰਘ ਪਠਾਣਮਾਜਰਾ ਨੇ ਸਦਨ ਵਿੱਚ ਸਰਕਾਰੀ ਸਕੂਲਾਂ ਵਿੱਚ ਬਿਜਲੀ ਦੀ ਕਮੀ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਕਈ ਸਕੂਲਾਂ ਨੂੰ ਐਨਆਰਆਈ ਭਰਾਵਾਂ ਦੀ ਮਦਦ ਨਾਲ ਏਸੀ ਮਿਲੇ ਹਨ, ਪਰ ਬਿਜਲੀ ਨਾ ਹੋਣ ਕਾਰਨ ਉਹ ਵਰਤੋਂ ਵਿੱਚ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਅਮੀਰਾਂ ਦੇ ਬੱਚੇ ਨਿੱਜੀ ਜਾਂ ਵਿਦੇਸ਼ੀ ਸਕੂਲਾਂ ਵਿੱਚ ਪੜ੍ਹਦੇ ਹਨ, ਜਦਕਿ ਗਰੀਬਾਂ ਦੇ ਬੱਚਿਆਂ ਨੂੰ ਇਹ ਸਹੂਲਤ ਨਹੀਂ ਮਿਲ ਰਹੀ। ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਕ ਬਿਜਲੀ ਦੇ ਬਿੱਲਾਂ ਦੇ ਡਰ ਕਾਰਨ ਏਸੀ ਚਲਾਉਣ ਤੋਂ ਵੀ ਕਤਰਾਉਂਦੇ ਹਨ। ਉਨ੍ਹਾਂ ਯਾਦ ਦਿਵਾਇਆ ਕਿ ਪਿਛਲੇ ਸੈਸ਼ਨ ਵਿੱਚ ਸਕੂਲਾਂ ਵਿੱਚ ਸੋਲਰ ਪਲਾਂਟ ਲਗਾਉਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਇਸ ‘ਤੇ ਕੰਮ ਸ਼ੁਰੂ ਨਹੀਂ ਹੋਇਆ। ਪਠਾਣਮਾਜਰਾ ਨੇ ਕਿਹਾ ਕਿ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਬਿਹਤਰ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਏਸੀ ਚਲਾਉਣ ਦਾ ਪੱਕਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।
ਇਸ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੇਡਾ ਰਾਹੀਂ ਸਰਕਾਰੀ ਅਤੇ ਨਿੱਜੀ ਇਮਾਰਤਾਂ ਵਿੱਚ ਸੋਲਰ ਸਿਸਟਮ ਲਗਾਉਣ ਦੀ ਯੋਜਨਾ ‘ਤੇ ਕੰਮ ਜਾਰੀ ਹੈ। ਇਸ ਮੌਕੇ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਸਰਕਾਰੀ ਸਕੂਲ ਦਾ ਬਿਜਲੀ ਬਿੱਲ ਬਕਾਇਆ ਹੋਣ ਕਾਰਨ ਉਸ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/
