ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਅਹਿਮ ਫ਼ੈਸਲਿਆਂ ‘ਤੇ ਮੋਹਰ, ਪ੍ਰਾਈਵੇਟ ਸਕੂਲਾਂ ਦੀ ਫ਼ੀਸ ਅਤੇ ਆਊਟਸੋਰਸ ਮੁਲਾਜ਼ਮਾਂ ਲਈ ਨਵੇਂ ਪ੍ਰਬੰਧ ਮਨਜ਼ੂਰ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਅਹਿਮ ਫ਼ੈਸਲਿਆਂ ‘ਤੇ ਮੋਹਰ, ਪ੍ਰਾਈਵੇਟ ਸਕੂਲਾਂ ਦੀ ਫ਼ੀਸ ਅਤੇ ਆਊਟਸੋਰਸ ਮੁਲਾਜ਼ਮਾਂ ਲਈ ਨਵੇਂ ਪ੍ਰਬੰਧ ਮਨਜ਼ੂਰ

ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕੈਬਨਿਟ ਦੇ ਅਹਿਮ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਸਿੱਖਿਆ, ਰੁਜ਼ਗਾਰ ਅਤੇ ਪ੍ਰਸ਼ਾਸਨ ਨਾਲ ਜੁੜੇ ਕਈ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕੈਬਨਿਟ ਦੇ ਅਹਿਮ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਪ੍ਰਾਈਵੇਟ ਸਕੂਲਾਂ ਦੀ ਫ਼ੀਸ ‘ਤੇ ਸਰਕਾਰ ਰੱਖੇਗੀ ਨਜ਼ਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਲਿਆਂਦੇ ਗਏ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼’ ਨਾਲ ਸਬੰਧਤ ਆਰਡੀਨੈਂਸ ਨੂੰ ਹੁਣ ਬਿੱਲ ਦਾ ਰੂਪ ਦੇ ਕੇ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਣ ਅਤੇ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪੂਰੀ ਤਰ੍ਹਾਂ ਲਾਗੂ ਹੋਵੇਗਾ। ਉਦੋਂ ਤੱਕ ਪਹਿਲਾਂ ਜਾਰੀ ਕੀਤਾ ਗਿਆ ਆਰਡੀਨੈਂਸ ਹੀ ਪ੍ਰਭਾਵੀ ਰਹੇਗਾ।

ਫ਼ੀਸ ਵਾਧੇ ਲਈ 5 ਫ਼ੀਸਦੀ ਦੀ ਸੀਮਾ ਤੈਅ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੈਰ-ਸਹਾਇਤਾ ਪ੍ਰਾਪਤ (ਪ੍ਰਾਈਵੇਟ) ਸਕੂਲਾਂ ਲਈ ਹਰ ਸਾਲ ਫ਼ੀਸ ਵਧਾਉਣ ਦੀ ਵੱਧ ਤੋਂ ਵੱਧ ਹੱਦ 5 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਜੇਕਰ ਕੋਈ ਸਕੂਲ ਇਸ ਤੋਂ ਵੱਧ ਫ਼ੀਸ ਵਧਾਉਣਾ ਚਾਹੇਗਾ ਤਾਂ ਉਸ ਨੂੰ ਸਰਕਾਰ ਵੱਲੋਂ ਬਣਾਈ ਜਾਣ ਵਾਲੀ ਰੈਗੂਲੇਟਰੀ ਬਾਡੀ ਤੋਂ ਪਹਿਲਾਂ ਮਨਜ਼ੂਰੀ ਲੈਣੀ ਪਵੇਗੀ। ਇਸ ਨਾਲ ਬੇਲੋੜੇ ਫ਼ੀਸ ਵਾਧੇ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਯੰਤਰਣ ਕੀਤਾ ਜਾ ਸਕੇਗਾ।

ਆਊਟਸੋਰਸ ਕਰਮਚਾਰੀਆਂ ਲਈ ਨਵਾਂ ਕਾਨੂੰਨੀ ਢਾਂਚਾ

ਵਿੱਤ ਮੰਤਰੀ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਵੱਡੀ ਗਿਣਤੀ ਵਿੱਚ ਕਰਮਚਾਰੀ ਠੇਕੇਦਾਰਾਂ ਰਾਹੀਂ ਆਊਟਸੋਰਸ ਆਧਾਰ ‘ਤੇ ਸੇਵਾਵਾਂ ਨਿਭਾ ਰਹੇ ਹਨ। ਹੁਣ ਪੰਜਾਬ ਕੈਬਨਿਟ ਨੇ ਇੱਕ ਮਹੱਤਵਪੂਰਨ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਤਹਿਤ ਅਜਿਹੇ ਕਾਮਿਆਂ ਨੂੰ ਠੇਕੇਦਾਰਾਂ ਦੀ ਥਾਂ ਸਿੱਧੇ ਸਰਕਾਰ ਦੇ ਅਧੀਨ ਕਾਂਟ੍ਰੈਕਟ ਆਧਾਰ ‘ਤੇ ਰੱਖਣ ਦੀ ਵਿਵਸਥਾ ਕੀਤੀ ਜਾਵੇਗੀ।

ਵਿਧਾਨ ਸਭਾ ਵਿੱਚ ਜਲਦੀ ਲਿਆਂਦਾ ਜਾਵੇਗਾ ਬਿੱਲ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਬਿੱਲ ਨੂੰ ਛੇਤੀ ਹੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਵਿਧਾਨ ਸਭਾ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਰਾਜਪਾਲ ਦੀ ਸਹਿਮਤੀ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਇੱਕ ਮਨੀ ਬਿੱਲ ਹੈ, ਇਸ ਲਈ ਇਸ ਨੂੰ ਸਦਨ ਵਿੱਚ ਪੇਸ਼ ਕਰਨ ਤੋਂ ਪਹਿਲਾਂ ਵੀ ਰਾਜਪਾਲ ਤੋਂ ਲੋੜੀਂਦੀ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਕੈਬਨਿਟ ਵੱਲੋਂ ਲਏ ਗਏ ਇਹ ਫ਼ੈਸਲੇ ਪੰਜਾਬ ਦੇ ਨੌਜਵਾਨਾਂ, ਸਿੱਖਿਆ ਖੇਤਰ ਅਤੇ ਕਰਮਚਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ। ਇਸ ਦੇ ਨਾਲ ਹੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਦੌਰਾਨ ਲਏ ਗਏ ਹੋਰ ਅਹਿਮ ਫ਼ੈਸਲਿਆਂ ਬਾਰੇ ਵੀ ਮੀਡੀਆ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/

Leave a Reply

Your email address will not be published. Required fields are marked *