ਗੰਨਾ ਕਿਸਾਨਾਂ ਦੀ ਸਰਕਾਰ ਨੂੰ ਦੋ-ਟੁੱਕ ਚੇਤਾਵਨੀ, ਮੰਗਾਂ ਪੂਰੀਆਂ ਨਾ ਹੋਈਆਂ ਤਾਂ 20 ਅਗਸਤ ਤੋਂ ਸ਼ੁਰੂ ਹੋਵੇਗਾ ਤਿੱਖਾ ਅੰਦੋਲਨ
ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਪੰਜਾਬ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀ ਬਕਾਇਆ ਰਕਮ ਜਲਦੀ ਅਦਾ ਨਾ ਕੀਤੀ ਗਈ ਤਾਂ 20 ਅਗਸਤ ਨੂੰ ਫਗਵਾੜਾ ਵਿੱਚ ਵਿਸ਼ਾਲ ਰੈਲੀ ਤੋਂ ਬਾਅਦ ਕਿਸਾਨ ਸੜਕਾਂ ‘ਤੇ ਉਤਰ ਕੇ ਅੰਦੋਲਨ ਸ਼ੁਰੂ ਕਰਨਗੇ।

ਜਲੰਧਰ
ਬਿਊਰੋ ਰਿਪੋਰਟ
ਗੰਨਾ ਕਿਸਾਨਾਂ ਦੇ ਬਕਾਇਆ ਭੁਗਤਾਨ ਦੇ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਪੰਜਾਬ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀ ਬਕਾਇਆ ਰਕਮ ਜਲਦੀ ਅਦਾ ਨਾ ਕੀਤੀ ਗਈ ਤਾਂ 20 ਅਗਸਤ ਨੂੰ ਫਗਵਾੜਾ ਵਿੱਚ ਵਿਸ਼ਾਲ ਰੈਲੀ ਤੋਂ ਬਾਅਦ ਕਿਸਾਨ ਸੜਕਾਂ ‘ਤੇ ਉਤਰ ਕੇ ਅੰਦੋਲਨ ਸ਼ੁਰੂ ਕਰਨਗੇ। ਉਨ੍ਹਾਂ ਦੱਸਿਆ ਕਿ ਸਾਲ 2021-22 ਦੀ 27.84 ਕਰੋੜ ਰੁਪਏ ਦੀ ਬਕਾਇਆ ਰਕਮ ਅਤੇ ਸੀਜ਼ਨ 2025-26 ਦੌਰਾਨ ਫਗਵਾੜਾ ਸ਼ੂਗਰ ਮਿਲ ਵੱਲੋਂ 68 ਰੁਪਏ 50 ਪੈਸੇ ਪ੍ਰਤੀ ਕੁਇੰਟਲ ਅਤੇ ਕੋ-ਆਪ੍ਰੇਟਿਵ ਮਿਲਾਂ ਵੱਲੋਂ 41 ਰੁਪਏ 60 ਪੈਸੇ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੱਟੀ ਗਈ ਪੈਨਲਟੀ ਅਜੇ ਵੀ ਕਿਸਾਨਾਂ ਨੂੰ ਨਹੀਂ ਮਿਲੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਹੀ ਹੁਕਮਾਂ ਨੂੰ ਲਾਗੂ ਕਰਵਾਉਣ ਵਿੱਚ ਨਾਕਾਮ ਰਹੀ ਹੈ। ਖੇਤੀਬਾੜੀ ਮੰਤਰੀ ਨਾਲ ਹੋਏ ਸਮਝੌਤੇ ਦੀਆਂ ਸਾਰੀਆਂ ਸ਼ਰਤਾਂ ਕਿਸਾਨਾਂ ਨੇ ਪੂਰੀਆਂ ਕੀਤੀਆਂ, ਫਿਰ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।
ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਯੂਨੀਅਨ ਦਾ ਇੱਕ ਵਫ਼ਦ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪੇਗਾ। ਜੇਕਰ ਇਸ ਤੋਂ ਬਾਅਦ ਵੀ ਕੋਈ ਹੱਲ ਨਾ ਨਿਕਲਿਆ ਤਾਂ 20 ਅਗਸਤ ਨੂੰ ਫਗਵਾੜਾ ਦੀ ਦਾਣਾ ਮੰਡੀ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਕਿਸਾਨ ਸੜਕਾਂ ‘ਤੇ ਉਤਰ ਕੇ ਅੰਦੋਲਨ ਸ਼ੁਰੂ ਕਰਨਗੇ। ਇਹ ਸੰਘਰਸ਼ ਕਿੰਨਾ ਲੰਮਾ ਚੱਲੇਗਾ, ਇਸ ਬਾਰੇ ਫ਼ੈਸਲਾ ਵੀ 20 ਅਗਸਤ ਨੂੰ ਹੋਣ ਵਾਲੀ ਰੈਲੀ ਦੌਰਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਕਾਰਨ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਸੰਧਵਾ, ਨਵਾਂਸ਼ਹਿਰ ਦੇ ਪ੍ਰਧਾਨ ਬਲਜਿੰਦਰ ਸਿੰਘ ਚੱਕ ਮੰਡੇਰ, ਜਲੰਧਰ ਦੇ ਪ੍ਰਧਾਨ ਹਰਜੀਤ ਸਿੰਘ ਢੇਸੀ, ਤਰਸੇਮ ਸਿੰਘ ਢਿੱਲੋਂ, ਰਨਵਿੰਦਰ ਸਿੰਘ, ਕਸ਼ਮੀਰ ਸਿੰਘ ਪੰਨੂ, ਗੁਰਚੇਤਨ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਭੋਗਪੁਰ, ਚਰਨਜੀਤ ਸਿੰਘ, ਮਨਜਿੰਦਰ ਸਿੰਘ, ਨਿਰਮਲ ਸਿੰਘ, ਕੁਲਜੀਤ ਸਿੰਘ, ਓਮਕਾਰ ਸਿੰਘ ਸਮੇਤ ਯੂਨੀਅਨ ਦੇ ਕਈ ਅਹੁਦੇਦਾਰ ਅਤੇ ਮੈਂਬਰ ਵੀ ਹਾਜ਼ਰ ਰਹੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/
