ਗੁਰਬਾਣੀ ਪ੍ਰਸਾਰਣ ਵਿਵਾਦ ਹੋਇਆ ਗਰਮ, SGPC ਨੇ GTC ‘ਤੇ ਚੁੱਕੇ ਸਵਾਲ, ਕਾਨੂੰਨੀ ਕਾਰਵਾਈ ਦੀ ਦਿੱਤੀ ਚੇਤਾਵਨੀ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰਾਂ ਵਿੱਚ ਦਖ਼ਲ ਦੇਣ ਵਾਲਿਆਂ ਖ਼ਿਲਾਫ਼ ਕਾਨੂੰਨੀ ਪ੍ਰਕਿਰਿਆ ਅਨੁਸਾਰ ਸਖ਼ਤ ਕਦਮ ਚੁੱਕੇ ਜਾਣਗੇ।

ਸ੍ਰੀ ਅੰਮ੍ਰਿਤਸਰ ਸਾਹਿਬ
ਬਿਊਰੋ ਰਿਪੋਰਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਾਅਵਾ ਕੀਤਾ ਹੈ ਕਿ GTC News Channel ਵੱਲੋਂ ਭੇਜੇ ਗਏ ਕਾਨੂੰਨੀ ਨੋਟਿਸ ਨੂੰ ਨਜ਼ਰਅੰਦਾਜ਼ ਕਰਦਿਆਂ ਗੁਰਬਾਣੀ ਦਾ ਕਥਿਤ ਤੌਰ ‘ਤੇ ਗੈਰ-ਅਧਿਕਾਰਤ ਪ੍ਰਸਾਰਣ ਜਾਰੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰਾਂ ਵਿੱਚ ਦਖ਼ਲ ਦੇਣ ਵਾਲਿਆਂ ਖ਼ਿਲਾਫ਼ ਕਾਨੂੰਨੀ ਪ੍ਰਕਿਰਿਆ ਅਨੁਸਾਰ ਸਖ਼ਤ ਕਦਮ ਚੁੱਕੇ ਜਾਣਗੇ।
ਸ਼੍ਰੋਮਣੀ ਕਮੇਟੀ ਦੀ ਭੂਮਿਕਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਬਰਦਾਸ਼ਤ ਨਹੀਂ: ਧਾਮੀ
ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੇ ਪੰਥ ਦੀ ਨੁਮਾਇੰਦਾ ਸੰਸਥਾ ਹੈ ਅਤੇ ਇਸ ਦੀ ਸੰਵਿਧਾਨਕ ਭੂਮਿਕਾ ਨੂੰ ਚੁਣੌਤੀ ਦੇਣ ਵਾਲੀਆਂ ਕਾਰਵਾਈਆਂ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਇਹ ਵੀ ਸਾਹਮਣੇ ਆ ਜਾਵੇਗਾ ਕਿ ਅਜਿਹੀਆਂ ਗਤੀਵਿਧੀਆਂ ਦੇ ਪਿੱਛੇ ਕਿਹੜੀਆਂ ਤਾਕਤਾਂ ਸਰਗਰਮ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਇੱਕ ਸੋਚੀ-ਸਮਝੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਪਿੱਛੇ ਕੰਮ ਕਰਨ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਮਨਸੂਬਿਆਂ ਤੋਂ ਵੀ ਜਲਦੀ ਪਰਦਾ ਉੱਠ ਜਾਵੇਗਾ।
ਵਿਧਾਨ ਸਭਾ ਵਿੱਚ ਅਸਲ ਮੁੱਦਿਆਂ ਦੀ ਥਾਂ SGPC ਨੂੰ ਬਣਾਇਆ ਜਾ ਰਿਹਾ ਨਿਸ਼ਾਨਾ
ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਨਾਲ ਜੁੜੇ ਅਹਿਮ ਅਤੇ ਜਨਤਕ ਸਰੋਕਾਰਾਂ ਵਾਲੇ ਮਸਲਿਆਂ ‘ਤੇ ਚਰਚਾ ਕਰਨ ਦੀ ਬਜਾਏ ਵਿਧਾਨ ਸਭਾ ਵਿੱਚ ਸ਼੍ਰੋਮਣੀ ਕਮੇਟੀ ਨੂੰ ਹੀ ਕੇਂਦਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦਾ ਧਿਆਨ ਅਸਲ ਸਮੱਸਿਆਵਾਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਧਾਰਮਿਕ ਮਾਮਲਿਆਂ ਨੂੰ ਜਾਣਬੁੱਝ ਕੇ ਉਭਾਰਿਆ ਜਾ ਰਿਹਾ ਹੈ, ਤਾਂ ਜੋ ਬੇਰੁਜ਼ਗਾਰੀ, ਨਸ਼ਾਖੋਰੀ, ਵਿਕਾਸ ਕਾਰਜਾਂ ਅਤੇ ਹੋਰ ਗੰਭੀਰ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ।
ਗੁਰਬਾਣੀ ਪ੍ਰਸਾਰਣ ਦੇ ਮਾਮਲੇ ਨੂੰ ਬਿਨਾਂ ਕਾਰਨ ਵਿਵਾਦ ਬਣਾਇਆ ਜਾ ਰਿਹਾ ਹੈ
ਪੀਟੀਸੀ ਵੱਲੋਂ ਕੀਤੇ ਜਾ ਰਹੇ ਗੁਰਬਾਣੀ ਪ੍ਰਸਾਰਣ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤ ਨੂੰ ਇਸ ਸਬੰਧੀ ਕੋਈ ਇਤਰਾਜ਼ ਜਾਂ ਸ਼ਿਕਾਇਤ ਨਹੀਂ ਹੈ। ਉਨ੍ਹਾਂ ਦਾ ਕਹਿਣਾ ਸੀ ਕਿ GTC ਨਾਮ ਦਾ ਨਵਾਂ ਚੈਨਲ ਸ਼ੁਰੂ ਹੋਣ ਤੋਂ ਬਾਅਦ ਹੀ ਇਸ ਵਿਸ਼ੇ ਨੂੰ ਬੇਲੋੜੇ ਢੰਗ ਨਾਲ ਵਿਵਾਦ ਦਾ ਰੂਪ ਦਿੱਤਾ ਜਾ ਰਿਹਾ ਹੈ, ਜਦਕਿ ਗੁਰਬਾਣੀ ਨਾਲ ਜੁੜੀਆਂ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਅਜਿਹੇ ਵਿਵਾਦਾਂ ਤੋਂ ਦੂਰ ਰੱਖਣਾ ਚਾਹੀਦਾ ਹੈ।
ਸਮੁੱਚਾ ਦਲ-ਪੰਥ ਅਤੇ ਸੰਪਰਦਾਵਾਂ SGPC ਦੇ ਨਾਲ ਖੜ੍ਹੀਆਂ ਹਨ
ਐਡਵੋਕੇਟ ਧਾਮੀ ਨੇ ਕਿਹਾ ਕਿ ਵੱਖ-ਵੱਖ ਪੰਥਕ ਜਥੇਬੰਦੀਆਂ, ਦਲਾਂ ਅਤੇ ਸੰਪਰਦਾਵਾਂ ਨੇ ਸ਼੍ਰੋਮਣੀ ਕਮੇਟੀ ਪ੍ਰਤੀ ਆਪਣਾ ਸਮਰਥਨ ਪ੍ਰਗਟਾਇਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ਮੀਰੀ-ਪੀਰੀ ਖਾਲਸਾ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਹੋਈ ਸ਼ਮੂਲੀਅਤ ਇਸ ਗੱਲ ਦੀ ਗਵਾਹ ਹੈ ਕਿ ਪੰਥ ਸ਼੍ਰੋਮਣੀ ਕਮੇਟੀ ਦੇ ਨਾਲ ਇਕਜੁੱਟ ਹੋ ਕੇ ਖੜ੍ਹਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਥ ਦੀ ਪ੍ਰਮੁੱਖ ਨੁਮਾਇੰਦਾ ਸੰਸਥਾ ਹੈ ਅਤੇ ਇਸ ਦੇ ਅਧਿਕਾਰਾਂ ਨੂੰ ਘਟਾਉਣ ਜਾਂ ਚੁਣੌਤੀ ਦੇਣ ਵਾਲੀਆਂ ਹਰ ਕੋਸ਼ਿਸ਼ ਦਾ ਪੰਥਕ ਪੱਧਰ ‘ਤੇ ਢੁੱਕਵਾਂ ਅਤੇ ਮਜ਼ਬੂਤ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਮਸਲਿਆਂ ਨੂੰ ਸਿਆਸੀ ਰੰਗ ਦੇਣ ਦੀ ਥਾਂ ਪੰਜਾਬ ਸਰਕਾਰ ਨੂੰ ਸੂਬੇ ਦੇ ਲੋਕਾਂ ਨਾਲ ਜੁੜੀਆਂ ਅਸਲ ਸਮੱਸਿਆਵਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/
