ਕਾਨੂੰਨੀ ਨੋਟਿਸ ‘ਤੇ GTC ਦੇ ਐੱਮਡੀ ਰਾਬਿੰਦਰਾ ਨਾਰਾਇਣ ਦਾ ਪਲਟਵਾਰ, ਕਿਹਾ- ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਨਹੀਂ ਹੋਵੇਗਾ ਬੰਦ

ਕਾਨੂੰਨੀ ਨੋਟਿਸ ‘ਤੇ GTC ਦੇ ਐੱਮਡੀ ਰਾਬਿੰਦਰਾ ਨਾਰਾਇਣ ਦਾ ਪਲਟਵਾਰ, ਕਿਹਾ- ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਨਹੀਂ ਹੋਵੇਗਾ ਬੰਦ

ਰਾਬਿੰਦਰਾ ਨਾਰਾਇਣ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਅਧਿਕਾਰਤ ਤੌਰ ‘ਤੇ ਕੋਈ ਕਾਨੂੰਨੀ ਨੋਟਿਸ ਪ੍ਰਾਪਤ ਹੁੰਦਾ ਹੈ ਤਾਂ ਉਸ ਦਾ ਜਵਾਬ ਕਾਨੂੰਨੀ ਪ੍ਰਕਿਰਿਆ ਅਨੁਸਾਰ ਦਿੱਤਾ ਜਾਵੇਗਾ।

ਸ੍ਰੀ ਅੰਮ੍ਰਿਤਸਰ ਸਾਹਿਬ

ਬਿਊਰੋ ਰਿਪੋਰਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਕਥਿਤ ਬਿਨਾਂ ਇਜਾਜ਼ਤ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ GTC ਨਿਊਜ਼ ਚੈਨਲ ਨੂੰ ਕਾਨੂੰਨੀ ਨੋਟਿਸ ਜਾਰੀ ਕੀਤੇ ਜਾਣ ਮਗਰੋਂ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਰਾਬਿੰਦਰਾ ਨਾਰਾਇਣ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਰਾਬਿੰਦਰਾ ਨਾਰਾਇਣ ਨੇ ਫੇਸਬੁੱਕ ਰਾਹੀਂ ਆਪਣਾ ਪੱਖ ਸਾਂਝਾ ਕਰਦਿਆਂ ਕਿਹਾ ਕਿ ਗੁਰਬਾਣੀ ਦਾ ਲਾਈਵ ਪ੍ਰਸਾਰਣ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ ਵਿੱਚ ਬੰਦ ਨਹੀਂ ਕੀਤਾ ਜਾਵੇਗਾ।

ਰਾਬਿੰਦਰਾ ਨਾਰਾਇਣ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਅਧਿਕਾਰਤ ਤੌਰ ‘ਤੇ ਕੋਈ ਕਾਨੂੰਨੀ ਨੋਟਿਸ ਪ੍ਰਾਪਤ ਹੁੰਦਾ ਹੈ ਤਾਂ ਉਸ ਦਾ ਜਵਾਬ ਕਾਨੂੰਨੀ ਪ੍ਰਕਿਰਿਆ ਅਨੁਸਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ GTC ਚੈਨਲ ‘ਤੇ ਗੁਰਬਾਣੀ ਦਾ ਪ੍ਰਸਾਰਣ ਕਰਕੇ ਉਹ ਸ਼੍ਰੋਮਣੀ ਕਮੇਟੀ ਦੇ ਧਾਰਮਿਕ ਪ੍ਰਚਾਰ ਕਾਰਜਾਂ ਵਿੱਚ ਸਹਿਯੋਗ ਹੀ ਕਰ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਪ੍ਰਸਾਰਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਧਾਰਮਿਕ ਮਰਿਆਦਾ ਜਾਂ ਪਰੰਪਰਾ ਦੀ ਉਲੰਘਣਾ ਨਹੀਂ ਹੋਈ।

ਉਨ੍ਹਾਂ ਇਹ ਵੀ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦਾ ਉਨ੍ਹਾਂ ਨੂੰ ਸਾਲ 1998 ਤੋਂ ਲੰਮਾ ਤਜਰਬਾ ਹੈ। ਜੇਕਰ ਇਸ ਦੇ ਬਾਵਜੂਦ ਕਿਸੇ ਪੱਖ ਨੂੰ ਕੋਈ ਇਤਰਾਜ਼ ਜਾਂ ਸ਼ਿਕਾਇਤ ਹੈ ਤਾਂ ਉਸ ਨੂੰ ਆਪਸੀ ਗੱਲਬਾਤ ਰਾਹੀਂ ਸੁਲਝਾਇਆ ਜਾ ਸਕਦਾ ਹੈ। ਰਾਬਿੰਦਰਾ ਨਾਰਾਇਣ ਨੇ ਕਿਹਾ ਕਿ ਉਨ੍ਹਾਂ ਦੇ ਚੈਨਲ ਵੱਲੋਂ ਕੀਤੇ ਜਾ ਰਹੇ ਗੁਰਬਾਣੀ ਪ੍ਰਸਾਰਣ ਨਾਲ ਨਾ ਤਾਂ ਕਿਸੇ ਧਾਰਮਿਕ ਮਰਿਆਦਾ ਦੀ ਉਲੰਘਣਾ ਹੋਈ ਹੈ ਅਤੇ ਨਾ ਹੀ ਸ਼੍ਰੋਮਣੀ ਕਮੇਟੀ ਨੂੰ ਕਿਸੇ ਕਿਸਮ ਦਾ ਵਿੱਤੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਹੋਰ ਚੈਨਲਾਂ ਲਈ ਵੀ ਖੁੱਲ੍ਹਾ ਹੋਣਾ ਚਾਹੀਦਾ ਹੈ ਅਤੇ ਇਸ ਉੱਤੇ ਕਿਸੇ ਇੱਕ ਸੰਸਥਾ ਜਾਂ ਚੈਨਲ ਦਾ ਇਕਾਧਿਕਾਰ ਨਹੀਂ ਹੋਣਾ ਚਾਹੀਦਾ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/

Leave a Reply

Your email address will not be published. Required fields are marked *