ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਅਤੇ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਸ੍ਰੀ ਹਜ਼ੂਰ ਸਾਹਿਬ ਵਿਖੇ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ।
ਅੰਮ੍ਰਿਤਸਰ
ਬਿਊਰੋ ਰਿਪੋਰਟ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸ. ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਪਰੀ ਅਜਿਹੀ ਦੁਖਦਾਈ ਘਟਨਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।

ਨਾਂਦੇੜ ਦੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ’ਚ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਗ ਗੜਗੱਜ ਨੇ ਕੀਤੀ ਸਖ਼ਤ ਨਿੰਦਾ


ਸ੍ਰੀ ਅੰਮ੍ਰਿਤਸਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ ਜਿੱਥੋਂ ਸਰਬੱਤ ਦੇ ਭਲੇ ਦਾ ਅਰਦਾਸ ਕੀਤੀ ਜਾਂਦੀ ਹੈ ਅਤੇ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ਼ਰਧਾਲੂ ਸਿੱਖ ਵਜੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹੋਏ ਹਨ, ਜਿੱਥੇ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਵੱਲੋਂ ਅੱਜ ਸਵੇਰੇ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਬਖ਼ਸ਼ਿਆ ਗਿਆ, ਪਰੰਤੂ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਉਨ੍ਹਾਂ ਉੱਤੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਵਿੱਚ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਜਿੱਥੇ ਗੁਰਦੁਆਰਾ ਸਾਹਿਬਾਨ ਦੇ ਮਾਣ ਸਤਿਕਾਰ ਨੂੰ ਠੇਸ ਪੁੱਜਦੀ ਹੈ ਉੱਥੇ ਹੀ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਭਾਰੀ ਸੱਟ ਵੱਜਦੀ ਹੈ।
ਉਨ੍ਹਾਂ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ਉੱਤੇ ਹਮਲਾ ਨਹੀਂ ਕਰ ਸਕਦਾ ਅਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/

Leave a Reply

Your email address will not be published. Required fields are marked *