ਮੁਹਾਲੀ-ਚੰਡੀਗੜ੍ਹ ’ਚ ਹਾਈ ਅਲਰਟ, ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨਕਾਰੀਆਂ ਦਾ ਰਾਜਪਾਲ ਹਾਊਸ ਵੱਲ ਮਾਰਚ

ਮੁਹਾਲੀ-ਚੰਡੀਗੜ੍ਹ ’ਚ ਹਾਈ ਅਲਰਟ, ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨਕਾਰੀਆਂ ਦਾ ਰਾਜਪਾਲ ਹਾਊਸ ਵੱਲ ਮਾਰਚ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਮੋਰਚੇ ਦੇ ਸਮਰਥਕ ਰਾਜਪਾਲ ਹਾਊਸ ਵੱਲ ਵਧੇ, ਜਿਨ੍ਹਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ।

ਮੁਹਾਲੀ

ਬਿਊਰ ਰਿਪੋਰਟ

80ਵੇਂ ਆਜ਼ਾਦੀ ਦਿਹਾੜੇ ਮੌਕੇ ਜਿੱਥੇ ਦੇਸ਼ ਭਰ ਵਿੱਚ ਜਸ਼ਨ ਦਾ ਮਾਹੌਲ ਹੈ, ਉੱਥੇ ਹੀ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਮੋਰਚੇ ਦੇ ਸਮਰਥਕ ਰਾਜਪਾਲ ਹਾਊਸ ਵੱਲ ਵਧੇ, ਜਿਨ੍ਹਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ।

ਪ੍ਰਦਰਸ਼ਨਕਾਰੀਆਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਇਸ ਕਾਰਨ ਕੁਝ ਸਮੇਂ ਲਈ ਮੌਕੇ ’ਤੇ ਤਣਾਅ ਦਾ ਮਾਹੌਲ ਬਣਿਆ ਰਿਹਾ।

ਉਧਰ ਕੌਮੀ ਇਨਸਾਫ਼ ਮੋਰਚੇ ਦੇ ਸਮਰਥਕ ਮੁਹਾਲੀ ਵਿੱਚ ਲਗਾਤਾਰ ਇਕੱਠੇ ਹੋ ਰਹੇ ਹਨ ਅਤੇ ਚੰਡੀਗੜ੍ਹ ਵੱਲ ਕੂਚ ਦੀ ਤਿਆਰੀ ਕੀਤੀ ਜਾ ਰਹੀ ਹੈ। ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਐਂਟਰੀ ਪੁਆਇੰਟਾਂ ’ਤੇ ਸਖ਼ਤੀ, ਬੱਸਾਂ ਦੀ ਆਵਾਜਾਈ ਪ੍ਰਭਾਵਿਤ

ਪ੍ਰਦਰਸ਼ਨ ਦੇ ਮੱਦੇਨਜ਼ਰ ਮੁਹਾਲੀ ਅਤੇ ਚੰਡੀਗੜ੍ਹ ਦੇ ਕਈ ਦਾਖ਼ਲਾ ਮਾਰਗਾਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵੱਲੋਂ ਚੰਡੀਗੜ੍ਹ ਆਉਣ ਵਾਲੀਆਂ ਕੁਝ ਬੱਸਾਂ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਵਿੱਚ ਦਿੱਕਤ ਆ ਰਹੀ ਹੈ। ਕਈ ਯਾਤਰੀਆਂ ਨੂੰ ਸਰਹੱਦੀ ਇਲਾਕਿਆਂ ਵਿੱਚ ਹੀ ਉਤਾਰਿਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੁਲਿਸ ਨਾਕਿਆਂ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਜਾਂਚ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਤਸੱਲੀ ਹੋਣ ਤੋਂ ਬਾਅਦ ਹੀ ਰਾਹਗੀਰਾਂ ਨੂੰ ਅੱਗੇ ਜਾਣ ਦਿੱਤਾ ਜਾ ਰਿਹਾ ਹੈ।

ਹੱਥਾਂ ਵਿੱਚ ਤਸਵੀਰਾਂ ਲੈ ਕੇ ਮੋਰਚੇ ’ਚ ਪਹੁੰਚੇ ਬੱਚੇ

ਰੋਸ ਪ੍ਰਦਰਸ਼ਨ ਵਿੱਚ ਛੋਟੀ ਉਮਰ ਦੇ ਬੱਚੇ ਵੀ ਪਹੁੰਚੇ ਹੋਏ ਹਨ। ਕਈ ਬੱਚਿਆਂ ਦੇ ਹੱਥਾਂ ਵਿੱਚ ਜਗਤਾਰ ਸਿੰਘ ਹਵਾਰਾ ਅਤੇ ਹੋਰ ਬੰਦੀ ਸਿੰਘਾਂ ਦੀਆਂ ਤਸਵੀਰਾਂ ਦੇਖਣ ਨੂੰ ਮਿਲੀਆਂ। ਪ੍ਰਦਰਸ਼ਨਕਾਰੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।

2023 ਤੋਂ ਚੱਲ ਰਿਹਾ ਹੈ ਪੱਕਾ ਮੋਰਚਾ

ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਲੰਬੇ ਸਮੇਂ ਤੋਂ ਧਰਨਾ ਜਾਰੀ ਹੈ। ਮੋਰਚੇ ਮੁਤਾਬਕ 7 ਜਨਵਰੀ 2023 ਤੋਂ ਇਹ ਸੰਘਰਸ਼ ਲਗਾਤਾਰ ਚੱਲ ਰਿਹਾ ਹੈ।

ਮੋਰਚੇ ਦੇ ਆਗੂਆਂ ਦਾ ਦੋਸ਼ ਹੈ ਕਿ ਲੰਬੇ ਸਮੇਂ ਤੋਂ ਸੰਘਰਸ਼ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ। ਇਸ ਕਾਰਨ ਹੁਣ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਵੱਡੇ ਕਾਫ਼ਲੇ ਨਾਲ ਚੰਡੀਗੜ੍ਹ ਜਾਣ ਦਾ ਐਲਾਨ

ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸਿੱਖ ਸੰਗਤ, ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਹੋਰ ਸਮਰਥਕ ਮੁਹਾਲੀ ਸਥਿਤ ਪੱਕੇ ਮੋਰਚੇ ਵਾਲੀ ਥਾਂ ’ਤੇ ਪਹੁੰਚ ਰਹੇ ਹਨ।

ਮੋਰਚੇ ਵੱਲੋਂ ਦੁਪਹਿਰ 12 ਵਜੇ ਵੱਡੇ ਕਾਫ਼ਲੇ ਦੇ ਰੂਪ ਵਿੱਚ ਚੰਡੀਗੜ੍ਹ ਵੱਲ ਕੂਚ ਕਰਨ ਅਤੇ ਰਾਜਪਾਲ ਹਾਊਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ ਅਤੇ ਪ੍ਰਸ਼ਾਸਨ ਵੱਲੋਂ ਪੂਰੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।

 

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/

Leave a Reply

Your email address will not be published. Required fields are marked *