ਅਕਾਲੀ ਦਲ ਨਾਲ ਗਠਜੋੜ ਦੀਆਂ ਅਟਕਲਾਂ ਵਿਚਾਲੇ ਭਾਜਪਾ ਨੇ ਕੀਤਾ ਸਟੈਂਡ ਸਪੱਸ਼ਟ, ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਖੁਦ ਲੜਨ ਦੀ ਤਿਆਰੀ

ਅਕਾਲੀ ਦਲ ਨਾਲ ਗਠਜੋੜ ਦੀਆਂ ਅਟਕਲਾਂ ਵਿਚਾਲੇ ਭਾਜਪਾ ਨੇ ਕੀਤਾ ਸਟੈਂਡ ਸਪੱਸ਼ਟ, ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਖੁਦ ਲੜਨ ਦੀ ਤਿਆਰੀ

ਜਲੰਧਰ ਦੇ ਸੀਟੀ ਇੰਸਟੀਚਿਊਟ ਵਿੱਚ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੀਐਲ ਸੰਤੋਸ਼ ਨੇ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਨਾਲ ਚੋਣੀ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਜਲੰਧਰ

ਬਿਊਰੋ ਰਿਪੋਰਟ

ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸੰਭਾਵਿਤ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਭਾਜਪਾ ਨੇ ਆਪਣੀ ਚੋਣੀ ਰਣਨੀਤੀ ਸਪੱਸ਼ਟ ਕਰਨ ਦਾ ਦਾਅਵਾ ਕੀਤਾ ਹੈ। ਜਲੰਧਰ ਦੇ ਸੀਟੀ ਇੰਸਟੀਚਿਊਟ ਵਿੱਚ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੀਐਲ ਸੰਤੋਸ਼ ਨੇ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਨਾਲ ਚੋਣੀ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ ਹੋਵੇਗਾ ਅਤੇ ਭਾਜਪਾ ਆਪਣੇ ਦਮ ’ਤੇ ਚੋਣ ਮੈਦਾਨ ਵਿੱਚ ਉਤਰੇਗੀ।

117 ਹਲਕਿਆਂ ’ਚ ਸੰਗਠਨ ਮਜ਼ਬੂਤ ਕਰਨ ’ਤੇ ਜ਼ੋਰ

ਬੀਐਲ ਸੰਤੋਸ਼ ਨੇ ਪਾਰਟੀ ਵਰਕਰਾਂ ਨੂੰ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਵੱਲੋਂ ਵਰਕਰਾਂ ਨੂੰ ਹਰ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਿਹਾ ਗਿਆ।

ਆਪਣੇ ਪੰਜਾਬ ਦੌਰੇ ਦੌਰਾਨ ਬੀਐਲ ਸੰਤੋਸ਼ ਨੇ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਵੀ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਦੌਰੇ ਦੌਰਾਨ ਹੋਈਆਂ ਮੀਟਿੰਗਾਂ ਦੀ ਰਿਪੋਰਟ ਤਿਆਰ ਕਰਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੂੰ ਸੌਂਪੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।

ਜਲੰਧਰ ਮੀਟਿੰਗ ਵਿੱਚ ਕਈ ਵੱਡੇ ਆਗੂ ਸ਼ਾਮਲ

ਭਾਜਪਾ ਦੀ ਇਸ ਮੀਟਿੰਗ ਵਿੱਚ ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ਅਸ਼ੋਕ ਮਿੱਤਲ, ਤਜਿੰਦਰ ਬਿੱਟੂ, ਜੈਵੀਰ ਸ਼ੇਰਗਿੱਲ, ਮਨਪ੍ਰੀਤ ਬਾਦਲ ਅਤੇ ਵਿਜੇ ਸਾਂਪਲਾ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਾਬਕਾ ਮੇਅਰ ਰਾਕੇਸ਼ ਰਾਠੌਰ, ਸਾਬਕਾ ਵਿਧਾਇਕ ਕੇਡੀ ਭੰਡਾਰੀ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਸਮੇਤ ਹੋਰ ਆਗੂਆਂ ਨੇ ਵੀ ਮੀਟਿੰਗ ਵਿੱਚ ਹਿੱਸਾ ਲਿਆ।

ਮੋਦੀ-ਸੁਖਬੀਰ ਮੁਲਾਕਾਤ ਤੋਂ ਬਾਅਦ ਵਧੀਆਂ ਸਨ ਸਿਆਸੀ ਕਿਆਸਅਰਾਈਆਂ

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਾਲੇ ਮੁੜ ਸਿਆਸੀ ਸਮਝੌਤੇ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਚਰਚਾ ਤੇਜ਼ ਹੋਈ ਸੀ।

ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਮਹਿਲਾ ਰਿਜ਼ਰਵੇਸ਼ਨ ਬਿੱਲ ਅਤੇ ਹੱਦਬੰਦੀ ਸਮੇਤ ਕੁਝ ਕੇਂਦਰੀ ਮੁੱਦਿਆਂ ’ਤੇ ਹਮਾਇਤ ਦੇਣ ਤੋਂ ਬਾਅਦ ਇਨ੍ਹਾਂ ਕਿਆਸਅਰਾਈਆਂ ਨੂੰ ਹੋਰ ਬਲ ਮਿਲਿਆ ਸੀ।

ਹਾਲਾਂਕਿ ਹੁਣ ਭਾਜਪਾ ਦੇ ਪੰਜਾਬ ਆਗੂਆਂ ਵੱਲੋਂ ਇਕੱਲੇ ਚੋਣ ਲੜਨ ਦੇ ਬਿਆਨ ਤੋਂ ਬਾਅਦ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਨੂੰ ਨਵਾਂ ਮੋੜ ਮਿਲ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/

Leave a Reply

Your email address will not be published. Required fields are marked *