ਪੰਜਾਬ ਕਾਂਗਰਸ ਦਾ ਚੰਡੀਗੜ੍ਹ ’ਚ ਰੋਸ, ਆਗੂਆਂ ਦੇ ਸਮਰਥਨ ’ਚ ਪ੍ਰਦਰਸ਼ਨ; ਕਈ ਵਰਕਰ ਪੁਲਿਸ ਹਿਰਾਸਤ ’ਚ
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਡਾ. ਰਾਜਕੁਮਾਰ ਵੇਰਕਾ ਨੇ ਕੀਤੀ। ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਮਾਮਲੇ ਨੂੰ ਸਿਆਸੀ ਬਦਲਾਖੋਰੀ ਦੱਸਦਿਆਂ ਇਸ ਦਾ ਵਿਰੋਧ ਕੀਤਾ।

ਚੰਡੀਗੜ੍ਹ
ਬਿਊਰੋ ਰਿਪੋਰਟ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐੱਫ.ਆਈ.ਆਰ. ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਾਰੀ ਗ੍ਰਿਫ਼ਤਾਰੀ ਹੁਕਮਾਂ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਦੇ ਬਾਹਰ ਹੋਏ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਕਾਰ ਤਣਾਅ ਦੀ ਸਥਿਤੀ ਬਣੀ ਰਹੀ।
ਪ੍ਰਦਰਸ਼ਨ ਨੂੰ ਦੇਖਦਿਆਂ ਮੌਕੇ ’ਤੇ ਚੰਡੀਗੜ੍ਹ ਪੁਲਿਸ ਦੇ ਵੱਡੀ ਗਿਣਤੀ ਵਿੱਚ ਜਵਾਨ ਤਾਇਨਾਤ ਕੀਤੇ ਗਏ ਸਨ। ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੇ ਆਗੂਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।
ਡਾ. ਰਾਜਕੁਮਾਰ ਵੇਰਕਾ ਨੇ ਸੰਭਾਲੀ ਪ੍ਰਦਰਸ਼ਨ ਦੀ ਕਮਾਨ
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਡਾ. ਰਾਜਕੁਮਾਰ ਵੇਰਕਾ ਨੇ ਕੀਤੀ। ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਮਾਮਲੇ ਨੂੰ ਸਿਆਸੀ ਬਦਲਾਖੋਰੀ ਦੱਸਦਿਆਂ ਇਸ ਦਾ ਵਿਰੋਧ ਕੀਤਾ।
ਇਸ ਦੌਰਾਨ ਉਤਰਾਖੰਡ ਦੇ ਹਲਦਵਾਨੀ ਵਿੱਚ ਸਾਹਮਣੇ ਆਏ ਕਥਿਤ ‘ਸ਼ੁੱਧੀਕਰਨ’ ਮਾਮਲੇ ਨੂੰ ਲੈ ਕੇ ਹੋਈ ਕਾਰਵਾਈ ’ਤੇ ਵੀ ਕਾਂਗਰਸ ਨੇ ਸਵਾਲ ਚੁੱਕੇ। ਇਸ ਦੇ ਨਾਲ ਹੀ ਰਾਜਾ ਵੜਿੰਗ ਖ਼ਿਲਾਫ਼ ਜਾਰੀ ਗ੍ਰਿਫ਼ਤਾਰੀ ਹੁਕਮਾਂ ਨੂੰ ਵਾਪਸ ਲੈਣ ਦੀ ਮੰਗ ਵੀ ਉਠਾਈ ਗਈ।
ਪੁਲਿਸ ਨੇ ਵੇਰਕਾ ਸਮੇਤ ਕਈ ਸਮਰਥਕਾਂ ਨੂੰ ਹਿਰਾਸਤ ’ਚ ਲਿਆ
ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਖਿੱਚੋਤਾਣ ਦੀ ਸਥਿਤੀ ਬਣ ਗਈ। ਇਸ ਤੋਂ ਬਾਅਦ ਪੁਲਿਸ ਨੇ ਡਾ. ਰਾਜਕੁਮਾਰ ਵੇਰਕਾ ਸਮੇਤ ਕੁਝ ਕਾਂਗਰਸੀ ਸਮਰਥਕਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਪੁਲਿਸ ਹਿਰਾਸਤ ਵਿੱਚ ਲਏ ਗਏ ਆਗੂਆਂ ਅਤੇ ਵਰਕਰਾਂ ਨੂੰ ਸੈਕਟਰ-11 ਥਾਣੇ ਲੈ ਗਈ। ਕਰੀਬ ਅੱਧੇ ਘੰਟੇ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਹਿਰਾਸਤ ਤੋਂ ਬਾਅਦ ਡਾ. ਵੇਰਕਾ ਨੇ ਅਨੁਸੂਚਿਤ ਜਾਤੀ ਕਮਿਸ਼ਨ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਕਮਿਸ਼ਨ ਬੰਧੂਆ ਮਜ਼ਦੂਰਾਂ ਵਾਂਗ ਕੰਮ ਕਰ ਰਿਹਾ ਹੈ।
ਵੜਿੰਗ ਖ਼ਿਲਾਫ਼ ਹੁਕਮਾਂ ਨੂੰ ਲੈ ਕੇ ਕਾਂਗਰਸ ਨੇ ਚੁੱਕੇ ਸਵਾਲ
ਡਾ. ਵੇਰਕਾ ਨੇ ਰਾਜਾ ਵੜਿੰਗ ਖ਼ਿਲਾਫ਼ ਜਾਰੀ ਗ੍ਰਿਫ਼ਤਾਰੀ ਹੁਕਮਾਂ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਮਾਮਲਾ ਪਹਿਲਾਂ ਹੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਤਾਂ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਇਸ ਤਰ੍ਹਾਂ ਦੇ ਹੁਕਮ ਜਾਰੀ ਕਰਨ ’ਤੇ ਸਵਾਲ ਉੱਠਦੇ ਹਨ।
ਪ੍ਰਦਰਸ਼ਨ ਕਾਰਨ ਆਵਾਜਾਈ ਵੀ ਰਹੀ ਪ੍ਰਭਾਵਿਤ
ਕਾਂਗਰਸ ਦੇ ਪ੍ਰਦਰਸ਼ਨ ਦਾ ਅਸਰ ਚੰਡੀਗੜ੍ਹ ਦੀ ਆਵਾਜਾਈ ’ਤੇ ਵੀ ਪਿਆ। ਮੱਧ ਮਾਰਗ ’ਤੇ ਕਰੀਬ ਇੱਕ ਘੰਟੇ ਤੱਕ ਟ੍ਰੈਫਿਕ ਪ੍ਰਭਾਵਿਤ ਰਿਹਾ ਅਤੇ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਮਾਰਗ ਨੂੰ ਕੁਝ ਸਮੇਂ ਵਾਸਤੇ ਬੰਦ ਕਰਨਾ ਪਿਆ।
ਬਾਅਦ ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਉੱਥੋਂ ਹਟਾਇਆ, ਜਿਸ ਤੋਂ ਬਾਅਦ ਆਵਾਜਾਈ ਵਿਵਸਥਾ ਨੂੰ ਮੁੜ ਬਹਾਲ ਕਰ ਦਿੱਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/
