AI ਬਣਾਈ ਵੀਡੀਓ ‘ਚ ਸ੍ਰੀ ਦਰਬਾਰ ਸਾਹਿਬ ਦੀ ਅਪਮਾਨਜਨਕ ਦਿਖਾਵਟ, ਸਿੱਖ ਭਾਈਚਾਰੇ ‘ਚ ਗੁੱਸਾ ਚਰਮ ‘ਤੇ
ਇਸ ਵੀਡੀਓ ਵਿੱਚ ਇੱਕ ਵਿਅਕਤੀ ਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉੱਪਰ ਅਪਮਾਨਜਨਕ ਢੰਗ ਨਾਲ ਨੱਚਦਾ ਦਿਖਾਇਆ ਗਿਆ ਹੈ, ਜਦਕਿ ਕੋਲ ਖੜੇ ਕੁਝ ਲੋਕ ਤਾਲੀਆਂ ਵਜਾਉਂਦੇ ਨਜ਼ਰ ਆ ਰਹੇ ਹਨ। ਇਹ ਦ੍ਰਿਸ਼ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਤੌਰ ‘ਤੇ ਆਹਤ ਕਰਦਾ ਹੈ।

ਸ੍ਰੀ ਅੰਮ੍ਰਿਤਸਰ ਸਾਹਿਬ
ਬਿਊਰੋ ਰਿਪੋਰਟ
ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਇੱਕ ਕਥਿਤ ਆਰਟੀਫ਼ਿਸ਼ਲ ਇੰਟੈਲੀਜੈਂਸ (AI) ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਤਿੱਖੀ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ। ਇਸ ਵੀਡੀਓ ਵਿੱਚ ਇੱਕ ਵਿਅਕਤੀ ਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉੱਪਰ ਅਪਮਾਨਜਨਕ ਢੰਗ ਨਾਲ ਨੱਚਦਾ ਦਿਖਾਇਆ ਗਿਆ ਹੈ, ਜਦਕਿ ਕੋਲ ਖੜੇ ਕੁਝ ਲੋਕ ਤਾਲੀਆਂ ਵਜਾਉਂਦੇ ਨਜ਼ਰ ਆ ਰਹੇ ਹਨ। ਇਹ ਦ੍ਰਿਸ਼ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਤੌਰ ‘ਤੇ ਆਹਤ ਕਰਦਾ ਹੈ।
ਸਿੱਖ ਭਾਈਚਾਰੇ ਨੇ ਇਸ ਘਟਨਾ ਦੀ ਕੜੀ ਨਿੰਦਾ ਕਰਦੇ ਹੋਏ ਦੋਸ਼ੀਆਂ ਖਿਲਾਫ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀਆਂ ਹਰਕਤਾਂ ਨਾ ਕੇਵਲ ਧਾਰਮਿਕ ਅਸਥਾਵਾਂ ਦੀ ਬੇਅਦਬੀ ਹਨ, ਸਗੋਂ ਸਮਾਜਕ ਸਾਂਝ ਅਤੇ ਅਮਨ-ਚੈਨ ਨੂੰ ਵੀ ਨੁਕਸਾਨ ਪਹੁੰਚਾ ਸਕਦੀਆਂ ਹਨ। ਸੋਸ਼ਲ ਮੀਡੀਆ ‘ਤੇ ਵੀ ਇਸ ਮਾਮਲੇ ਨੂੰ ਲੈ ਕੇ ਭਾਰੀ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਜਾਂਚ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। SGPC ਦੇ ਵਕੀਲ ਅਮਨਬੀਰ ਸਿੰਘ ਸਿਆਲੀ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਇਹ ਸਿੱਖ ਧਰਮ ਦੀ ਮਰਯਾਦਾ ਦੇ ਵਿਰੁੱਧ ਹੈ।
ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਇਸ ਘਟਨਾ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਖਿਲਾਫ ਕਾਨੂੰਨੀ ਤੌਰ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕਿ ਵੀਡੀਓ ਦੀ ਸੱਚਾਈ ਦੀ ਪੂਰੀ ਜਾਂਚ ਕਰਕੇ ਦੋਸ਼ੀਆਂ ਦੀ ਪਹਿਚਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ।
ਸਿੱਖ ਸੰਗਤ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਨਿੰਦਣਯੋਗ ਕਰਤੂਤ ਕਰਨ ਦੀ ਹਿੰਮਤ ਨਾ ਕਰੇ।
