BSF ਚੌਕ ਧਮਾਕਾ ਕੇਸ ‘ਚ ਵੱਡੀ ਕਾਮਯਾਬੀ, ਜਮਸ਼ੇਰ ਤੋਂ ਸ਼ੱਕੀ ਗ੍ਰਿਫ਼ਤਾਰ; ISI ਕਨੈਕਸ਼ਨ ਆਇਆ ਸਾਹਮਣੇ

BSF ਚੌਕ ਧਮਾਕਾ ਕੇਸ ‘ਚ ਵੱਡੀ ਕਾਮਯਾਬੀ, ਜਮਸ਼ੇਰ ਤੋਂ ਸ਼ੱਕੀ ਗ੍ਰਿਫ਼ਤਾਰ; ISI ਕਨੈਕਸ਼ਨ ਆਇਆ ਸਾਹਮਣੇ

ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ, ਜੋ ਨਵਾਂਸ਼ਹਿਰ ਦੇ ਬੰਗਾ ਇਲਾਕੇ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਉਸ ਨੂੰ ਆਰਮੀ ਦੇ ਸੰਵੇਦਨਸ਼ੀਲ ਟਿਕਾਣੇ ਨੇੜੇ ਤੋਂ ਗ੍ਰਿਫ਼ਤਾਰ ਕੀਤਾ ਗਿਆ

ਜਲੰਧਰ

ਬਿਊਰੋ ਰਿਪੋਰਟ

ਜਲੰਧਰ ਦੇ BSF ਚੌਕ ਨੇੜੇ ਹੋਏ ਸਕੂਟੀ ਧਮਾਕੇ ਦੇ ਮਾਮਲੇ ਵਿੱਚ ਸੁਰੱਖਿਆ ਏਜੰਸੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਏਜੰਸੀਆਂ ਨੇ ਜਲੰਧਰ ਦੇ ਜਮਸ਼ੇਰ ਇਲਾਕੇ ਵਿੱਚ ਛਾਪੇਮਾਰੀ ਕਰਕੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ। ਸੂਤਰਾਂ ਅਨੁਸਾਰ ਕਾਰਵਾਈ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਹੈਂਡ ਗ੍ਰਨੇਡ ਅਤੇ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਵੀ ਬਰਾਮਦ ਕੀਤੇ ਗਏ ਹਨ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਮੁਲਜ਼ਮ ਦੀ ਕੋਈ ਫੋਟੋ ਜਾਂ ਵੀਡੀਓ ਜਨਤਕ ਨਹੀਂ ਕੀਤੀ ਗਈ।

ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ, ਜੋ ਨਵਾਂਸ਼ਹਿਰ ਦੇ ਬੰਗਾ ਇਲਾਕੇ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਉਸ ਨੂੰ ਆਰਮੀ ਦੇ ਸੰਵੇਦਨਸ਼ੀਲ ਟਿਕਾਣੇ ਨੇੜੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜਾਂਚ ਏਜੰਸੀਆਂ ਦਾ ਦਾਅਵਾ ਹੈ ਕਿ ਦਵਿੰਦਰ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਉਸ ਨੂੰ ਧਮਾਕਿਆਂ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਲਈ ਭੇਜਿਆ ਗਿਆ ਸੀ।

ਪੁੱਛਗਿੱਛ ਦੌਰਾਨ ਦਵਿੰਦਰ ਨੇ ਮੰਨਿਆ ਕਿ ਉਸ ਤੱਕ ਡਰੋਨ ਰਾਹੀਂ ਵਿਸਫੋਟਕ ਸਮੱਗਰੀ ਅਤੇ ਹੈਂਡ ਗ੍ਰਨੇਡ ਪਹੁੰਚਾਏ ਗਏ ਸਨ। ਹਾਲਾਂਕਿ ਉਹ ਇਹ ਕਹਿ ਰਿਹਾ ਹੈ ਕਿ ਉਸ ਦੀ ਭੂਮਿਕਾ ਸਿਰਫ਼ ਸਮਾਨ ਪ੍ਰਾਪਤ ਕਰਨ ਤੱਕ ਸੀਮਿਤ ਸੀ ਅਤੇ ਉਸ ਨੂੰ ਕਿਸੇ ਟਾਰਗੇਟ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਸੀ।

ਪੁਰਾਣੇ ਧਮਾਕਿਆਂ ਨਾਲ ਵੀ ਜੁੜ ਸਕਦੇ ਹਨ ਤਾਰ

ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਮੁਲਜ਼ਮ ਕਈ ਮਹੱਤਵਪੂਰਨ ਜਾਣਕਾਰੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਫਗਵਾੜਾ ਬੱਸ ਸਟੈਂਡ ਨੇੜੇ ਫਰਵਰੀ ਮਹੀਨੇ ਵਿੱਚ ਹੋਏ ਧਮਾਕੇ ਨਾਲ ਵੀ ਜੁੜਿਆ ਹੋ ਸਕਦਾ ਹੈ। ਇਸ ਤੋਂ ਇਲਾਵਾ 1 ਅਪ੍ਰੈਲ ਨੂੰ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ‘ਤੇ ਹੋਏ ਹਮਲੇ ਵਿੱਚ ਵਰਤੇ ਗਏ ਹੈਂਡ ਗ੍ਰਨੇਡ ਦੀ ਸਪਲਾਈ ਵਿੱਚ ਵੀ ਉਸ ਦੀ ਭੂਮਿਕਾ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

ਸ਼ੁਰੂਆਤੀ ਜਾਂਚ ਵਿੱਚ ਦਵਿੰਦਰ ਸਿੰਘ ਦੇ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਹੈਂਡਲਰਾਂ ਨਾਲ ਸੰਪਰਕਾਂ ਦੇ ਸਬੂਤ ਵੀ ਮਿਲੇ ਹਨ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਦਿੱਲੀ ਤੋਂ ਵੀ ਇੱਕ ਹੋਰ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *