CBI ਅਦਾਲਤ ਨੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਅਤੇ ਕ੍ਰਿਸ਼ਾਨੂੰ ਸ਼ਾਰਦਾ ਖ਼ਿਲਾਫ਼ ਰਿਸ਼ਵਤ ਮਾਮਲੇ ਵਿੱਚ ਦੋਸ਼ ਤੈਅ ਕੀਤੇ
ਚੰਡੀਗੜ੍ਹ ਦੀ ਸੀਬੀਆਈ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਕਥਿਤ ਸਾਥੀ ਕ੍ਰਿਸ਼ਾਨੂੰ ਸ਼ਾਰਦਾ ਖ਼ਿਲਾਫ਼ ਰਿਸ਼ਵਤਖੋਰੀ ਨਾਲ ਸਬੰਧਤ ਮਾਮਲੇ ਵਿੱਚ ਰਸਮੀ ਤੌਰ ‘ਤੇ ਦੋਸ਼ ਤੈਅ ਕਰ ਦਿੱਤੇ ਹਨ।

ਚੰਡੀਗੜ੍ਹ
ਬਿਊਰੋ ਰਿਪੋਰਟ
ਚੰਡੀਗੜ੍ਹ ਦੀ ਸੀਬੀਆਈ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਕਥਿਤ ਸਾਥੀ ਕ੍ਰਿਸ਼ਾਨੂੰ ਸ਼ਾਰਦਾ ਖ਼ਿਲਾਫ਼ ਰਿਸ਼ਵਤਖੋਰੀ ਨਾਲ ਸਬੰਧਤ ਮਾਮਲੇ ਵਿੱਚ ਰਸਮੀ ਤੌਰ ‘ਤੇ ਦੋਸ਼ ਤੈਅ ਕਰ ਦਿੱਤੇ ਹਨ। ਇਹ ਕੇਸ ਪਿਛਲੇ ਸਾਲ ਸੀਬੀਆਈ ਵੱਲੋਂ ਦਰਜ ਕੀਤਾ ਗਿਆ ਸੀ।
ਸਰਹਿੰਦ ਥਾਣੇ ਦੇ ਕੇਸ ਵਿੱਚ ਮਦਦ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼
ਇਹ ਮਾਮਲਾ ਆਕਾਸ਼ ਬੱਟਾ ਨਾਂ ਦੇ ਵਿਅਕਤੀ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਸੀ। ਸ਼ਿਕਾਇਤ ਮੁਤਾਬਕ, ਉਸ ਵੇਲੇ ਰੋਪੜ ਰੇਂਜ ਦੇ ਡੀਆਈਜੀ ਵਜੋਂ ਤਾਇਨਾਤ ਹਰਚਰਨ ਸਿੰਘ ਭੁੱਲਰ ਨੇ ਸਰਹਿੰਦ ਥਾਣੇ ਵਿੱਚ ਦਰਜ ਇੱਕ ਐੱਫਆਈਆਰ ਵਿੱਚ ਮਦਦ ਕਰਨ ਅਤੇ ਸ਼ਿਕਾਇਤਕਰਤਾ ਦੇ ਕਾਰੋਬਾਰ ਖ਼ਿਲਾਫ਼ ਸਖ਼ਤ ਕਾਰਵਾਈ ਰੋਕਣ ਦੇ ਬਦਲੇ ਆਪਣੇ ਕਥਿਤ ਵਿਚੋਲੇ ਕ੍ਰਿਸ਼ਾਨੂੰ ਸ਼ਾਰਦਾ ਰਾਹੀਂ ਨਾਜਾਇਜ਼ ਰਕਮ ਦੀ ਮੰਗ ਕੀਤੀ ਸੀ।
ਸ਼ਿਕਾਇਤ ਮਿਲਣ ਤੋਂ ਬਾਅਦ ਸੀਬੀਆਈ ਨੇ ਟ੍ਰੈਪ ਲਗਾਇਆ ਅਤੇ 16 ਅਕਤੂਬਰ 2025 ਨੂੰ ਕ੍ਰਿਸ਼ਾਨੂੰ ਸ਼ਾਰਦਾ ਨੂੰ ਸ਼ਿਕਾਇਤਕਰਤਾ ਤੋਂ 5 ਲੱਖ ਰੁਪਏ ਦੀ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਤੁਰੰਤ ਬਾਅਦ ਹਰਚਰਨ ਸਿੰਘ ਭੁੱਲਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਜਾਂਚ ਪੂਰੀ ਹੋਣ ਉਪਰੰਤ ਦਸੰਬਰ 2025 ਵਿੱਚ ਬੀਐਨਐੱਸਐੱਸ (BNSS) ਦੀ ਧਾਰਾ 193 ਤਹਿਤ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕੀਤੀ ਗਈ ਸੀ।
23 ਜੁਲਾਈ ਤੋਂ ਟਰਾਇਲ ਦੀ ਕਾਰਵਾਈ ਹੋਵੇਗੀ ਸ਼ੁਰੂ
ਅਦਾਲਤ ਵਿੱਚ ਸੁਣਵਾਈ ਦੌਰਾਨ ਬਚਾਅ ਪੱਖ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰਨ ਅਤੇ ਜਾਂਚ ਕਰਨ ਦਾ ਅਧਿਕਾਰ ਸੀਬੀਆਈ ਕੋਲ ਨਹੀਂ ਸੀ। ਇਸ ਦੇ ਉਲਟ ਸੀਬੀਆਈ ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕਰਨ ਲਈ ਅਦਾਲਤ ਅੱਗੇ ਆਪਣੀਆਂ ਦਲੀਲਾਂ ਰੱਖੀਆਂ। ਦੋਵੇਂ ਪੱਖਾਂ ਨੂੰ ਸੁਣਨ ਤੋਂ ਬਾਅਦ ਵਿਸ਼ੇਸ਼ ਸੀਬੀਆਈ ਜੱਜ ਨੇ ਹਰਚਰਨ ਸਿੰਘ ਭੁੱਲਰ ਅਤੇ ਕ੍ਰਿਸ਼ਾਨੂੰ ਸ਼ਾਰਦਾ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 61(2) ਅਤੇ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀਆਂ ਧਾਰਾਵਾਂ 7 ਅਤੇ 12 ਤਹਿਤ ਦੋਸ਼ ਤੈਅ ਕਰ ਦਿੱਤੇ। ਹੁਣ ਇਸ ਮਾਮਲੇ ਦੀ ਟਰਾਇਲ 23 ਜੁਲਾਈ 2026 ਤੋਂ ਸ਼ੁਰੂ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
