PM ਮੋਦੀ ਦਾ ਵੀਡੀਓ ਹਟਾਉਣ ‘ਤੇ ਵਧਿਆ ਵਿਵਾਦ, ਸੰਸਦੀ ਕਮੇਟੀ ਨੇ ਮਾਰਕ ਜ਼ੁਕਰਬਰਗ ਨੂੰ 3 ਦਿਨਾਂ ਦਾ ਦਿੱਤਾ ਅਲਟੀਮੇਟਮ

PM ਮੋਦੀ ਦਾ ਵੀਡੀਓ ਹਟਾਉਣ ‘ਤੇ ਵਧਿਆ ਵਿਵਾਦ, ਸੰਸਦੀ ਕਮੇਟੀ ਨੇ ਮਾਰਕ ਜ਼ੁਕਰਬਰਗ ਨੂੰ 3 ਦਿਨਾਂ ਦਾ ਦਿੱਤਾ ਅਲਟੀਮੇਟਮ

ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜ਼ੁਕਰਬਰਗ ਤੈਅ ਸਮੇਂ ਅੰਦਰ ਮੁਆਫ਼ੀ ਨਹੀਂ ਮੰਗਦੇ ਤਾਂ ਸੂਚਨਾ ਤਕਨਾਲੋਜੀ ਐਕਟ ਤਹਿਤ ਕੰਪਨੀ ਨੂੰ ਮਿਲੀ ‘ਸੇਫ ਹਾਰਬਰ’ ਸੁਰੱਖਿਆ ਵਾਪਸ ਲੈਣ ਦੀ ਸਿਫ਼ਾਰਸ਼ ਕੀਤੀ ਜਾ ਸਕਦੀ ਹੈ।

ਨਵੀਂ ਦਿੱਲੀ

ਬਿਊਰੋ ਰਿਪੋਰਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕ ਵੀਡੀਓ ਕੁਝ ਸਮੇਂ ਲਈ ਫੇਸਬੁੱਕ ਤੋਂ ਹਟਾਏ ਜਾਣ ਦੇ ਮਾਮਲੇ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਇਸ ਘਟਨਾ ਨੂੰ ਗੰਭੀਰ ਮੰਨਦਿਆਂ ਸੰਸਦ ਦੀ ਇੱਕ ਸਥਾਈ ਕਮੇਟੀ ਨੇ ਮੈਟਾ ਦੇ ਸੀਈਓ ਮਾਰਕ ਜ਼ੁਕਰਬਰਗ ਨੂੰ ਤਿੰਨ ਦਿਨਾਂ ਦੇ ਅੰਦਰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ ਹੈ।

ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜ਼ੁਕਰਬਰਗ ਤੈਅ ਸਮੇਂ ਅੰਦਰ ਮੁਆਫ਼ੀ ਨਹੀਂ ਮੰਗਦੇ ਤਾਂ ਸੂਚਨਾ ਤਕਨਾਲੋਜੀ ਐਕਟ ਤਹਿਤ ਕੰਪਨੀ ਨੂੰ ਮਿਲੀ ‘ਸੇਫ ਹਾਰਬਰ’ ਸੁਰੱਖਿਆ ਵਾਪਸ ਲੈਣ ਦੀ ਸਿਫ਼ਾਰਸ਼ ਕੀਤੀ ਜਾ ਸਕਦੀ ਹੈ। ਇਸ ਸਬੰਧੀ ਕਮੇਟੀ ਦੇ ਚੇਅਰਮੈਨ ਨਿਸ਼ੀਕਾਂਤ ਦੂਬੇ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਸਕੱਤਰ ਐਸ. ਕ੍ਰਿਸ਼ਨਨ ਨੂੰ ਇੱਕ ਪੱਤਰ ਵੀ ਲਿਖਿਆ ਹੈ।

ਤਿੰਨ ਦਿਨਾਂ ਅੰਦਰ ਬਿਨਾਂ ਸ਼ਰਤ ਮੁਆਫ਼ੀ ਦੀ ਮੰਗ

ਕਮੇਟੀ ਵੱਲੋਂ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਉਹ ਵੀਡੀਓ, ਜਿਸ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਜਨਰੇਸ਼ਨ ਜ਼ੈੱਡ ਨੂੰ ਸੰਬੋਧਨ ਕੀਤਾ ਸੀ, ਫੇਸਬੁੱਕ ਤੋਂ ਕਰੀਬ 5 ਤੋਂ 6 ਘੰਟਿਆਂ ਲਈ ਹਟਾ ਦਿੱਤਾ ਗਿਆ ਸੀ। ਕਮੇਟੀ ਨੇ ਇਸ ਮਾਮਲੇ ਨੂੰ ਬਹੁਤ ਗੰਭੀਰ ਦੱਸਦਿਆਂ ਕਿਹਾ ਕਿ ਪੱਤਰ ਮਿਲਣ ਤੋਂ ਤਿੰਨ ਦਿਨਾਂ ਦੇ ਅੰਦਰ ਮਾਰਕ ਜ਼ੁਕਰਬਰਗ ਨੂੰ ਬਿਨਾਂ ਕਿਸੇ ਸ਼ਰਤ ਦੇ ਮੁਆਫ਼ੀ ਮੰਗਣੀ ਚਾਹੀਦੀ ਹੈ।

ਨਿਸ਼ੀਕਾਂਤ ਦੂਬੇ ਨੇ ਦੋਸ਼ ਲਾਇਆ ਕਿ ਕੁਝ ਸੋਸ਼ਲ ਮੀਡੀਆ ਪਲੇਟਫਾਰਮ ਸਰਕਾਰ ਵਿਰੋਧੀ ਅਤੇ ਲੋਕਤੰਤਰ ਵਿਰੋਧੀ ਸਮੱਗਰੀ ਨੂੰ ਉਤਸ਼ਾਹਿਤ ਕਰ ਰਹੇ ਹਨ, ਜਦਕਿ ਔਰਤਾਂ ਅਤੇ ਬੱਚਿਆਂ ਨਾਲ ਜੁੜੀ ਗੈਰ-ਕਾਨੂੰਨੀ ਸਮੱਗਰੀ ਨੂੰ ਰੋਕਣ ਵਿੱਚ ਅਸਫਲ ਸਾਬਤ ਹੋ ਰਹੇ ਹਨ।

‘ਸੇਫ ਹਾਰਬਰ’ ਸੁਰੱਖਿਆ ਖਤਮ ਕਰਨ ਦੀ ਸਿਫ਼ਾਰਸ਼

ਉਨ੍ਹਾਂ ਕਿਹਾ ਕਿ ਕਮੇਟੀ ਨੇ ਸਰਬਸੰਮਤੀ ਨਾਲ ਇਹ ਸਿਫ਼ਾਰਸ਼ ਕੀਤੀ ਹੈ ਕਿ ਜੇਕਰ ਸੋਸ਼ਲ ਮੀਡੀਆ ਕੰਪਨੀਆਂ ਭਾਰਤੀ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਵਿੱਚ ਨਾਕਾਮ ਰਹਿੰਦੀਆਂ ਹਨ ਤਾਂ ਉਨ੍ਹਾਂ ਨੂੰ ਮਿਲੀ ‘ਸੇਫ ਹਾਰਬਰ’ ਸੁਰੱਖਿਆ ਰੱਦ ਕਰ ਦਿੱਤੀ ਜਾਵੇ।

ਇੱਕ ਹੋਰ ਮਾਮਲੇ ਵਿੱਚ ਕਮੇਟੀ ਨੇ ਭਾਰਤ ਸਰਕਾਰ ਨੂੰ ਸਾਈਬਰ ਧੋਖਾਧੜੀ ਨਾਲ ਜੁੜੇ ਕੇਸ ਵਿੱਚ ਹੈਦਰਾਬਾਦ ਪੁਲਿਸ ਦੀ ਕਾਰਵਾਈ ਤੋਂ ਬਾਅਦ ਗੂਗਲ ਇੰਡੀਆ ਦੇ ਮੁਖੀ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਸਿਫ਼ਾਰਸ਼ ਕੀਤੀ ਹੈ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/

Leave a Reply

Your email address will not be published. Required fields are marked *