Punjab ‘ਚ ਗਰਮੀ ਦਾ ਕਹਿਰ ਬਰਕਰਾਰ, 42 ਡਿਗਰੀ ਤੋਂ ਪਾਰ ਗਿਆ ਤਾਪਮਾਨ; ਅੱਜ ਤੋਂ ਮੌਸਮ ਲਏਗਾ ਕਰਵਟ, ਕਈ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ

Punjab ‘ਚ ਗਰਮੀ ਦਾ ਕਹਿਰ ਬਰਕਰਾਰ, 42 ਡਿਗਰੀ ਤੋਂ ਪਾਰ ਗਿਆ ਤਾਪਮਾਨ; ਅੱਜ ਤੋਂ ਮੌਸਮ ਲਏਗਾ ਕਰਵਟ, ਕਈ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਵਿੱਚ ਇੱਕ ਵਾਰ ਫਿਰ ਤਿੱਖੀ ਗਰਮੀ ਨੇ ਲੋਕਾਂ ਦੀ ਪਰੇਸ਼ਾਨੀ ਵਧਾ ਦਿੱਤੀ ਹੈ। ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਤਾਪਮਾਨ ਲਗਾਤਾਰ ਚੜ੍ਹਦਾ ਜਾ ਰਿਹਾ ਹੈ ਅਤੇ ਐਤਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਫਰੀਦਕੋਟ ਸਭ ਤੋਂ ਗਰਮ ਇਲਾਕਾ ਦਰਜ ਕੀਤਾ ਗਿਆ। ਹਾਲਾਂਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਕੁਝ ਰਾਹਤ ਮਿਲਣ ਦੀ ਉਮੀਦ ਜਤਾਈ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਅੱਜ ਤੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ।

ਮੌਸਮ ਵਿਭਾਗ ਦੇ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਧੂੜ ਭਰੀਆਂ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਬਣੀ ਰਹੇਗੀ। ਹਾਲਾਤਾਂ ਨੂੰ ਦੇਖਦਿਆਂ ਕਈ ਜ਼ਿਲ੍ਹਿਆਂ ਲਈ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਐਤਵਾਰ ਨੂੰ ਫਰੀਦਕੋਟ ਵਿੱਚ ਸਭ ਤੋਂ ਵੱਧ 42.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਿਸ ਕਾਰਨ ਲੋਕਾਂ ਨੂੰ ਤਪਦੀ ਗਰਮੀ ਝੱਲਣੀ ਪਈ।

ਪੱਛਮੀ ਗੜਬੜੀ ਨਾਲ ਬਦਲੇਗਾ ਪੰਜਾਬ ਦਾ ਮੌਸਮ

ਮੌਸਮ ਕੇਂਦਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 11 ਮਈ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦਾ ਅਸਰ ਪੰਜਾਬ ਦੇ ਕਈ ਇਲਾਕਿਆਂ ਵਿੱਚ ਵੇਖਣ ਨੂੰ ਮਿਲੇਗਾ। ਇਸ ਦੌਰਾਨ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਹਲਕੀ ਬਾਰਿਸ਼ ਵੀ ਹੋ ਸਕਦੀ ਹੈ, ਜਿਸ ਨਾਲ ਤਾਪਮਾਨ ਵਿੱਚ ਹਲਕੀ ਕਮੀ ਆਉਣ ਦੀ ਉਮੀਦ ਹੈ।

ਜਾਣੋ ਕਿਹੜੇ ਦਿਨ ਕਿਹੜੇ ਜ਼ਿਲ੍ਹਿਆਂ ਵਿੱਚ ਰਹੇਗਾ ਅਲਰਟ

11 ਮਈ – ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਲੁਧਿਆਣਾ, ਸੰਗਰੂਰ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਬਦਲਦੇ ਮੌਸਮ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

12 ਮਈ – ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਹੁਸ਼ਿਆਰਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਤੂਫ਼ਾਨੀ ਹਵਾਵਾਂ ਅਤੇ ਗਰਜ-ਚਮਕ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ।

13 ਮਈ – ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਰਹੇਗਾ ਅਤੇ ਮੌਸਮ ਵਿੱਚ ਅਚਾਨਕ ਬਦਲਾਅ ਦੇ ਆਸਾਰ ਹਨ।

14 ਮਈ – ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਖਰਾਬ ਮੌਸਮ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜ ਪੈਣ ’ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *